ਭਗਵੰਤ ਮਾਨ ਵੱਲੋਂ ਮੁਹਾਲੀ ਨੂੰ ਸਮਾਰਟ ਸਿਟੀ ਪ੍ਰਾਜੈਕਟ ਵਿੱਚ ਸ਼ਾਮਲ ਕਰਨ ਦੀ ਮੰਗ

ਭਗਵੰਤ ਮਾਨ ਵੱਲੋਂ ਮੁਹਾਲੀ ਨੂੰ ਸਮਾਰਟ ਸਿਟੀ ਪ੍ਰਾਜੈਕਟ ਵਿੱਚ ਸ਼ਾਮਲ ਕਰਨ ਦੀ ਮੰਗ

ਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਕਾਨ ਉਸਾਰੀ ਤੇ ਵਿਕਾਸ ਬਾਰੇ ਕੇਂਦਰੀ ਮੰਤਰੀ ਹਰਦੀਪ ਪੁਰੀ ਨਾਲ ਮੁਲਾਕਾਤ ਕਰ ਕੇ ਸਮਾਰਟ ਸਿਟੀ ਪ੍ਰਾਜੈਕਟ ਵਿੱਚ ਐੱਸਏਐੱਸ ਨਗਰ (ਮੁਹਾਲੀ) ਨੂੰ ਸ਼ਾਮਲ ਕਰਨ ਵਾਸਤੇ ਜ਼ੋਰ ਪਾਇਆ। ਮੁੱਖ ਮੰਤਰੀ ਨੇ ਅੱਜ ਇੱਥੇ ਹਰਦੀਪ ਪੁਰੀ ਨਾਲ ਉਨ੍ਹਾਂ ਦੇ ਦਫ਼ਤਰ ਵਿੱਚ ਮੁਲਾਕਾਤ ਕੀਤੀ ਅਤੇ ਮੁਹਾਲੀ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕੇਂਦਰੀ ਮੰਤਰੀ ਨੂੰ ਜਾਣੂ ਕਰਵਾਇਆ ਕਿ ਚੰਡੀਗੜ੍ਹ, ਮੁਹਾਲੀ ਅਤੇ ਪੰਚਕੂਲਾ ਟ੍ਰਾਈ ਸਿਟੀ ਦਾ ਹਿੱਸਾ ਹੋਣ ਕਰ ਕੇ ਮੁਹਾਲੀ ਸ਼ਹਿਰ ਵਿਸ਼ੇਸ਼ ਮਹੱਤਵ ਰੱਖਦਾ ਹੈ। ਪੰਜਾਬ ਸਰਕਾਰ ਦੇ ਜ਼ਿਆਦਾਤਰ ਵਿਭਾਗਾਂ ਦੇ ਮੁੱਖ ਦਫ਼ਤਰ ਵੀ ਇਸੇ ਸ਼ਹਿਰ ਵਿੱਚ ਹਨ। ਉਨ੍ਹਾਂ ਕਿਹਾ ਕਿ ਜ਼ੀਰਕਪੁਰ, ਖਰੜ, ਡੇਰਾਬੱਸੀ ਅਤੇ ਕੁਰਾਲੀ ਵਿੱਚ ਕੌਮਾਂਤਰੀ ਹਵਾਈ ਅੱਡੇ, ਵਿਦਿਅਕ ਅਦਾਰੇ, ਟਾਊਨਸ਼ਿਪਸ ਅਤੇ ਉਦਯੋਗਾਂ ਦੀ ਸਥਾਪਨਾ ਸਬੰਧੀ ਵੱਡੇ ਪੱਧਰ ’ਤੇ ਵਿਕਾਸ ਹੋਇਆ ਹੈ। ਉਨ੍ਹਾਂ ਕਿਹਾ ਕਿ ਖੇਤਰ ਦੇ ਵਿਕਾਸ ਲਈ ਵਿਸ਼ੇਸ਼ ਫੰਡਾਂ ਦੀ ਲੋੜ ਹੈ। ਉਨ੍ਹਾਂ ਪਹਿਲਾਂ ਵਾਂਗ ਅਮਰੁਤ 1 ਦੀ ਤਰ੍ਹਾਂ ਹੀ ਅਮਰੁਤ 2.0 ਤਹਿਤ ਵੀ ਫੰਡਾਂ ਦੇ ਉਸੇ ਅਨੁਪਾਤ ਨੂੰ ਬਹਾਲ ਕਰਨ ਦੀ ਬੇਨਤੀ ਕੀਤੀ। ਉਨ੍ਹਾਂ ਕਿਹਾ ਕਿ ਅਮਰੁਤ 1.0 ਤਹਿਤ ਇਕ ਲੱਖ ਤੋਂ 10 ਲੱਖ ਆਬਾਦੀ ਦੀ ਸ਼੍ਰੇਣੀ ਵਾਲੇ ਕਸਬਿਆਂ ਲਈ ਕੇਂਦਰ ਅਤੇ ਰਾਜ ਦਾ ਹਿੱਸਾ 50: 50 ਸੀ ਜਦੋਂ ਕਿ ਅਮਰੁਤ 2.0 ਤਹਿਤ, ਆਬਾਦੀ ਦੀ ਇਸੇ ਸ਼੍ਰੇਣੀ ਵਾਲੇ ਕਸਬਿਆਂ ਲਈ ਕੇਂਦਰ ਅਤੇ ਰਾਜ ਦਾ ਹਿੱਸਾ ਬਦਲ ਕੇ 33:67 ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਅਤੇ ਅੰਮ੍ਰਿਤਸਰ ਵਰਗੇ 10 ਲੱਖ ਤੋਂ ਵੱਧ ਆਬਾਦੀ ਵਾਲੇ ਸ਼ਹਿਰਾਂ ਲਈ ਇਹ ਅਨੁਪਾਤ 33: 67 (ਕੇਂਦਰ ਅਤੇ ਰਾਜ ਦਾ ਹਿੱਸਾ) ਸੀ ਅਤੇ ਅਮਰੁਤ 2.0 ਤਹਿਤ, ਇਹ ਅਨੁਪਾਤ ਹੁਣ 75: 25 ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸ਼ਹਿਰਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਦੀ ਲਗਾਤਾਰ ਲੋੜ ਹੈ, ਜਿਸ ਲਈ ਪੁਰਾਣਾ ਅਨੁਪਾਤ ਹੀ ਬਹਾਲ ਕੀਤਾ ਜਾਣਾ ਚਾਹੀਦਾ ਹੈ।