25 ਨੂੰ ਸ਼ਹੀਦੀ ਦਿਵਸ ’ਤੇ ਵਿਸ਼ੇਸ਼ – ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ

25 ਨੂੰ ਸ਼ਹੀਦੀ ਦਿਵਸ ’ਤੇ ਵਿਸ਼ੇਸ਼ – ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ

ਦਿਲਜੀਤ ਸਿੰਘ ਬੇਦੀ

ਗੁਰੂ ਗੋਬਿੰਦ ਸਿੰਘ ਜੀ ਦੀ ਆਗਿਆ ਦਾ ਪਾਲਣ ਕਰਦਿਆਂ ਬਾਬਾ ਬੰਦਾ ਸਿੰਘ ਜਦੋ 1708 ਈ: ਵਿਚ ਪੰਜਾਬ ਆਏ ਤਾਂ ਉਨ੍ਹਾਂ ਕੋਲ ਗੁਰੂ ਜੀ ਵੱਲੋਂ ਮਿਲੇ ਪੰਜ ਤੀਰ, ਖੰਡਾ ਤੇ ਨਗਾਰਾ ਸੀ। ਸਲਾਹ ਮਸ਼ਵਰਾ ਕਰਨ ਲਈ ਗੁਰੂ ਸਾਹਿਬ ਨੇ ਪੰਜ ਪਿਆਰੇ ਭਾਈ ਬਿਨੋਦ ਸਿੰਘ, ਭਾਈ ਕਾਹਨ ਸਿੰਘ, ਭਾਈ ਬਾਜ ਸਿੰਘ, ਭਾਈ ਦਇਆ ਸਿੰਘ ਤੇ ਭਾਈ ਰਣ ਸਿੰਘ ਨਾਲ ਤੋਰੇ। ਇਨ੍ਹਾਂ ਤੋਂ ਇਲਾਵਾ 20 ਸਿੰਘ ਹੋਰ ਨਾਲ ਭੇਜੇ। ਇਨ੍ਹਾਂ 25 ਸਿੰਘਾਂ ਦੇ ਕਾਫਲੇ ਨੇ ਪੰਜਾਬ ਵੱਲ ਹਨੇਰੀ ਦੀ ਤਰ੍ਹਾਂ ਕੂਚ ਕਰ ਦਿੱਤਾ। ਦਿੱਲੀ ਪਾਰ ਕਰਦਿਆਂ ਹੀ ਸਿੱਖ ਸੰਗਤ ਨੂੰ ਹੁਕਮਨਾਮੇ ਭੇਜੇ ਗਏ। ਸੰਗਤ ਹੁਕਮ ਦਾ ਪਾਲਣ ਕਰਦਿਆਂ ਬਾਬਾ ਬੰਦਾ ਸਿੰਘ ਬਹਾਦਰ ਦੇ ਸੁਆਗਤ ਲਈ ਅੱਗੇ ਆ ਗਈ। ਗੁਰੂ ਸਾਹਿਬ ਦੇ ਪਰਿਵਾਰ ਦੀਆਂ ਸ਼ਹੀਦੀਆਂ ਦੇ ਜ਼ਖ਼ਮ ਸਿੱਖ ਸੰਗਤ ਵਿਚ ਅਜੇ ਤਾਜ਼ੇ ਸਨ। ਉਹ ਕੁੱਝ ਸਮੇਂ ਦੇ ਅੰਦਰ ਹੀ ਬਾਬਾ ਬੰਦਾ ਸਿੰਘ ਬਹਾਦਰ ਦੇ ਝੰਡੇ ਥੱਲੇ ਇਕੱਠੇ ਹੋ ਗਏ, ਉਨ੍ਹਾਂ ਨੇ ਰਣ-ਭੂਮੀ ਵਿੱਚ ਆਪਣਾ ਨਾਅਰਾ ‘ਰਾਜ ਕਰੇਗਾ ਖਾਲਸਾ’ ਨਿਸ਼ਚਿਤ ਕਰ ਲਿਆ। ਬਾਬਾ ਬੰਦਾ ਸਿੰਘ ਬਹਾਦਰ ਦੇ ਸਮਕਾਲੀ ਮੁਸਲਮਾਨ ਲੇਖਕ ਮੁਹੰਮਦ ਕਾਸਿਮ ਲਾਹੌਰੀ ਦੀ ਲਿਖਤ ‘ਇਬਰਤਨਾਮਾ’ (ਰਚਿਤ 1722 ਈ:) ਅਨੁਸਾਰ ‘ਸਿੱਖਾਂ ਤੇ ਮੁਗਲਾਂ ਵਿਚਕਾਰ ਘੋਲ, ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ ਜੋਤ ਸਮਾਉਣ ਮਗਰੋਂ ਸ਼ੁਰੂ ਹੋਇਆ ਤੇ ਇਸ ਨੂੰ ਸ਼ੁਰੂ ਕਰਨ ਵਾਲਾ ਬਾਬਾ ਬੰਦਾ ਸਿੰਘ ਬਹਾਦਰ ਸੀ।’’

ਹੈਰਾਨੀ ਵਾਲੀ ਗੱਲ ਇਹ ਹੈ ਕਿ ਜਦੋਂ ਬਾਬਾ ਬੰਦਾ ਸਿੰਘ ਬਹਾਦਰ ਪੰਜਾਬ ਆਏ ਤਾਂ ਉਨ੍ਹਾਂ ਕੋਲ 25 ਸਿੰਘਾਂ ਤੋਂ ਇਲਾਵਾ ਨਾ ਤਾਂ ਕੋਈ ਫੌਜ ਸੀ ਤੇ ਨਾ ਹੀ ਸ਼ਸਤਰ, ਨਾ ਕੋਈ ਖ਼ਜ਼ਾਨਾ ਸੀ ਤੇ ਨਾ ਹੀ ਘੋੜੇ-ਹਾਥੀ। ਮੁਸਲਮਾਨ ਲਿਖਾਰੀ ਖਫ਼ੀ ਖਾਨ ਤੇ ਮੁਹੰਮਦ ਕਾਸਮ ਅਨੁਸਾਰ ਛੇਤੀ ਹੀ 4000 ਘੋੜ ਸਵਾਰ ਤੇ 7800 ਸਿਪਾਹੀ ਪੈਦਲ ਉਸ ਨਾਲ ਆ ਰਲੇ। ਮਸ਼ਹੂਰ ਇਤਿਹਾਸਕਾਰ ਗੋਕਲ ਚੰਦ ਨਾਰੰਗ ਅਨੁਸਾਰ ਪੈਦਲ ਸੈਨਿਕਾਂ ਦੀ ਗਿਣਤੀ 8900 ਹੋ ਗਈ ਤੇ ਵਧਦੀ ਹੋਈ ਅੰਤ 40,000 ਤੱਕ ਪਹੁੰਚ ਗਈ। ਬਾਬਾ ਬੰਦਾ ਸਿੰਘ ਬਹਾਦਰ ਆਪਣੇ ਸਮੇਂ ਦਾ ਇਕ ਉੱਤਮ ਦਰਜੇ ਦਾ ਸਿੱਖ ਯੋਧਾ ਤੇ ਪਹਿਲਾ ਸਿੱਖ ਹੁਕਮਰਾਨ ਸੀ। ਗੁਰੂ ਗੋਬਿੰਦ ਸਿੰਘ ਦੇ ਆਦੇਸ਼ ਅਨੁਸਾਰ ਸਿੰਘਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਦੀ ਅਗਵਾਈ ਹੇਠ ਪੰਜਾਬ ਵਿਚ ਜੋ ਇਨਕਲਾਬ ਲਿਆਂਦਾ, ਉਹ ਇਕ ਹੈਰਾਨੀਕੁਨ ਇਤਿਹਾਸਕ ਹਕੀਕਤ ਹੈ। ਬਾਬਾ ਬੰਦਾ ਸਿੰਘ ਬਹਾਦਰ ਜਦੋਂ 1708 ਈ: ਵਿਚ ਪੰਜਾਬ ਅੰਦਰ ਦਾਖਲ ਹੋਏ ਤਾਂ ਉਨ੍ਹਾਂ ਦੇ ਸਾਹਮਣੇ ਮੁੱਖ ਉਦੇਸ਼ ਮੁਗਲਾਂ ਦੇ ਰਾਜ ਦੀ ਸਮਾਪਤੀ ਤੇ ਪੰਜਾਬ ਦੀ ਉਸ ਸੁਤੰਤਰਤਾ ਨੂੰ ਬਹਾਲ ਕਰਨਾ ਸੀ ਜੋ ਸੱਤ ਸੌ ਸਾਲ ਪਹਿਲਾਂ ਗਜਨੀ ਦੇ ਤੁਰਕਾਂ ਨੇ ਮਹਿਮੂਦ ਗਜਨਵੀ ਦੇ ਅਧੀਨ ਪੰਜਾਬ ਦੇ ਹਿੰਦੂ ਲੋਕਾਂ ਤੋਂ ਖੋਹੀ ਸੀ।

ਬਾਬਾ ਬੰਦਾ ਸਿੰਘ ਬਹਾਦਰ ਦੀ ਫੌਜ ਦੀ ਬਣਤਰ ਤੋਂ ਇਸ ਗੱਲ ਦੀ ਪ੍ਰੋੜਤਾ ਹੁੰਦੀ ਹੈ ਕਿ ਬਾਬਾ ਜੀ ਦਾ ਮੰਤਵ ਪੰਜਾਬ ਦੇ ਹਰ ਵਰਗ ਦੇ ਲੋਕਾਂ ਹਿੰਦੂਆਂ, ਸਿੱਖਾਂ ਤੇ ਮੁਸਲਮਾਨਾਂ ਨੂੰ ਇਕ ਪਲੇਟਫਾਰਮ ’ਤੇ ਇਕੱਠੇ ਕਰਨਾ ਸੀ। ਸਮਕਾਲੀ ਭਰੋਸੇਯੋਗ ਗਵਾਹੀਆਂ ਤੋਂ ਪਤਾ ਲਗਦਾ ਹੈ ਕਿ ਉਨ੍ਹਾਂ ਦੀ ਫੌਜ ਵਿਚ ਸਿਰਫ ਸਿੱਖ ਹੀ ਨਹੀਂ ਸਨ, ਘੱਟੋ-ਘੱਟ ਪੰਜ ਹਜ਼ਾਰ ਮੁਸਲਮਾਨ ਵੀ ਮੁਗਲਾਂ ਵਿਰੁੱਧ ਲੜਨ ਲਈ ਉਨ੍ਹਾਂ ਦਾ ਸਾਥ ਦੇ ਰਹੇ ਸਨ। ਈਰਾਨ, ਤੁਰਾਕ, ਕਾਬਲ, ਕੰਧਾਰ ਤੇ ਮੁਲਤਾਨ ਦੇ ਹਿੰਦੂ ਵੀ ਹਜ਼ਾਰਾਂ ਦੀ ਗਿਣਤੀ ਵਿਚ ਨਾਲ ਆ ਰਲੇ। ਉਦਾਸੀ ਸੰਤਾਂ ਤੇ ਮਸੰਦਾਂ ਦੇ ਪ੍ਰਚਾਰ ਸਦਕਾ ਇਹ ਲੋਕ ਕਾਫੀ ਚਿਰ ਤੋਂ ਸਿੱਖ ਧਰਮ ਵਿਚ ਪ੍ਰਵੇਸ਼ ਕਰ ਚੁੱਕੇ ਸਨ। ਪੰਜਾਬ ਵਿਚ ਆ ਕੇ ਇਹ ਅੰਮ੍ਰਿਤ ਛਕ ਕੇ ਬਾਬਾ ਬੰਦਾ ਸਿੰਘ ਦੀ ਫੌਜ ਵਿਚ ਸ਼ਾਮਲ ਹੋ ਗਏ।

ਇਨ੍ਹਾਂ ਤੋਂ ਇਲਾਵਾ ਬਾਬਾ ਜੀ ਨੇ ਪੱਛੜੀਆਂ ਸ਼੍ਰੇਣੀਆਂ ਤੇ ਦਲਿਤ ਜਾਤੀਆਂ ਨੂੰ ਵੀ ਨਾਲ ਰੱਖਿਆ। ਖਰਚਾ ਚਲਾਉਣ ਅਤੇ ਧੰਨ ਦੀ ਪੂਰਤੀ ਲਈ ਉਨ੍ਹਾਂ ਉੱਘੇ ਵਪਾਰੀਆਂ ਨੂੰ ਵੰਗਾਰਿਆ। ਸਭ ਨੇ ਖੁੱਲ੍ਹ ਕੇ ਮਦਦ ਕੀਤੀ। ਆਰਥਿਕ ਲੋੜਾਂ ਦੀ ਪੂਰਤੀ ਹੁੰਦਿਆਂ ਹੀ ਉਨ੍ਹਾਂ ਨੇ ਪੰਜਾਬ ’ਤੇ ਹਮਲਾ ਕਰ ਦਿੱਤਾ ਤੇ ਜਿੱਤਾਂ ਦਾ ਸਿਲਸਿਲਾ ਸ਼ੁਰੂ ਹੋ ਗਿਆ। ਨਵੰਬਰ 11, 1709 ਈ. ਨੂੰ ਸਮਾਣਾ ’ਤੇ ਫ਼ਤਹਿ ਪ੍ਰਾਪਤ ਕੀਤੀ। ਇਸ ਤੋਂ ਬਾਅਦ ਸੋਨੀਪਤ, ਕੈਥਲ, ਸਮਾਣਾ, ਘੜਾਮ, ਠਸਕਾ, ਸ਼ਾਹਬਾਦ, ਕਪੂਰੀ ਤੇ ਸਢੋਰਾ ’ਤੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ। ਬਾਬਾ ਬੰਦਾ ਸਿੰਘ ਬਹਾਦਰ ਦੇ ਆਉਣ ਦਾ ਸੁਣ ਕੇ ਮਾਝੇ ਤੇ ਦੁਆਬੇ ਦੇ ਸਿੱਖਾਂ ਨੇ ਹਕੂਮਤ ਵਿਰੁੱਧ ਬਗਾਵਤ ਕਰ ਦਿੱਤੀ ਕਿਉਂਕਿ ਸਿੱਖਾਂ ਦੇ ਹੌਸਲੇ ਬਹੁਤ ਬੁਲੰਦ ਹੋ ਚੁੱਕੇ ਸਨ। ਉਹ ਰੋਪੜ ਨੂੰ ਜਿੱਤ ਕੇ ਬਾਬਾ ਬੰਦਾ ਸਿੰਘ ਬਹਾਦਰ ਨਾਲ ਆ ਮਿਲੇ। ਹੁਣ ਸਿੱਖ ਆਪਣੇ ਮੁੱਖ ਨਿਸ਼ਾਨੇ ਸਰਹਿੰਦ ’ਤੇ ਜ਼ੋਰਦਾਰ ਹੱਲਾ ਬੋਲਣ ਲਈ ਕਚੀਚੀਆਂ ਲੈਣ ਲੱਗੇ। ਆਖਰ ਉਹ ਘੜੀ ਆ ਗਈ ਜਿਸ ਦਾ ਉਹ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ। ਸੂਬੇਦਾਰ ਵਜ਼ੀਰ ਖਾਂ ਨੂੰ ਸਬਕ ਸਿਖਾਉਣ ਲਈ ਸਿੱਖਾਂ ਨੇ ਚੱਪੜਚਿੱੜੀ ਦਾ ਮੈਦਾਨ ਆ ਮੱਲਿਆ। ਸੂਬੇਦਾਰ ਵਜ਼ੀਰ ਖਾਂ ਦੀਆਂ ਫੌਜਾਂ ਸਿੱਖਾਂ ਦੇ ਤੂਫਾਨ ਨੂੰ ਰੋਕਣ ਲਈ ਅੱਗੇ ਵਧੀਆਂ। ਸਿੰਘਾਂ ਨੇ ਸਰਹੰਦ ’ਤੇ ਹਮਲੇ ਲਈ ਪਹਿਲਾਂ ਹੀ ਜ਼ੋਰਦਾਰ ਤਿਆਰੀਆਂ ਕੀਤੀਆਂ ਹੋਈਆਂ ਸਨ। 12 ਮਈ, 1710 ਈ: ਨੂੰ ਚੱਪੜਚਿੱੜੀ ਦੇ ਮੈਦਾਨ ਵਿਚ ਮੁਕਾਬਲਾ ਹੋਇਆ। ਇਸ ਭਿਆਨਕ ਲੜਾਈ ਵਿਚ ਵਜ਼ੀਰ ਖਾਂ ਮਾਰਿਆ ਗਿਆ। ਇਸ ਤਰ੍ਹਾਂ ਹਰਸਾ ਸਿੰਘ ਚਾਤਰ ਅਨੁਸਾਰ ਬੰਦਾ ਬਹਾਦਰ ਨੇ ‘ਮਾਰ ਵਜੀਦੇ ਖਾਂ ਨੂੰ, ਧਰਤੋਂ ਭਾਰੀ ਪੰਡ ਉਤਾਰੀ। ਇਸ ਤਰ੍ਹਾਂ ਵਜ਼ੀਰ ਖਾਂ ਦੇ ਮਰਨ ਨਾਲ ਬਾਕੀ ਫੌਜਾਂ ਮੈਦਾਨ ਛੱਡ ਕੇ ਦੌੜ ਗਈਆਂ। ਦੋ ਦਿਨਾਂ ਬਾਅਦ ਸਿੱਖ ਫੌਜਾਂ 14 ਮਈ, 1710 ਈ: ਨੂੰ ਸਰਹਿੰਦ ਵਿਚ ਦਾਖਲ ਹੋਈਆਂ। ਬੰਦਾ ਬਹਾਦਰ ਨੇ ਸਿਤਮਾਂ ਦੀ ਨਗਰੀ ਸਰਹਿੰਦ ਨੂੰ ਇੱਟਾਂ ਦੇ ਢੇਰ ਵਿੱਚ ਬਦਲ ਦਿੱਤਾ। ਵਜ਼ੀਰ ਖਾਂ ਦੇ ਮਹਿਲਾਂ ’ਚੋਂ ਬਹੁਤ ਸਾਰਾ ਧੰਨ ਬਾਬਾ ਬੰਦਾ ਸਿੰਘ ਬਹਾਦਰ ਦੇ ਹੱਥ ਲੱਗਾ। ਸਰਹਿੰਦ ਦੀ ਜਿੱਤ ਨੇ ਅਹਿਮਦ ਸ਼ਾਹ ਅਬਦਾਲੀ ਦੇ ਕਥਨ ਨੂੰ ‘ਸਿੱਖਾਂ ਵਿਚੋਂ ਹਕੂਮਤ ਦੀ ਬੋ ਆਉਂਦੀ ਹੈ’ ਨੂੰ ਸਹੀ ਸਿੱਧ ਕਰ ਦਿਖਾਇਆ।

ਸਰਹਿੰਦ ’ਤੇ ਮੁਕੰਮਲ ਕਬਜ਼ਾ ਕਰਨ ਤੋਂ ਬਾਅਦ ਬਾਬਾ ਬੰਦਾ ਸਿੰਘ ਬਹਾਦਰ ਮਾਲੇਰਕੋਟਲੇ ਵੱਲ ਵਧੇ ਪਰ ਇਥੋਂ ਦੇ ਨਵਾਬ ਵੱਲੋਂ ਹਾਅ ਦਾ ਨਾਅਰਾ ਮਾਰਨ ਲਈ ਇਸ ਸ਼ਹਿਰ ਨੂੰ ਕੋਈ ਨੁਕਸਾਨ ਨਾ ਪਹੁੰਚਾਇਆ ਗਿਆ। ਬਾਬਾ ਬੰਦਾ ਸਿੰਘ ਬਹਾਦਰ ਨੇ ਸਰਹਿੰਦ ਦੀ ਬਜਾਏ ਮੁਖਲਿਸਗੜ੍ਹ ਨੂੰ ਆਪਣੀ ਰਾਜਧਾਨੀ ਥਾਪਿਆ ਤੇ ਆਪਣੀਆਂ ਅਗਲੀਆਂ ਮੁਹਿੰਮਾਂ ਦਾ ਆਧਾਰ ਕੇਂਦਰ ਬਣਾਇਆ। ਜਿਸ ਸਮੇਂ ਬੰਦਾ ਬਹਾਦਰ ਨੇ ਇਸ ਕਿਲ੍ਹੇ ’ਤੇ ਕਬਜ਼ਾ ਕੀਤਾ ਤਾਂ ਇਹ ਬੜੀ ਖਸਤਾ ਹਾਲਤ ਵਿਚ ਸੀ। ਛੇਤੀ ਹੀ ਇਸ ਦੀ ਮੁਰੰਮਤ ਕੀਤੀ ਗਈ ਤੇ ਇਸ ਦਾ ਨਾਮ ਲੋਹਗੜ੍ਹ ਰੱਖਿਆ ਗਿਆ। ਲੋਹਗੜ੍ਹ ਸਿੰਘਾਂ ਦੇ ਨਵੇਂ ਬਣ ਰਹੇ ਰਾਜ ਦੀ ਰਾਜਧਾਨੀ ਬਣ ਗਿਆ।

ਬੰਦਾ ਬਹਾਦਰ ਨੇ ਰਾਜ ਦੀ ਸਦੀਵੀ ਪੱਕੀ ਨਿਸ਼ਾਨੀ ਲਈ ਗੁਰੂ ਨਾਨਕ ਤੇ ਗੁਰੂ ਗੋਬਿੰਦ ਸਿੰਘ ਦੇ ਨਾਂ ਦਾ ਸਿੱਕਾ ਵੀ ਜਾਰੀ ਕੀਤਾ। ਜਿੱਤਾਂ ਦਾ ਸਿਲਸਿਲਾ ਜਾਰੀ ਰੱਖਦਿਆਂ ਬੰਦਾ ਬਹਾਦਰ ਨੇ ਜੁਲਾਈ 1710 ਵਿਚ ਗੰਗਾ ਤੇ ਜਮਨਾ ਦੇ ਮੈਦਾਨੀ ਇਲਾਕਿਆਂ ’ਤੇ ਕਬਜ਼ਾ ਕਰ ਲਿਆ। ਮਾਝੇ ਤੇ ਦੁਆਬੇ ਦੇ ਸਿੱਖ ਉਠ ਖੜ੍ਹੇ ਹੋਏ। ਅਕਤੂਬਰ 1710 ਤੱਕ ਕਿਲ੍ਹਾ ਭਗਵੰਤ ਰਾਏ ਤੇ ਭੀਲੋਵਾਲ ਵੀ ਸਿੱਖ ਫੌਜਾਂ ਦੇ ਕਬਜ਼ੇ ਵਿਚ ਆ ਗਏ। ਸਿੱਖਾਂ ਦੀ ਚੜ੍ਹਤ ਨੇ ਹਿੰਦੋਸਤਾਨ ਦੇ ਬਾਦਸ਼ਾਹ ਬਹਾਦਰ ਸ਼ਾਹ ਨੂੰ ਭੈਭੀਤ ਕਰ ਦਿੱਤਾ। ਉਸ ਨੇ ਸਿੱਖਾਂ ਕੋਲੋਂ ਜਿੱਤਿਆ ਹੋਇਆ ਇਲਾਕਾ ਲੈਣ ਲਈ ਪੰਜਾਬ ਵੱਲ ਕੂਚ ਕੀਤਾ। ਹਾਲਾਤ ਅਨੁਸਾਰ ਸਿੱਖਾਂ ਨੂੰ ਪਿੱਛੇ ਹਟਣਾ ਪਿਆ ਤੇ ਉਹ ਪਹਾੜਾਂ ਵੱਲ ਨਿਕਲ ਗਿਆ। ਇਸੇ ਦੌਰਾਨ ਪੰਥ ਦੋਖੀ ਪਹਾੜੀ ਰਾਜੇ ਭੀਮ ਚੰਦ ਨੂੰ ਜਾ ਸੋਧਿਆ। 18 ਫਰਵਰੀ 1712 ਨੂੰ ਬਹਾਦਰ ਸ਼ਾਹ ਦੀ ਮੌਤ ਹੋ ਗਈ। ਦਿੱਲੀ ਦਾ ਬਾਦਸ਼ਾਹ ਫਰੁਖਸੀਅਰ ਇਕ ਕਮਜ਼ੋਰ ਬਾਦਸ਼ਾਹ ਸੀ। ਇਸ ਮੌਕੇ ਦਾ ਲਾਭ ਉਠਾਉਂਦਿਆਂ ਬੰਦਾ ਸਿੰਘ ਨੇ ਮੁੜ ਆਪਣੀ ਤਾਕਤ ਨੂੰ ਸੰਗਠਿਤ ਕੀਤਾ ਤੇ ਕਈ ਇਲਾਕਿਆਂ ’ਤੇ ਕਬਜ਼ਾ ਕਰ ਲਿਆ। 1712 ਈ: ਨੂੰ ਸਰਹਿੰਦ ਤੇ ਲੋਹਗੜ੍ਹ ਫਿਰ ਜਿੱਤ ਲਏ। ਬਟਾਲਾ ਤੇ ਕਲਾਨੌਰ ਨੂੰ ਜਿੱਤ ਕੇ ਸ਼ਮਸ ਖਾਨ ਨੂੰ ਮਾਰ ਮੁਕਾਇਆ ਅੰਤ ਗੁਰਦਾਸ ਨੰਗਲ ਦੀ ਕੱਚੀ ਗੜ੍ਹੀ ਵਿਚ ਬੰਦਾ ਸਿੰਘ ਤੇ ਕਈ ਹੋਰ ਸਿੰਘ ਮੁਗਲ ਫੌਜ ਦੇ ਘੇਰੇ ਵਿਚ ਆ ਗਏ। ਇਹ ਘੇਰਾ ਲੰਬਾ ਸਮਾਂ ਭਾਵ ਅੱਠ ਮਹੀਨੇ ਜਾਰੀ ਰਿਹਾ। ਘੇਰਾ ਲੰਬਾ ਹੋਣ ਕਾਰਣ ਰਾਸ਼ਨ ਦੀ ਕਮੀ ਹੋਣ ਲਗੀ। ਸਿਪਾਹੀ ਭੁੱਖ ਤੇ ਪਿਆਸ ਨਾਲ ਮਰਨ ਲੱਗੇ।

ਬੰਦਾ ਬਹਾਦਰ ਨੂੰ 800 ਸਾਥੀਆਂ ਸਮੇਤ ਗ੍ਰਿਫਤਾਰ ਕਰ ਲਿਆ ਗਿਆ। ਫਿਰ ਪਿੰਜਰੇ ਵਿਚ ਬੰਦ ਕਰ ਕੇ ਦਿੱਲੀ ਲਿਜਾਇਆ ਗਿਆ। 15 ਮਾਰਚ 1716 ਨੂੰ ਸਿੱਖ ਕੈਦੀਆਂ ਦਾ ਕਤਲੇਆਮ ਸ਼ੁਰੂ ਹੋਇਆ। ਤਕਰੀਬਨ 100 ਸਿੱਖਾਂ ਨੂੰ ਰੋਜ਼ ਕਤਲ ਕੀਤਾ ਜਾਂਦਾ। ਤਿੰਨ ਮਹੀਨੇ ਬਾਅਦ 9 ਜੂਨ 1716 ਈ ਨੂੰ ਬੰਦਾ ਸਿੰਘ ਬਹਾਦਰ ਤੇ ਉਨ੍ਹਾਂ ਦੇ ਸਾਥੀਆਂ ਨੂੰ ਕਿਲ੍ਹੇ ਤੋਂ ਬਾਹਰ ਲਿਆਂਦਾ ਗਿਆ ਤੇ ਜਲੂਸ ਦੀ ਸ਼ਕਲ ’ਚ ਕੁਤਬ ਮੀਨਾਰ ਨੇੜੇ ਖਵਾਜਾ ਕੁਤਬਦੀਨ ਬਖਤਿਆਰ ਕਾਕੀ ਦੇ ਰੋਜੇ ਕੋਲ ਪਹੁੰਚਾਇਆ ਗਿਆ। ਚਸ਼ਮਦੀਦ ਗਵਾਹਾਂ ਅਨੁਸਾਰ ਬੰਦਾ ਸਿੰਘ ਬਹਾਦਰ ਨੂੰ ਸ਼ਹੀਦੀ ਦਾ ਜਾਮ ਪਿਲਾਉਣ ਤੋਂ ਪਹਿਲਾਂ ਉਨ੍ਹਾਂ ਦੇ ਪੁੱਤਰ ਅਜੈ ਸਿੰਘ ਨੂੰ ਕਤਲ ਕਰ ਕੇ ਉਸ ਦਾ ਧੜਕਦਾ ਦਿਲ ਉਸ ਦੇ ਮੂੰਹ ਵਿਚ ਤੁੰਨਿਆ ਗਿਆ। ਫਿਰ ਜਲਾਦ ਨੇ ਉਨ੍ਹਾਂ ਦੀਆਂ ਅੱਖਾਂ ਕੱਢੀਆਂ, ਹੱਥ ਪੈਰ ਕੱਟੇ ਗਏ, ਲਾਲ ਭਖਦੇ ਜੰਬੂਰਾਂ ਨਾਲ ਸਰੀਰ ਤੋਂ ਮਾਸ ਨੋਚਿਆ ਗਿਆ ਅਤੇ ਅੰਤ ਵਿੱਚ ਸਿਰ ਤੇ ਧੜ ਨੂੰ ਅਲੱਗ ਕਰ ਕੇ ਟੁਕੜੇ-ਟੁਕੜੇ ਕਰ ਦਿੱਤੇ ਗਏ।