ਸਿੰਧੀ ਸਮਾਜ ਸਿੱਖ ਧਰਮ ਦਾ ਅਨਿੱਖੜਵਾਂ ਅੰਗ: ਜਥੇਦਾਰ

ਸਿੰਧੀ ਸਮਾਜ ਸਿੱਖ ਧਰਮ ਦਾ ਅਨਿੱਖੜਵਾਂ ਅੰਗ: ਜਥੇਦਾਰ

ਅੰਮ੍ਰਿਤਸਰ- ਇੰਦੌਰ ਵਿੱਚ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੰਧੀ ਸਮਾਜ ਸਿੱਖ ਧਰਮ ਦਾ ਅਨਿੱਖੜਵਾਂ ਅੰਗ ਹੈ ਅਤੇ ਇਸ ਦਾ ਸਿੱਖ ਕੌਮ ਵਿੱਚ ਵੱਡਾ ਸਤਿਕਾਰ ਹੈ। ਇਹ ਗੁਰਮਤਿ ਸਮਾਗਮ ਸ਼੍ਰੋਮਣੀ ਕਮੇਟੀ ਵੱਲੋਂ ਇੰਦੌਰ ਵਿੱਚ ਅੰਮ੍ਰਿਤ ਵੇਲਾ ਟਰੱਸਟ ਦੇ ਸਹਿਯੋਗ ਨਾਲ ਕਰਵਾਇਆ ਗਿਆ। ਗੁਰਦੁਆਰਾ ਖ਼ਾਲਸਾ ਬਾਗ ਇੰਦੌਰ ਵਿੱਚ ਕਰਵਾਏ ਗਏ ਇਸ ਗੁਰਮਤਿ ਸਮਾਗਮ ’ਚ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਭਾਈ ਰਾਜਿੰਦਰ ਸਿੰਘ ਮਹਿਤਾ ਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਜ਼ਿਕਰਯੋਗ ਹੈ ਕਿ ਬੀਤੇ ਸਮੇਂ ਵਿੱਚ ਕੁਝ ਵਿਅਕਤੀਆਂ ਵੱਲੋਂ ਸਿੰਧੀ ਭਾਈਚਾਰੇ ਦੇ ਘਰਾਂ ਅਤੇ ਧਾਰਮਿਕ ਅਸਥਾਨਾਂ ’ਚੋਂ ਪਾਵਨ ਸਰੂਪ ਜਬਰੀ ਚੁੱਕ ਲੲੇ ਗਏ ਸਨ ਤੇ ਇਹ ਮੁੱਦਾ ਦੋਵਾਂ ਫਿਰਕਿਆਂ ਵਿਚਾਲੇ ਆਪਸੀ ਦੂਰੀ ਦਾ ਕਾਰਨ ਬਣਿਆ ਸੀ। ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੰਧੀ ਸਮਾਜ ਸਿੱਖ ਧਰਮ ਦਾ ਅਨਿੱਖੜਵਾਂ ਅੰਗ ਹੈ। ਇਸ ਦਾ ਸਿੱਖ ਕੌਮ ਵਿੱਚ ਵੱਡਾ ਸਤਿਕਾਰ ਹੈ ਅਤੇ ਹਮੇਸ਼ਾ ਬਣਿਆ ਰਹੇਗਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਬਾਣੀ ਸਰਬ-ਸਾਂਝੀਵਾਲਤਾ ਦਾ ਉਪਦੇਸ਼ ਦਿੰਦੀ ਹੈ ਪਰ ਕੁਝ ਲੋਕਾਂ ਵੱਲੋਂ ਸਿੰਧੀ ਤੇ ਸਿੱਖ ਸਮਾਜ ਵਿਚ ਵਖਰੇਵੇਂ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਭਾਈ ਰਾਜਿੰਦਰ ਸਿੰਘ ਮਹਿਤਾ ਤੇ ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੰਧੀ ਸਮਾਜ ਨੂੰ ਸਿੱਖ ਧਰਮ ਨਾਲ ਜੋੜੀ ਰੱਖਣ ਲਈ ਅਜਿਹੇ ਸਮਾਗਮ ਕਰਵਾਉਂਦੀ ਰਹੇਗੀ। ਸਮਾਗਮ ਵਿੱਚ ਭਾਈ ਗੁਰਪ੍ਰੀਤ ਸਿੰਘ (ਰਿੰਕੂ ਵੀਰ) ਨੇ ਕੀਰਤਨ ਰਾਹੀਂ ਹਾਜ਼ਰੀ ਭਰਦਿਆਂ ਸੰਗਤ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ।