ਭਾਰੀ ਮੀਂਹ ਕਾਰਨ ਦਿੱਲੀ ’ਚ ਜਲ-ਥਲ

ਭਾਰੀ ਮੀਂਹ ਕਾਰਨ ਦਿੱਲੀ ’ਚ ਜਲ-ਥਲ

ਨਵੀਂ ਦਿੱਲੀ- ਕੌਮੀ ਰਾਜਧਾਨੀ ਵਿੱਚ ਅੱਜ ਭਾਰੀ ਮੀਂਹ ਪੈਣ ਕਾਰਨ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ। ਇਸ ਦੌਰਾਨ ਭਾਰਤੀ ਮੌਸਮ ਵਿਭਾਗ (ਆਈਐੱਮਡੀ) ਨੇ ਭਲਕੇ ਐਤਵਾਰ ਲਈ ‘ਯੈਲੋ ਅਲਰਟ’ ਜਾਰੀ ਕੀਤਾ ਹੈ। ਦਿੱਲੀ ਵਿੱਚ ਮੌਨਸੂਨ ਦਾ ਇਹ ਪਹਿਲਾ ਭਰਵਾਂ ਮੀਂਹ ਸੀ। ਵਿਭਾਗ ਨੇ ਦੱਸਿਆ ਕਿ ਦਿੱਲੀ ਦੇ ਪ੍ਰਾਇਮਰੀ ਮੌਸਮ ਵਿਗਿਆਨ ਕੇਂਦਰ ਸਫਦਰਜੰਗ ਆਬਜ਼ਰਵੇਟਰੀ ਵਿੱਚ ਦੁਪਹਿਰ 2.30 ਵਜੇ ਤੱਕ 98.7 ਮਿਲੀਮੀਟਰ ਅਤੇ ਰਿਜ ਆਬਜ਼ਰਵੇਟਰੀ ਵਿੱਚ 111.4 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਦਿੱਲੀ ਵਿੱਚ ਸਵੇਰ ਤੋਂ ਪੈ ਰਹੇ ਮੀਂਹ ਕਾਰਨ ਕਈ ਯਾਤਰੀਆਂ ਨੂੰ ਪ੍ਰੇਸ਼ਾਨੀ ਹੋਈ। ਪੀਡਬਲਿਊਡੀ ਦੇ ਇੱਕ ਅਧਿਕਾਰੀ ਨੇ ਕਿਹਾ, ‘‘ਸਾਨੂੰ ਕਈ ਇਲਾਕਿਆਂ ਵਿੱਚ ਪਾਣੀ ਭਰਨ ਦੀਆਂ ਸ਼ਿਕਾਇਤਾਂ ਮਿਲੀਆਂ ਹਨ। ਅਸੀਂ ਉਨ੍ਹਾਂ ਸ਼ਿਕਾਇਤਾਂ ਨੂੰ ਅੱਗੇ ਭੇਜ ਦਿੱਤਾ ਹੈ। ਫਿਲਹਾਲ ਸਥਿਤੀ ਕਾਬੂ ਹੇਠ ਹੈ।’’ ਆਈਐਮਡੀ ਅਨੁਸਾਰ ਦਿੱਲੀ ਵਿੱਚ ਅੱਜ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਤਿੰਨ ਡਿਗਰੀ ਘੱਟ ਹੈ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੀਂਹ ਨੇ ਕੇਜਰੀਵਾਲ ਦੇ ਦਿੱਲੀ ਮਾਡਲ ਦੀ ਪੋਲ ਖੋਲ੍ਹੀ: ਕਾਂਗਰਸ
ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਨਿਲ ਕੁਮਾਰ ਨੇ ਕਿਹਾ ਕਿ ਮੀਂਹ ਕਾਰਨ ਥਾਂ-ਥਾਂ ਜਮ੍ਹਾ ਹੋਏ ਪਾਣੀ ਨੇ ਕੇਜਰੀਵਾਲ ਦੇ ਦਿੱਲੀ ਮਾਡਲ ਦਾ ਪਰਦਾਫਾਸ਼ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਆਗੂਆਂ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੇ ਮੌਨਸੂਨ ਕਾਰਨ ਪੈਦਾ ਹੋਣ ਵਾਲੀਆਂ ਸਮੱਸਿਆਵਾਂ ਨਾਲ ਨਜਿੱਠਣ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਹਨ ਪਰ ਸਿਰਫ਼ ਇੱਕ ਦਿਨ ਦੀ ਬਾਰਿਸ਼ ਨੇ ਇਨ੍ਹਾਂ ਤਿਆਰੀਆਂ ਦੀ ਪੋਲ ਖੋਲ੍ਹ ਦਿੱਤੀ ਹੈ।