ਗੁਰਬਾਣੀ ਪ੍ਰਸਾਰਨ ਦਾ ਮਾਮਲੇ ਦੋਵੇਂ ਧਿਰਾਂ ਮਿਲ-ਬੈਠ ਕੇ ਵਿਚਾਰਨ: ਜਥੇਦਾਰ

ਗੁਰਬਾਣੀ ਪ੍ਰਸਾਰਨ ਦਾ ਮਾਮਲੇ ਦੋਵੇਂ ਧਿਰਾਂ ਮਿਲ-ਬੈਠ ਕੇ ਵਿਚਾਰਨ: ਜਥੇਦਾਰ

ਅੰਮ੍ਰਿਤਸਰ- ਦਰਬਾਰ ਸਾਹਿਬ ਵਿੱਚ ਹੁੰਦੇ ਗੁਰਬਾਣੀ ਦੇ ਕੀਰਤਨ ਦੇ ਪ੍ਰਸਾਰਨ ਬਾਰੇ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਮਤਾ ਪਾਸ ਕੀਤੇ ਜਾਣ ਦੇ ਮਾਮਲੇ ਵਿੱਚ ਅਕਾਲ ਤਖ਼ਤ ਦੇ ਨਵ-ਨਿਯੁਕਤ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਰਕਾਰ ਨੂੰ ਆਖਿਆ ਹੈ ਕਿ ਉਹ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਵਿੱਚ ਦਖਲ ਅੰਦਾਜ਼ੀ ਨਾ ਕਰੇ। ਇਸ ਸਬੰਧੀ ਇਕ ਬਿਆਨ ਰਾਹੀਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਇਸ ਮਾਮਲੇ ਵਿੱਚ ਸਰਕਾਰ ਦੀ ਕਾਰਵਾਈ ਸਿੱਖ ਪੰਥ ਵਿੱਚ ਦੁਵਿਧਾ ਪੈਦਾ ਕਰ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਬਾਰੇ ਵਿਧਾਨ ਸਭਾ ਵਿੱਚ ਮਤਾ ਪਾਸ ਕਰਨ ਦੀ ਕਾਰਵਾਈ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਵਾਲੀ ਹੋਵਗੀ। ਉਨ੍ਹਾਂ ਸ਼ੰਕਾ ਪ੍ਰਗਟਾਈ ਹੈ ਕਿ ਜੇ ਗੁਰਬਾਣੀ ਦੇ ਪ੍ਰਸਾਰਨ ਨੂੰ ਖੁੱਲ੍ਹਾ ਛੱਡ ਦਿੱਤਾ ਜਾਵੇਗਾ ਤਾਂ ਅਗਾਂਹ ਚੱਲ ਕੇ ਇਹ ਮਰਿਆਦਾ ਦਾ ਮੁੱਦਾ ਬਣੇਗਾ। ਉਨ੍ਹਾਂ ਕਿਹਾ ਕਿ ਗੁਰਬਾਣੀ ਪ੍ਰਸਾਰਨ ਦੇ ਮਾਮਲੇ ਵਿੱਚ ਦੋਵਾਂ ਧਿਰਾਂ ਨੂੰ ਮਿਲ ਬੈਠ ਕੇ ਆਪਸੀ ਗੱਲਬਾਤ ਰਾਹੀਂ ਮਸਲੇ ਨੂੰ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤੇ ਹਨ ਕਿ ਪੰਜ ਸਿੰਘ ਸਾਹਿਬਾਨਾਂ ਵੱਲੋਂ ਗੁਰਬਾਣੀ ਦੇ ਕੀਰਤਨ ਦੇ ਪ੍ਰਸਾਰਨ ਬਾਰੇ ਕੀਤੇ ਹੁਕਮ ਨੂੰ ਤੁਰੰਤ ਲਾਗੂ ਕੀਤਾ ਜਾਵੇ। ਇਸ ਸਬੰਧੀ ਹੁਣ ਤੱਕ ਕੀਤੀ ਕਾਰਵਾਈ ਦੀ ਰਿਪੋਰਟ ਅਕਾਲ ਤਖ਼ਤ ’ਤੇ ਦਿੱਤੀ ਜਾਵੇ।

ਦੱਸਣਯੋਗ ਹੈ ਕਿ ਪੰਜ ਸਿੰਘ ਸਾਹਿਬਾਨਾਂ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਗੁਰਬਾਣੀ ਕੀਰਤਨ ਦੇ ਪ੍ਰਸਾਰਨ ਲਈ ਆਪਣਾ ਚੈਨਲ ਸ਼ੁਰੂ ਕਰਨ ਲਈ ਆਖਿਆ ਗਿਆ ਸੀ। ਉਨ੍ਹਾਂ ਆਦੇਸ਼ ਦਿੱਤਾ ਸੀ ਕਿ ਜਦੋਂ ਤੱਕ ਆਪਣਾ ਚੈਨਲ ਸ਼ੁਰੂ ਨਹੀਂ ਹੁੰਦਾ, ਇਸ ਸਬੰਧੀ ਯੂ-ਟਿਊਬ ਚੈਨਲ ਸ਼ੁਰੂ ਕੀਤਾ ਜਾਵੇ।