ਸਰਕਾਰ ਟੇਲਾਂ ’ਤੇ ਨਹਿਰੀ ਪਾਣੀ ਪਹੁੰਚਾਉਣ ਲਈ ਯਤਨਸ਼ੀਲ: ਮਾਨ

ਸਰਕਾਰ ਟੇਲਾਂ ’ਤੇ ਨਹਿਰੀ ਪਾਣੀ ਪਹੁੰਚਾਉਣ ਲਈ ਯਤਨਸ਼ੀਲ: ਮਾਨ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬੇ ’ਚ ਟੇਲਾਂ ’ਤੇ ਆਖਰੀ ਖੇਤਾਂ ਤੱਕ ਨਹਿਰੀ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਦੇ ਦੂਰ-ਦੁਰਾਡੇ ਇਲਾਕਿਆਂ ’ਚ ਪਹਿਲਾਂ ਹੀ ਪਾਣੀ ਪਹੁੰਚਾਇਆ ਜਾ ਚੁੱਕਾ ਹੈ। ਪੰਜਾਬ ਸਰਕਾਰ ਨੇ ਸੂਬੇ ਦੇ ਨਰਮਾ ਕਾਸ਼ਤਕਾਰਾਂ ਨਾਲ ਇਕ ਅਪਰੈਲ ਤੋਂ ਨਹਿਰੀ ਪਾਣੀ ਦੇਣ ਦਾ ਵਾਅਦਾ ਕੀਤਾ ਸੀ ਅਤੇ ਮਿੱਥੇ ਸਮੇਂ ਉਤੇ ਉਨ੍ਹਾਂ ਦੇ ਖੇਤਾਂ ਤੱਕ ਪਾਣੀ ਪਹੁੰਚਾ ਕੇ ਇਹ ਵਾਅਦਾ ਇਸ ਵਾਰ ਪੂਰਾ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਤੇਜ਼ੀ ਨਾਲ ਪਾਣੀ ਦਾ ਪੱਧਰ ਡਿੱਗਣ ’ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਸੂਬੇ ਦੇ ਲਗਪਗ ਸਾਰੇ ਬਲਾਕ ਡਾਰਕ ਜ਼ੋਨ ਵਿੱਚ ਹਨ। ਅਜਿਹਾ ਖੇਤਾਂ ਲਈ ਸੰਕੋਚ ਕੀਤੇ ਬਿਨਾਂ ਪਾਣੀ ਕੱਢਣ ਕਾਰਨ ਵਾਪਰਿਆ ਹੈ। ਇਸ ਰੁਝਾਨ ’ਤੇ ਠੱਲ੍ਹ ਪਾਉਣ ਦੀ ਲੋੜ ਹੈ ਤਾਂ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪਾਣੀ ਦੇ ਸੰਕਟ ਨਾਲ ਨਾ ਜੂਝਣਾ ਪਵੇ। ਇਸ ਲਈ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਕਰਨ ਨਾਲ ਧਰਤੀ ਹੇਠਲੇ ਪਾਣੀ ’ਤੇ ਬੋਝ ਘਟਾਇਆ ਜਾ ਸਕਦਾ ਹੈ।ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਮੇਂ ਪੰਜਾਬ ਆਪਣੇ ਨਹਿਰੀ ਪਾਣੀ ਦੀ ਸਿਰਫ਼ 33 ਫੀਸਦੀ ਤੋਂ 34 ਫੀਸਦੀ ਵਰਤੋਂ ਕਰ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਵਿੱਚ ਹੋਰ ਇਜ਼ਾਫਾ ਕੀਤਾ ਜਾਵੇਗਾ। ਜੇਕਰ ਪਹਿਲੇ ਪੜਾਅ ’ਚ ਨਹਿਰੀ ਪਾਣੀ ਦੀ ਵਰਤੋਂ ਨੂੰ 60 ਫੀਸਦੀ ਤੱਕ ਵਧਾ ਦਿੱਤਾ ਜਾਵੇ ਤਾਂ 14 ਲੱਖ ਵਿੱਚੋਂ ਕਰੀਬ ਚਾਰ ਲੱਖ ਟਿਊਬਵੈੱਲ ਬੰਦ ਹੋ ਸਕਦੇ ਹਨ, ਜਿਸ ਨਾਲ ਪਾਣੀ ਦੀ ਬੱਚਤ ਵਿੱਚ ਮਦਦ ਮਿਲੇਗੀ।