ਹਰਿਆਣਾ ਨੇ ਪੰਜਾਬ ’ਵਰਸਿਟੀ ’ਚ ਹਿੱਸਾ ਮੰਗਿਆ

ਹਰਿਆਣਾ ਨੇ ਪੰਜਾਬ ’ਵਰਸਿਟੀ ’ਚ ਹਿੱਸਾ ਮੰਗਿਆ

ਗ੍ਰਾਂਟ ਜਾਰੀ ਕਰਨ ਸਬੰਧੀ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਰਾਜਪਾਲ ਨਾਲ ਮੀਟਿੰਗ
ਚੰਡੀਗੜ੍-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਗ੍ਰਾਂਟਾਂ ਜਾਰੀ ਕਰਨ ਦੇ ਮੁੱਦੇ ’ਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਹਰਿਆਣਾ ਨੇ ਯੂਨੀਵਰਸਿਟੀ ’ਚ ਬਣਦੀ ਹਿੱਸੇਦਾਰੀ ਦੇਣ ਦੀ ਮੰਗ ਕੀਤੀ। ਇਹ ਮੰਗ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ’ਚ ਰੱਖੀ। ਚੰਡੀਗੜ੍ਹ ਦੇ ਸੈਕਟਰ-9 ਸਥਿਤ ਯੂਟੀ ਸਕੱਤਰੇਤ ਵਿੱਚ ਹੋਈ ਮੀਟਿੰਗ ਦੌਰਾਨ ਖੱਟਰ ਨੇ ਹਰਿਆਣਾ ਦੇ ਕਾਲਜਾਂ ਨੂੰ ਵੀ ਪੰਜਾਬ ਯੂਨੀਵਰਸਿਟੀ ਤੋਂ ਮਾਨਤਾ ਦੇਣ ਦੀ ਗੱਲ ਕੀਤੀ। ਉਂਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਯੂਨੀਵਰਸਿਟੀ ’ਤੇ ਸੂਬੇ ਦੇ ਹੱਕ ਬਾਰੇ ਡਟ ਕੇ ਆਪਣਾ ਪੱਖ ਰੱਖਿਆ। ਮੀਟਿੰਗ ’ਚ ਕੋਈ ਸਿੱਟਾ ਨਾ ਨਿਕਲਣ ’ਤੇ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਨੇ ਦੋਵੇਂ ਸੂਬਿਆਂ ਦੇ ਮੁੱਖ ਮੰਤਰੀਆਂ ਵਿਚਕਾਰ 5 ਜੂਨ ਨੂੰ ਸਵੇਰੇ 10 ਵਜੇ ਮੁੜ ਮੀਟਿੰਗ ਸੱਦੀ ਹੈ। ਬਾਅਦ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ ਕਿ ਮੀਟਿੰਗ ’ਚ ਪੰਜਾਬ ਯੂਨੀਵਰਸਿਟੀ ਨਾਲ ਸਬੰਧਿਤ ਵੱਖ-ਵੱਖ ਮੁੱਦਿਆ ’ਤੇ ਵਿਚਾਰ-ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਪੰਜਾਬ ਯੂਨੀਵਰਸਿਟੀ ’ਚ ਹਰਿਆਣਾ ਦੀ ਹਿੱਸੇਦਾਰੀ ਦੀ ਬਹਾਲੀ ਅਤੇ ਹਰਿਆਣਾ ਦੇ ਕਾਲਜਾਂ ਨੂੰ ਯੂਨੀਵਰਸਿਟੀ ਤੋਂ ਮਾਨਤਾ ਦਿਵਾਉਣ ਬਾਰੇ ਸਕਾਰਾਤਮਕ ਕਦਮ ਅੱਗੇ ਵਧੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਨਰਗਠਨ ਐਕਟ, 1966 ਤਹਿਤ ਪੰਜਾਬ ਯੂਨੀਵਰਸਿਟੀ ’ਚ ਹਰਿਆਣਾ ਨੂੰ ਹਿੱਸਾ ਦਿੱਤਾ ਗਿਆ ਸੀ ਅਤੇ ਹਰਿਆਣਾ ਦੇ ਕਾਲਜ ਤੇ ਕੇਂਦਰ ਤੇ ਪੰਜਾਬ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਸਨ। ਇਸ ਨੂੰ ਸਾਲ 1973 ’ਚ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਖ਼ਤਮ ਕਰ ਦਿੱਤਾ ਗਿਆ ਸੀ। ਸ੍ਰੀ ਖੱਟਰ ਨੇ ਕਿਹਾ ਕਿ ਅੱਜ ਦੇ ਯੁੱਗ ’ਚ ਕੌਮਾਂਤਰੀ ਯੂਨੀਵਰਸਿਟੀ ਤੋਂ ਵੀ ਸੂਬਿਆਂ ਦੇ ਕਾਲਜਾਂ ਨੂੰ ਮਾਨਤਾ ਮਿਲ ਰਹੀ ਹੈ। ਕੌਮੀ ਸਿੱਖਿਆ ਨੀਤੀ ਦਾ ਉਦੇਸ਼ ਹੈ ਕਿ ਸਾਰੇ ਵਿਦਿਅਕ ਅਦਾਰੇ ਦੇਸ਼ ਦੀ ਤਰੱਕੀ ’ਚ ਸਹਿਯੋਗ ਪਾਉਣ ਅਤੇ ਸਾਰੇ ਸੂਬਿਆਂ ਦਾ ਆਪਸੀ ਸਬੰਧ ਹੋਰ ਗੂੜ੍ਹਾ ਹੋਵੇ।

ਕਿਸੇ ਤਰ੍ਹਾਂ ਦੀ ਤਬਦੀਲੀ ਬਰਦਾਸ਼ਤ ਨਹੀਂ ਕਰਾਂਗੇ: ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਵਿਰਾਸਤ ਹੈ, ਜਿਸ ’ਚ ਕਿਸੇ ਵੀ ਤਰ੍ਹਾਂ ਦਾ ਬਦਲਾਅ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸੰਸਥਾ ਦੀ ਇਤਿਹਾਸਕ, ਸੱਭਿਆਚਾਰਕ ਅਤੇ ਸੂਬਾਈ ਅਹਿਮੀਅਤ ਦੇ ਮੱਦੇਨਜ਼ਰ ਪੰਜਾਬ ਦੇ ਲੋਕਾਂ ਨਾਲ ਇਸ ਦੀ ਦਿਲੀ ਅਤੇ ਜਜ਼ਬਾਤੀ ਸਾਂਝ ਹੈ। ਯੂਨੀਵਰਸਿਟੀ ਪੰਜਾਬ ਦੇ ਵਿਰਸੇ ਦਾ ਪ੍ਰਤੀਕ ਹੈ ਅਤੇ ਇਹ ਪੰਜਾਬ ਦੇ ਨਾਮ ਦੀ ਸਮਾਨਅਰਥੀ ਵੀ ਹੈ। ਸ੍ਰੀ ਮਾਨ ਨੇ ਕਿਹਾ ਕਿ ਇਹ ਯੂਨੀਵਰਸਿਟੀ ਸਿਰਫ਼ ਪੰਜਾਬ ਤੇ ਇਸ ਦੀ ਰਾਜਧਾਨੀ ਚੰਡੀਗੜ੍ਹ ਦੀਆਂ ਜ਼ਰੂਰਤਾਂ ਪੂਰੀਆਂ ਕਰਦੀ ਹੈ ਅਤੇ ਉਸ ਦਾ ਮੌਜੂਦਾ ਕਾਨੂੰਨੀ ਤੇ ਪ੍ਰਬੰਧਕੀ ਦਰਜਾ ਬਹਾਲ ਰੱਖਿਆ ਜਾਣਾ ਚਾਹੀਦਾ ਹੈ। ਸ੍ਰੀ ਮਾਨ ਨੇ ਕਿਹਾ ਕਿ ਸਾਲ 1966 ਵਿਚ ਪੰਜਾਬ ਦੇ ਪੁਨਰਗਠਨ ਮੌਕੇ ਪੰਜਾਬ ਯੂਨੀਵਰਸਿਟੀ ਨੂੰ ਸੰਸਦ ਵੱਲੋਂ ਲਾਗੂ ਕੀਤੇ ਪੰਜਾਬ ਪੁਨਰਗਠਨ ਐਕਟ-1966 ਦੀ ਧਾਰਾ 72 (1) ਤਹਿਤ ‘ਇੰਟਰ ਸਟੇਟ ਬਾਡੀ ਕਾਰਪੋਰੇਟ’ ਐਲਾਨਿਆ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਆਪਣੀ ਸ਼ੁਰੂਆਤ ਤੋਂ ਲੈ ਕੇ ਪੰਜਾਬ ’ਚ ਆਪਣਾ ਕੰਮਕਾਜ ਨਿਰੰਤਰ ਅਤੇ ਬਿਨਾਂ ਕਿਸੇ ਰੁਕਾਵਟ ਤੋਂ ਕਰ ਰਹੀ ਹੈ। ਭਗਵੰਤ ਮਾਨ ਨੇ ਚੇਤੇ ਕਰਵਾਇਆ ਕਿ ਇਸ ਸੰਸਥਾ ਨੂੰ ਲਾਹੌਰ, ਜੋ ਉਸ ਵੇਲੇ ਸੰਗਠਿਤ ਪੰਜਾਬ ਦੀ ਰਾਜਧਾਨੀ ਸੀ, ਤੋਂ ਹੁਸ਼ਿਆਰਪੁਰ ਤਬਦੀਲ ਕਰ ਦਿੱਤਾ ਗਿਆ ਸੀ ਅਤੇ ਬਾਅਦ ’ਚ ਪੰਜਾਬ ਦੀ ਮੌਜੂਦਾ ਰਾਜਧਾਨੀ ਚੰਡੀਗੜ੍ਹ ’ਚ ਤਬਦੀਲ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਵੇਲੇ ਯੂਨੀਵਰਸਿਟੀ ਤੋਂ ਪੰਜਾਬ ਦੇ 175 ਕਾਲਜ ਮਾਨਤਾ ਪ੍ਰਾਪਤ ਹਨ ਅਤੇ ਇਹ ਕਾਲਜ ਫਾਜ਼ਿਲਕਾ, ਫਿਰੋਜ਼ਪੁਰ, ਹੁਸ਼ਿਆਰਪੁਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ ਅਤੇ ਐੱਸਬੀਐੱਸ ਨਗਰ ਵਿਚ ਸਥਿਤ ਹਨ। ਗੌਰਤਲਬ ਹੈ ਉੱਤਰ ਖੇਤਰ ਕੌਂਸਲ ਦੀ ਮੀਟਿੰਗ ਵਿੱਚ ਪੰਜਾਬ ਯੂਨੀਵਰਸਿਟੀ ਨੂੰ ਗ੍ਰਾਂਟ ਜਾਰੀ ਕਰਨ ਦਾ ਮੁੱਦਾ ਉੱਠਿਆ ਸੀ। ਉਸ ਸਮੇਂ ਕੌਂਸਲ ਦੇ ਚੇਅਰਮੈਨ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਦੋਵੇਂ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕਰਕੇ ਗ੍ਰਾਂਟਾਂ ਬਾਰੇ ਫੈਸਲਾ ਕਰਨ ਦੀ ਜ਼ਿੰਮੇਵਾਰੀ ਸੌਂਪੀ ਸੀ। ਇਸੇ ਤਹਿਤ ਸ੍ਰੀ ਪੁਰੋਹਿਤ ਨੇ ਦੋਵੇਂ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਅੱਜ ਮੀਟਿੰਗ ਕੀਤੀ।