ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ: ਇਨਸਾਫ਼ ਲਈ ਲੜਾਈ ਜਾਰੀ ਰੱਖਣ ਦਾ ਅਹਿਦ

ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ: ਇਨਸਾਫ਼ ਲਈ ਲੜਾਈ ਜਾਰੀ ਰੱਖਣ ਦਾ ਅਹਿਦ

ਸਿੱਧੂ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਬੰਦ ਕੀਤੀਆਂ ਜਾਣ: ਚਰਨ ਕੌਰ; ਪ੍ਰਸ਼ੰਸਕਾਂ ਨੇ ਮੋਮਬੱਤੀ ਮਾਰਚ ਕੱਢਿਆ
ਮਾਨਸਾ- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਮੌਕੇ ਗਾਇਕ ਦੇ ਮਾਪਿਆਂ ਨੇ ਕਿਹਾ ਕਿ ਉਹ ਇਨਸਾਫ਼ ਲਈ ਲੜਦੇ ਰਹਿਣਗੇ। ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਗੈਂਗਸਟਰਾਂ ਨਾਲ ਸਬੰਧ ਬਣਾ ਕੇ ਸਿੱਧੂ ਮੂਸੇਵਾਲਾ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਬੰਦ ਕੀਤੀਆਂ ਜਾਣ। ਜ਼ਿਕਰਯੋਗ ਹੈ ਕਿ ਪਿਛਲੇ ਸਾਲ 29 ਮਈ ਨੂੰ ਲਾਰੈਂਸ ਬਿਸ਼ਨੋਈ ਗੈਂਗ ਦੇ ਛੇ ਸ਼ੂਟਰਾਂ ਨੇ ਮਾਨਸਾ ਨੇੜਲੇ ਪਿੰਡ ਜਵਾਹਰਕੇ ਵਿੱਚ ਗੋਲੀਆਂ ਮਾਰ ਕੇ ਸਿੱਧੂ ਮੂਸੇਵਾਲਾ ਦੀ ਹੱਤਿਆ ਕਰ ਦਿੱਤੀ ਸੀ।

ਅੱਜ ਪਹਿਲੀ ਬਰਸੀ ਮੌਕੇ ਮਾਤਾ ਚਰਨ ਕੌਰ ਆਪਣੇ ਪੁੱਤ ਦੇ ਪ੍ਰਸ਼ੰਸਕਾਂ ਨੂੰ ਭਰੇ ਮਨ ਨਾਲ ਧਰਵਾਸ ਦਿੰਦੇ ਰਹੇ। ਪੰਜਾਬੀ ਗਾਇਕ ਦੇ ਪਿਤਾ ਬਲਕੌਰ ਸਿੰਘ ਸਿੱਧੂ ਬਰਸੀ ਸਮਾਗਮਾਂ ਨੂੰ ਲੈ ਕੇ ਪਿਛਲੇ ਹਫ਼ਤੇ ਤੋਂ ਪਹਿਲਾਂ ਹੀ ਵਿਦੇਸ਼ ਗਏ ਹੋਏ ਹਨ। ਇਸ ਦੌਰਾਨ ਮੂਸੇਵਾਲਾ ਦੀ ਯਾਦ ਵਿੱਚ ਅੱਜ ਖੂਨਦਾਨ ਕੈਂਪ ਵੀ ਲਗਾਇਆ ਗਿਆ।

ਮਾਤਾ ਚਰਨ ਕੌਰ ਨੇ ਸਰਕਾਰ ’ਤੇ ਗਿਲਾ ਕਰਦਿਆਂ ਕਿਹਾ ਕਿ ਹਕੂਮਤ ਵੱਲੋਂ ਪੁੱਤ ਦੇ ਕਤਲ ਦਾ ਇਨਸਾਫ਼ ਨਹੀਂ ਦਿੱਤਾ ਗਿਆ, ਜਿਸ ਕਰਕੇ ਪਰਿਵਾਰ ਅਤੇ ਸਿੱਧੂ ਦੇ ਸ਼ੁਭਚਿੰਤਕਾਂ ਦਾ ਬੁਰਾ ਹਾਲ ਹੈ। ਉਨ੍ਹਾਂ ਕਿਹਾ ਕਿ ਪਿੰਡ ਜਵਾਹਰਕੇ ਵਿੱਚ 29 ਮਈ ਨੂੰ ਗੋਲੀਆਂ ਮਾਰ ਕੇ ਮੂਸੇਵਾਲਾ ਦਾ ਕਤਲ ਕਰਨ ਵਾਲੇ ਛੇ ਮੁਲਜ਼ਮ ਤਾਂ ਭਾੜੇ ਦੇ ਬੰਦੇ ਹਨ। ਅਸਲ ਮਾਸਟਰ ਮਾਈਂਡ ਤਾਂ ਹਾਲੇ ਵੀ ਪੁਲੀਸ ਦੀ ਗ੍ਰਿਫ਼ਤ ’ਚੋਂ ਬਾਹਰ ਹਨ।

ਪਿਤਾ ਬਲਕੌਰ ਸਿੰਘ ਸਿੱਧੂ ਨੇ ਇੱਕ ਵੀਡੀਓ ਸੰਦੇਸ਼ ਜਾਰੀ ਕਰ ਕੇ ਆਪਣੇ ਪੁੱਤਰ ਲਈ ਇਨਸਾਫ਼ ਦੀ ਮੰਗ ਕਰਨ ਵਾਲਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿੱਧੂ ਦੀ ਬਰਸੀ ’ਤੇ ਸ਼ਰਧਾਂਜਲੀ ਦੇਣ ਲਈ ਵਿਸ਼ਵ ਭਰ ਵਿੱਚ ਸਮਾਗਮ ਕੀਤੇ ਜਾ ਰਹੇ ਹਨ, ਜਿਸ ਲਈ ਉਨ੍ਹਾਂ ਨੂੰ ਵਿਦੇਸ਼ ਜਾਣਾ ਪਿਆ ਹੈ। ਉਨ੍ਹਾਂ ਕਿਹਾ ਕਿ ਹਰ ਕੋਈ ਮੂਸੇਵਾਲਾ ਦੇ ਇਨਸਾਫ਼ ਲਈ ਦੁਨੀਆ ਭਰ ’ਚ ਮੋਮਬੱਤੀ ਮਾਰਚ ਕੱਢ ਰਿਹਾ ਹੈ ਪਰ ਸਰਕਾਰ ਸੁੱਤੀ ਪਈ ਹੈ।

ਇਸੇ ਦੌਰਾਨ ਮਾਨਸਾ ਵਿੱਚ ਕੱਢੇ ਗਏ ਮੋਮਬੱਤੀ ਮਾਰਚ ਦੌਰਾਨ ਮਾਤਾ ਚਰਨ ਕੌਰ ਨੇ ਕਿਹਾ ਕਿ ਜੇ ਮੁੱਖ ਮੰਤਰੀ ਸੱਚੇ ਹਨ ਤਾਂ ਪਰਿਵਾਰ ਨਾਲ ਗੱਲਬਾਤ ਕਰਨ ਤੋਂ ਝਿਜਕ ਕਿਉਂ ਰਹੇ ਹਨ। ਸਿੱਧੂ ਮੂਸੇਵਾਲਾ ਦੇ ਤਾਇਆ ਚਮਕੌਰ ਸਿੰਘ ਸਿੱਧੂ ਨੇ ਦੱਸਿਆ ਕਿ ਸਿੱਧੂ ਮੂਸੇਵਾਲਾ ਦੇ ਹਾਲੇ 45 ਤੋਂ ਜ਼ਿਆਦਾ ਗੀਤ ਰਿਕਾਰਡ ਹੋਏ ਪਏ ਹਨ, ਜਿਨ੍ਹਾਂ ਨੂੰ ਹੌਲੀ-ਹੌਲੀ ਰਿਲੀਜ਼ ਕੀਤਾ ਜਾਵੇਗਾ। ਇਸ ਮੌਕੇ ਗਾਇਕਾ ਅਫਸਾਨਾ ਖਾਨ, ਕਾਂਗਰਸੀ ਆਗੂ ਬਿਕਰਮ ਸਿੰਘ ਮੋਫ਼ਰ, ਲੱਖਾ ਸਿਧਾਣਾ, ਰਾਜਿੰਦਰ ਸਿੰਘ ਜਵਾਹਰਕੇ, ਮਨਦੀਪ ਸਿੰਘ ਗੋਰਾ, ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ ਨੇ ਵੀ ਸੰਬੋਧਨ ਕੀਤਾ।

ਕਾਂਗਰਸ ਨੇ ਪੰਜਾਬ ਸਰਕਾਰ ਨੂੰ ਘੇਰਿਆ

ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ ਨਾ ਮਿਲਣ ’ਤੇ ਅੱਜ ਪੰਜਾਬੀ ਗਾਇਕ ਦੀ ਪਹਿਲੀ ਬਰਸੀ ਮੌਕੇ ਕਾਂਗਰਸੀ ਆਗੂਆਂ ਨੇ ਸਰਕਾਰ ਨੂੰ ਘੇਰਿਆ। ਇਸ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕੀਤਾ “ਮੈਂ ਆਪਣੇ ਬਹੁਤ ਹੀ ਪਿਆਰੇ ਦੋਸਤ ਸਿੱਧੂ ਮੂਸੇਵਾਲਾ ਨੂੰ ਉਨ੍ਹਾਂ ਦੀ ਪਹਿਲੀ ਬਰਸੀ ਮੌਕੇ ਸ਼ਰਧਾਂਜਲੀ ਭੇਟ ਕਰਦਾ ਹਾਂ। ਮੈਂ ਬਹੁਤ ਦੁਖੀ ਹਾਂ ਕਿ ਉਹ ਸਾਨੂੰ ਬਹੁਤ ਜਲਦੀ ਛੱਡ ਗਿਆ ਪਰ ਸਭ ਤੋਂ ਦੁੱਖ ਦੀ ਗੱਲ ਇਹ ਹੈ ਕਿ ਅੱਜ ਇੱਕ ਸਾਲ ਬੀਤ ਜਾਣ ਤੋਂ ਬਾਅਦ ਵੀ ਮੂਸੇਵਾਲਾ ਦੇ ਮਾਪੇ ਆਪਣੇ ਪੁੱਤਰ ਲਈ ਇਨਸਾਫ਼ ਲਈ ਤਰਸ ਰਹੇ ਹਨ।’’ ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕੀਤਾ, ‘‘ਇਹ ਬਹੁਤ ਦੁੱਖ ਦੀ ਗੱਲ ਹੈ ਕਿ ਪੰਜਾਬ ਦੀ ਨਾਕਾਮ ਸਰਕਾਰ ਆਪਣੇ ਹੀ ਪਿੰਡਾਂ ਵਿੱਚ ਉਸ ਦੀ ਸੁਰੱਖਿਆ ਯਕੀਨੀ ਨਹੀਂ ਬਣਾ ਸਕੀ ਅਤੇ ਇੱਕ ਸਾਲ ਬੀਤ ਜਾਣ ਦੇ ਬਾਵਜੂਦ ਮੂਸੇਵਾਲਾ ਦੇ ਮਾਪੇ ਆਪਣੇ ਪੁੱਤਰ ਲਈ ਇਨਸਾਫ਼ ਲਈ ਲੜ ਰਹੇ ਹਨ।’’ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਇੱਕ ਪਿਤਾ ਵੱਲੋਂ ਇਨਸਾਫ਼ ਲਈ ਕੀਤੀ ਜਾ ਰਹੀ ਪੁਕਾਰ ਦਾ ਸੂਬਾ ਸਰਕਾਰ ’ਤੇ ਕੋਈ ਅਸਰ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸਿੱਖਣ ਲਈ ਕਈ ਸਬਕ ਹਨ। ਸਰਕਾਰ ਨੂੰ ਗਲੀਚੇ ਹੇਠਾਂ ਚੀਜ਼ਾਂ ਝਾੜਣ ਦੀ ਬਜਾਏ ਮੂਸੇਵਾਲਾ ਦੇ ਪਿਤਾ ਦੇ ਦੋਸ਼ਾਂ ਅਨੁਸਾਰ ਜਾਂਚ ਕਰਨੀ ਚਾਹੀਦੀ ਹੈ।