ਪ੍ਰਧਾਨ ਮੰਤਰੀ ਮੋਦੀ ਵੱਲੋਂ ਮਨੀਪੁਰ ਬਾਰੇ ਉੱਚ ਪੱਧਰੀ ਮੀਟਿੰਗ

ਪ੍ਰਧਾਨ ਮੰਤਰੀ ਮੋਦੀ ਵੱਲੋਂ ਮਨੀਪੁਰ ਬਾਰੇ ਉੱਚ ਪੱਧਰੀ ਮੀਟਿੰਗ

ਸ਼ਾਹ ਨੇ ਪ੍ਰਧਾਨ ਮੰਤਰੀ ਨੂੰ ਹਿੰਸਾ ਦੇ ਝੰਬੇ ਸੂਬੇ ਦੇ ਮੌਜੂਦਾ ਹਾਲਾਤ ਤੋਂ ਜਾਣੂ ਕਰਵਾਇਆ
ਨਵੀਂ ਦਿੱਲੀ-ਅਮਰੀਕਾ ਤੇ ਮਿਸਰ ਦੇ ਸਰਕਾਰੀ ਦੌਰੇ ਤੋਂ ਪਰਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮਨੀਪੁਰ ਦੇ ਮੌਜੂਦਾ ਹਾਲਾਤ ਬਾਰੇ ਚਰਚਾ ਲਈ ਉੱਚ ਪੱਧਰੀ ਬੈਠਕ ਕੀਤੀ। ਬੈਠਕ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਵਿੱਤ ਮੰਤਰੀ ਨਿਰਮਲਾ ਸੀਤਾਰਾਮਨ, ਹਰਦੀਪ ਸਿੰਘ ਪੁਰੀ ਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ। ਬੈਠਕ ਵਿੱਚ ਸ਼ਾਹ ਨੇ ਸ੍ਰੀ ਮੋਦੀ ਨੂੰ ਮਨੀਪੁਰ ਦੇ ਮੌਜੂਦਾ ਹਾਲਾਤ ਅਤੇ ਸੂਬਾ ਸਰਕਾਰ ਤੇ ਕੇਂਦਰ ਵੱਲੋਂ ਹਿੰਸਾ ਦੇ ਝੰਬੇ ਸੂੁਬੇ ਵਿੱਚ ਅਮਨ ਦੀ ਬਹਾਲੀ ਲਈ ਕੀਤੇ ਯਤਨਾਂ ਬਾਰੇ ਦੱਸਿਆ। ਸ੍ਰੀ ਮੋਦੀ ਅਮਰੀਕਾ ਤੇ ਮਿਸਰ ਦੀ ਪੰਜ ਰੋਜ਼ਾ ਫੇਰੀ ਤੋਂ ਅੱਜ ਸਵੇਰੇ ਹੀ ਪਰਤੇ ਸਨ।

ਪ੍ਰਧਾਨ ਮੰਤਰੀ ਨੇ ਉੱਚ ਪੱਧਰੀ ਬੈਠਕ ਵਿੱਚ ਮਨੀਪੁਰ ਮੁੱਦੇ ’ਤੇ ਚਰਚਾ ਅਜਿਹੇ ਮੌਕੇ ਕੀਤੀ ਹੈ, ਜਦੋਂ ਕਾਂਗਰਸ ਸਣੇ ਹੋਰਨਾਂ ਵਿਰੋਧੀ ਪਾਰਟੀਆਂ ਵੱਲੋਂ ਲਗਾਤਾਰ ਸ੍ਰੀ ਮੋਦੀ ਦੀ ਖਾਮੋੋਸ਼ੀ ’ਤੇ ਸਵਾਲ ਚੁੱਕੇ ਜਾ ਰਹੇ ਹਨ। ਚੇਤੇ ਰਹੇ ਕਿ ਮਨੀਪੁਰ ਦੇ ਮੁੱਖ ਮੰਤਰੀ ਐੱਨ.ਬੀਰੇਨ ਸਿੰਘ ਨੇ ਲੰਘੇ ਦਿਨ ਨਵੀਂ ਦਿੱਲੀ ਵਿੱਚ ਅਮਿਤ ਸ਼ਾਹ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕਰਕੇ ਸੂਬੇ ਦੇ ਮੌਜੂਦਾ ਹਾਲਾਤ ਬਾਰੇ ਉਨ੍ਹਾਂ ਨੂੰ ਇਕ ਰਿਪੋਰਟ ਸੌਂਪੀ ਸੀ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ਾਹ ਨੂੰ ਦੱਸਿਆ ਸੀ ਕਿ ਸੂਬਾ ਤੇ ਕੇਂਦਰ ਸਰਕਾਰਾਂ ਕਾਫ਼ੀ ਹੱਦ ਤੱਕ ਹਿੰਸਾ ਨੂੰ ਕਾਬੂ ਕਰਨ ਵਿੱਚ ਸਫ਼ਲ ਰਹੀਆਂ ਹਨ। ਉਧਰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਸ਼ਨਿੱਚਰਵਾਰ ਨੂੰ ਸਰਬ ਪਾਰਟੀ ਮੀਟਿੰਗ ਸੱਦ ਕੇ ਸਰਕਾਰ ਵੱਲੋਂ ਮਨੀਪੁਰ ਵਿੱਚ ਅਮਨ ਬਹਾਲੀ ਲਈ ‘ਸਮੇਂ ਸਿਰ ਕੀਤੀ ਕਾਰਵਾਈ’ ਤੋਂ ਜਾਣੂ ਕਰਵਾਇਆ ਸੀ। ਮੀਟਿੰਗ ਵਿੱਚ 18 ਸਿਆਸੀ ਪਾਰਟੀਆਂ ਦੇ ਆਗੂ ਸ਼ਾਮਲ ਹੋਏ ਸਨ।