ਸ਼੍ਰੋਮਣੀ ਕਮੇਟੀ ਨੇ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਇਆ

ਸ਼੍ਰੋਮਣੀ ਕਮੇਟੀ ਨੇ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਇਆ

ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਨੂੰ ਭੁਲਾਇਆ ਨਹੀਂ ਜਾ ਸਕਦਾ: ਚੰਦੂਮਾਜਰਾ
ਐਸਏਐਸ ਨਗਰ (ਮੁਹਾਲੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਸਥਾਨਕ ਇਤਿਹਾਸਕ ਗੁਰਦੁਆਰਾ ਫ਼ਤਹਿ-ਏ-ਜੰਗ ਸਾਹਿਬ ਚੱਪੜਚਿੜੀ ਵਿੱਚ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਇਆ। ਇਸ ਮੌਕੇ ਅੱਜ ਸਵੇਰੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਮਗਰੋਂ ਸਾਰਾ ਦਿਨ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰੀ ਜਥਿਆਂ ਨੇ ਕਥਾ, ਕੀਰਤਨ ਤੇ ਗੁਰਮਤਿ ਵਿਚਾਰਾਂ ਕੀਤੀਆਂ।

ਇਸ ਮੌਕੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਇਸ ਪਵਿੱਤਰ ਅਸਥਾਨ ’ਤੇ ਬਾਬਾ ਬੰਦਾ ਸਿੰਘ ਬਹਾਦਰ ਨੇ ਸੂਬਾ ਸਰਹਿੰਦ ਨੂੰ ਮੌਤ ਦੇ ਘਾਟ ਉਤਾਰ ਕੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਤੇ ਅਦੁੱਤੀ ਸ਼ਹਾਦਤ ਦਾ ਬਦਲਾ ਲੈ ਕੇ ਪਹਿਲੇ ਖ਼ਾਲਸਾ ਰਾਜ ਦੀ ਨੀਂਹ ਰੱਖੀ ਅਤੇ ਲੋਕਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ।

‘ਆਪ’ ’ਤੇ ਨਿਸ਼ਾਨਾ ਸੇਧਦਿਆਂ ਉਨ੍ਹਾਂ ਕਿਹਾ ਕਿ ਸਾਫ਼ ਤੌਰ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਨੀਅਤ ਵਿੱਚ ਖੋਟ ਦਿਖਾਈ ਦੇ ਰਹੀ ਹੈ। ਭਗਵੰਤ ਮਾਨ ਪੰਜਾਬ ਦੇ ਖ਼ਰਚੇ ’ਤੇ ਆਪਣੇ ਗੁਰੂ ਅਰਵਿੰਦ ਕੇਜਰੀਵਾਲ ਨੂੰ ਹਵਾਈ ਝੂਟਿਆਂ ਰਾਹੀਂ ਖ਼ੁਸ਼ ਕਰਦਿਆਂ ਸੂਬੇ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੇ ਹਨ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਤੇ ਚਰਨਜੀਤ ਸਿੰਘ ਕਾਲੇਵਾਲ ਨੇ ਚੱਪੜਚਿੜੀ ਜੰਗੀ ਮੈਦਾਨ ਦੇ ਇਤਿਹਾਸ ਤੋਂ ਜਾਣੂ ਕਰਵਾਇਆ।