ਪੰਚਾਇਤੀ ਜ਼ਮੀਨਾਂ ਛੁਡਾਉਣ ਦੀ ਮੁਹਿੰਮ ਤੇਜ਼ ਕਰਾਂਗੇ: ਭੁੱਲਰ

ਪੰਚਾਇਤੀ ਜ਼ਮੀਨਾਂ ਛੁਡਾਉਣ ਦੀ ਮੁਹਿੰਮ ਤੇਜ਼ ਕਰਾਂਗੇ: ਭੁੱਲਰ

ਐਸ.ਏ.ਐਸ. ਨਗਰ (ਮੁਹਾਲੀ)- ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਮੁਹਾਲੀ ਦੇ ਫੇਜ਼-8 ਵਿਚਲੇ ਪੰਚਾਇਤ ਵਿਭਾਗ ਦੇ ਮੁੱਖ ਦਫ਼ਤਰ ਵਿਕਾਸ ਭਵਨ ਵਿੱਚ ਪੇਂਡੂ ਵਿਕਾਸ ਅਤੇ ਪੰਚਾਇਤਾਂ ਬਾਰੇ ਮੰਤਰੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਉਨ੍ਹਾਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਵੀ ਕੀਤੀ।ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਵਿੱਢੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਵੀਂ ਜ਼ਿੰਮੇਵਾਰੀ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਸ਼ਿੱਦਤ ਨਾਲ ਨਿਭਾਉਣਗੇ। ਪੰਚਾਇਤ ਮੰਤਰੀ ਨੇ ਕਿਹਾ ਕਿ ਪੰਚਾਇਤ ਵਿਭਾਗ ਵੱਲੋਂ ਨਾਜਾਇਜ਼ ਕਬਜ਼ਿਆਂ ਹੇਠਲੇ ਵੱਡੇ ਜ਼ਮੀਨੀ ਟੱਕਾਂ ਨੂੰ ਛੁਡਾਉਣ ਬਾਰੇ ਪਹਿਲ ਦੇ ਆਧਾਰ ’ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ।