ਅਟਾਰੀ: ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਭਾਰਤੀ ਸਿੱਖ ਜਥਾ ਪਾਕਿਸਤਾਨ ਪੁੱਜਾ

ਅਟਾਰੀ: ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਭਾਰਤੀ ਸਿੱਖ ਜਥਾ ਪਾਕਿਸਤਾਨ ਪੁੱਜਾ

ਅਟਾਰੀ – ਪਾਕਿਸਤਾਨ ਸਥਿਤ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ 16 ਜੂਨ ਨੂੰ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਅਤੇ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਅੱਜ ਭਾਰਤ ਤੋਂ 200 ਸਿੱਖ ਸ਼ਰਧਾਲੂਆਂ ਦਾ ਜਥਾ ਅਟਾਰੀ-ਵਾਹਗਾ ਸਰਹੱਦ ਰਸਤੇ ਪਾਕਿਸਤਾਨ ਪੁੱਜ ਗਿਆ। ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ ਵਿੱਚ ਦੋ ਸੰਸਥਾਵਾਂ ਵਿਸ਼ਵ ਭਾਈ ਮਰਦਾਨਾ ਯਾਦਗਾਰੀ ਸੁਸਾਇਟੀ ਫਿਰੋਜ਼ਪੁਰ ਅਤੇ ਸੁਖਮਨੀ ਸਾਹਿਬ ਸੁਸਾਇਟੀ ਡੱਬਵਾਲੀ ਦੇ ਸ਼ਰਧਾਲੂ ਸ਼ਾਮਲ ਹਨ। ਇਸ ਸਬੰਧੀ ਗੱਲਬਾਤ ਕਰਦਿਆਂ ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਵੱਲੋਂ ਜਥੇ ਦੇ ਪਾਰਟੀ ਲੀਡਰ ਜੰਗ ਸਿੰਘ ਦੱਸਿਆ ਕਿ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਅਟਾਰੀ-ਵਾਹਗਾ ਸਰਹੱਦ ਰਸਤੇ ਲਾਹੌਰ ਤੋਂ ਹੁੰਦਾ ਹੋਇਆ ਗੁਰਦੁਆਰਾ ਪੰਜਾ ਸਾਹਿਬ (ਹਸਨ ਅਬਦਾਲ) ਦੇ ਦਰਸ਼ਨਾਂ ਲਈ ਪੁੱਜੇਗਾ। ਇਸ ਉਪਰੰਤ ਜਥਾ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ, ਗੁਰਦੁਆਰਾ ਸੱਚਾ ਸੌਦਾ, ਗੁਰਦੁਆਰਾ ਕਰਤਾਰਪੁਰ ਸਾਹਿਬ ਅਤੇ ਗੁਰਦੁਆਰਾ ਰੋੜੀ ਸਾਹਿਬ ਐਮਨਾਬਾਦ ਦੇ ਦਰਸ਼ਨ ਕਰੇਗਾ। 14 ਜੂਨ ਨੂੰ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ ਮੂਲ ਨਾਨਕ ਸ਼ਾਹੀ ਕੈਲੰਡਰ ਅਨੁਸਾਰ 16 ਜੂਨ ਵਾਲੇ ਦਿਨ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਉਪਰੰਤ 17 ਜੂਨ ਨੂੰ ਜਥਾ ਵਾਹਗਾ-ਅਟਾਰੀ ਸਰਹੱਦ ਰਸਤੇ ਵਤਨ ਪਰਤੇਗਾ।