ਛੋਟੀ ਕਿਸਾਨੀ ਲਈ ਕੰਮ ਕਰਾਂਗੇ: ਗੁਰਮੀਤ ਖੁੱਡੀਆਂ

ਛੋਟੀ ਕਿਸਾਨੀ ਲਈ ਕੰਮ ਕਰਾਂਗੇ: ਗੁਰਮੀਤ ਖੁੱਡੀਆਂ

ਪੰਜਾਬ ਕੈਬਨਿਟ ਦੇ ਨਵੇਂ ਵਜ਼ੀਰਾਂ ਨੇ ਅਹੁਦੇ ਸੰਭਾਲੇ
ਚੰਡੀਗੜ੍ਹ,- ਪੰਜਾਬ ਵਜ਼ਾਰਤ ਵਿੱਚ ਸ਼ਾਮਲ ਹੋਏ ਨਵੇਂ ਮੈਂਬਰ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਅਤੇ ਫੂਡ ਪ੍ਰਾਸੈਸਿੰਗ ਮੰਤਰੀ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਪੰਜਾਬ ਦੀ ਛੋਟੀ ਕਿਸਾਨੀ ਲਈ ਕੰਮ ਕਰਨਗੇ ਅਤੇ ਉਹ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਨ ਵਾਸਤੇ ਤਨਦੇਹੀ ਨਾਲ ਡਿਊਟੀ ਨਿਭਾਉਣਗੇ।
ਇਸੇ ਤਰ੍ਹਾਂ ਬਲਕਾਰ ਸਿੰਘ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਸਥਾਨਕ ਸਰਕਾਰਾਂ ਤੇ ਸੰਸਦੀ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਵਜੋਂ ਕਾਰਜਭਾਰ ਸੰਭਾਲ ਲਿਆ ਹੈ। ਨਵ ਨਿਯੁਕਤ ਕੈਬਨਿਟ ਮੰਤਰੀ ਨੇ ਕਿਹਾ, ‘‘ਸੂਬੇ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਣਾ ਮਾਣ ਵਾਲੀ ਗੱਲ ਹੈ ਅਤੇ ਮੈਂ ਪੰਜਾਬੀਆਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਉਨ੍ਹਾਂ ਨੂੰ ਅਤਿ-ਆਧੁਨਿਕ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਾਂਗਾ।’’ ਇਸ ਮੌਕੇ ਨਵ ਨਿਯੁਕਤ ਮੰਤਰੀ ਦੇ ਪਰਿਵਾਰਕ ਮੈਂਬਰ, ਵਿਭਾਗ ਦੇ ਸੀਨੀਅਰ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।

ਖੁੱਡੀਆਂ ਦੇ ਅਹੁਦਾ ਸੰਭਾਲਣ ਮੌਕੇ ਸਾਥੀ ਕੈਬਨਿਟ ਮੰਤਰੀਆਂ ਗੁਰਮੀਤ ਸਿੰਘ ਮੀਤ ਹੇਅਰ, ਅਮਨ ਅਰੋੜਾ, ਚੇਤਨ ਸਿੰਘ ਜੌੜਾਮਾਜਰਾ, ਕੁਲਦੀਪ ਸਿੰਘ ਧਾਲੀਵਾਲ ਤੇ ਬ੍ਰਮ ਸ਼ੰਕਰ ਜਿੰਪਾ ਅਤੇ ਵਿਧਾਇਕਾਂ ਜਗਰੂਪ ਸਿੰਘ ਗਿੱਲ ਤੇ ਪ੍ਰੋ. ਬਲਜਿੰਦਰ ਕੌਰ ਆਦਿ ਨੇ ਖੁੱਡੀਆਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ। ਖੁੱਡੀਆਂ ਨੇ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕੀਤਾ।