ਮਨੀਪੁਰ ਦੀ ਘਟਨਾ ਨੇ 140 ਕਰੋੜ ਭਾਰਤੀਆਂ ਨੂੰ ਸ਼ਰਮਸਾਰ ਕੀਤਾ: ਮੋਦੀ

ਮਨੀਪੁਰ ਦੀ ਘਟਨਾ ਨੇ 140 ਕਰੋੜ ਭਾਰਤੀਆਂ ਨੂੰ ਸ਼ਰਮਸਾਰ ਕੀਤਾ: ਮੋਦੀ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਮਨੀਪੁਰ ਵਿੱਚ ਮਹਿਲਾਵਾਂ ਦੀ ਨਗਨ ਪਰੇਡ ਦੀ ਘਟਨਾ ਨੇ 140 ਕਰੋੜ ਭਾਰਤੀਆਂ ਨੂੰ ਸ਼ਰਮਸਾਰ ਕੀਤਾ ਹੈ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਅਪਰਾਧੀਆਂ ਖਿਲਾਫ਼ ਕਾਨੂੰਨ ਮੁਤਾਬਕ ਪੂਰੀ ਤਾਕਤ ਨਾਲ ਕਾਰਵਾਈ ਕੀਤੀ ਜਾਵੇਗੀ ਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਮੌਨਸੂਨ ਇਜਲਾਸ ਦੇ ਆਗਾਜ਼ ਤੋਂ ਪਹਿਲਾਂ ਇਥੇ ਸੰਸਦ ਦੇ ਅਹਾਤੇ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਮੋਦੀ ਨੇ ਕਿਹਾ, ‘‘ਅੱਜ, ਜਦੋਂ ਮੈਂ ਜਮਹੂਰੀਅਤ ਦੇ ਇਸ ਮੰਦਰ ਕੋਲ ਖੜ੍ਹਾ ਹਾਂ ਤਾਂ ਮੇਰਾ ਦਿਲ ਪੀੜ ਤੇ ਗੁੱਸੇ ਨਾਲ ਭਰਿਆ ਹੈ।’’ ਪ੍ਰਧਾਨ ਮੰਤਰੀ ਨੇ ਕਿਹਾ, ‘‘ਮੈਂ ਦੇਸ਼ਵਾਸੀਆਂ ਨੂੰ ਯਕੀਨ ਦਿਵਾਉਣਾ ਚਾਹੁੰਦਾ ਹਾਂ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਕਾਨੂੰਨ ਆਪਣੀ ਪੂਰੀ ਤਾਕਤ ਤੇ ਸਖ਼ਤੀ ਨਾਲ ਕਾਰਵਾਈ ਕਰੇਗਾ…ਮਨੀਪੁਰ ਦੀਆਂ ਇਨ੍ਹਾਂ ਧੀਆਂ ਨਾਲ ਜੋ ਕੁਝ ਹੋਇਆ, ਉਸ ਨੂੰ ਕਦੇ ਵੀ ਭੁੱਲਿਆ ਨਹੀਂ ਜਾ ਸਕਦਾ।’’ ਸ੍ਰੀ ਮੋਦੀ ਨੇ ਕਿਹਾ ਕਿ ਮਨੀਪੁਰ ਦੀ ਇਹ ਘਟਨਾ ਕਿਸੇ ਵੀ ਸਭਿਅਕ ਸਮਾਜ ਨੂੰ ਸ਼ਰਮਸਾਰ ਕਰੇਗੀ, ਅਤੇ ਇਸ ਨੇ ਪੂਰੇ ਦੇਸ਼ ਦਾ ਅਪਮਾਨ ਕੀਤਾ ਹੈ ਤੇ 140 ਕਰੋੜ ਦੇਸ਼ਵਾਸੀ ਸ਼ਰਮਸਾਰ ਮਹਿਸੂਸ ਕਰ ਰਹੇ ਹਨ। ਪ੍ਰਧਾਨ ਮੰਤਰੀ ਨੇ ਸਾਰੇ ਮੁੱਖ ਮੰਤਰੀਆਂ ਨੂੰ ਅਪੀਲ ਕੀਤੀ ਕਿ ਉਹ ਆਪੋ-ਆਪਣੇ ਰਾਜਾਂ ਵਿੱਚ ਅਮਨ ਤੇ ਕਾਨੂੰਨ ਦੇ ਚੌਖਟੇ ਨੂੰ ਹੋਰ ਮਜ਼ਬੂਤ ਕਰਨ ਅਤੇ ਖਾਸ ਕਰ ਕੇ ਮਹਿਲਾਵਾਂ ਖਿਲਾਫ਼ ਅਪਰਾਧਾਂ ਨਾਲ ਜੁੜੇ ਕੇਸਾਂ ਵਿੱਚ ਸਖ਼ਤ ਕਾਰਵਾਈ ਕਰਨ। ਉਨ੍ਹਾਂ ਅਮਨ ਤੇ ਕਾਨੂੰਨ ਅਤੇ ਮਹਿਲਾਵਾਂ ਦੀ ਸੁਰੱਖਿਆ ਵਧਾਉਣ ਦਾ ਸੱਦਾ ਦਿੰਦਿਆਂ ਰਾਜਸਥਾਨ ਤੇ ਛੱਤੀਸਗੜ੍ਹ ਜਿਹੇ ਰਾਜਾਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਲੋਕ ਸਿਆਸੀ ਵਾਦ-ਵਿਵਾਦ ਤੋਂ ਉਪਰ ਉੱਠ ਕੇ ਅਮਨ ਤੇ ਕਾਨੂੰਨ ਅਤੇ ਮਹਿਲਾਵਾਂ ਲਈ ਸਤਿਕਾਰ ਨੂੰ ਤਰਜੀਹ ਦੇਣ। ਪ੍ਰਧਾਨ ਮੰਤਰੀ ਨੇ ਸੰਸਦ ਮੈਂਬਰਾਂ ਨੂੰ ਕਿਹਾ ਕਿ ਉਹ ਮੌਨਸੂਨ ਇਜਲਾਸ ਦੌਰਾਨ ਪੇਸ਼ ਕੀਤੇ ਜਾਣ ਵਾਲੇ ਬਿੱਲਾਂ, ਜੋ ਲੋਕਾਂ ਦੇ ਹਿੱਤ ਵਿੱਚ ਹਨ, ਬਾਰੇ ਵਿਆਪਕ ਚਰਚਾ ਕਰਨ। ਸ੍ਰੀ ਮੋਦੀ ਨੇ ਕਿਹਾ ਕਿ ਕਈ ਤਜਵੀਜ਼ਤ ਕਾਨੂੰਨ ਦੇਸ਼ ਤੇ ਸਮਾਜ ਦੇ ਹਿੱਤ ਵਿੱਚ ਹਨ। ਉਨ੍ਹਾਂ ਕਿਹਾ, ‘‘ਮੈਨੂੰ ਯਕੀਨ ਹੈ ਕਿ ਸੰਸਦ ਵਿੱਚ ਇਨ੍ਹਾਂ ਬਿਲਾਂ ’ਤੇ ਗੰਭੀਰ ਵਿਚਾਰ ਚਰਚਾ ਹੋਵੇਗੀ।’’