ਮੁਗਲਾਂ ’ਤੇ ਫਤਹਿ ਦੀ ਯਾਦ ਵਿੱਚ ਨਗਰ ਕੀਰਤਨ

ਮੁਗਲਾਂ ’ਤੇ ਫਤਹਿ ਦੀ ਯਾਦ ਵਿੱਚ ਨਗਰ ਕੀਰਤਨ

ਅੰਮ੍ਰਿਤਸਰ- ਛੇਵੇਂ ਪਾਤਸ਼ਾਹੀ ਗੁਰੂ ਹਰਿਗੋਬਿੰਦ ਸਾਹਿਬ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਤੋਂ ਨਗਰ ਕੀਰਤਨ ਸਜਾਇਆ ਗਿਆ। ਸ਼੍ਰੋਮਣੀ ਕਮੇਟੀ ਵਲੋਂ ਇਸ ਸਬੰਧ ਵਿਚ ਨਿਹੰਗ ਸਿੰਘ ਜਥੇਬੰਦੀਆਂ, ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਵਿਚ 11 ਜੂਨ ਨੂੰ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ। ਅਰਦਾਸ ਉਪਰੰਤ ਪਾਵਨ ਸਰੂਪ ਗਿਆਨੀ ਬਲਵਿੰਦਰ ਸਿੰਘ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ ਗਏ। ਨਗਰ ਕੀਰਤਨ ਵਿਚ ਨਿਹੰਗ ਸਿੰਘ ਘੋੜਿਆਂ ਸਮੇਤ ਸ਼ਾਮਲ ਹੋਏ। ਨਗਰ ਕੀਰਤਨ ਦਾ ਰਸਤੇ ਵਿਚ ਵੱਖ-ਵੱਖ ਥਾਵਾਂ ’ਤੇ ਸੰਗਤ ਵੱਲੋਂ ਸਵਾਗਤ ਕੀਤਾ ਗਿਆ।