ਸਰਹੱਦੀ ਖੇਤਰ ’ਚ ਹੜ੍ਹ ਨਾਲ ਫ਼ਸਲਾਂ ਦਾ ਭਾਰੀ ਨੁਕਸਾਨ: ਧਾਲੀਵਾਲ

ਸਰਹੱਦੀ ਖੇਤਰ ’ਚ ਹੜ੍ਹ ਨਾਲ ਫ਼ਸਲਾਂ ਦਾ ਭਾਰੀ ਨੁਕਸਾਨ: ਧਾਲੀਵਾਲ

ਕੈਬਨਿਟ ਮੰਤਰੀ ਵੱਲੋਂ ਡੇਰਾ ਬਾਬਾ ਨਾਨਕ ਦੇ ਹੜ੍ਹ ਮਾਰੇ ਇਲਾਕਿਆਂ ਦਾ ਦੌਰਾ
ਡੇਰਾ ਬਾਬਾ ਨਾਨਕ- ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਹੜ੍ਹ ਪ੍ਰਭਾਵਿਤ ਡੇਰਾ ਬਾਬਾ ਨਾਨਕ ਅਤੇ ਹੋਰ ਨੇੜਲੇ ਇਲਾਕਿਆਂ ਦਾ ਦੌਰਾ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਕਰਤਾਰਪੁਰ ਲਾਂਘੇ ਨੇੜੇ ਬਣੇ ਧੁੱਸੀ ਬੰਨ੍ਹ ’ਤੇ ਪਾਣੀ ਹੌਲੀ-ਹੌਲੀ ਘੱਟ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰਾਵੀ ’ਚ ਪਾਣੀ ਦਾ ਪੱਧਰ ਵਧਣ ਕਾਰਨ ਪੈਦਾ ਹੋਈ ਹੜ੍ਹ ਵਰਗੀ ਸਥਿਤੀ ਨਾਲ ਫ਼ਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ ਪਰ ਇਸ ਔਖੀ ਘੜੀ ’ਚ ਪੰਜਾਬ ਸਰਕਾਰ ਪੀੜਤਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਰਾਹਤ ਕਾਰਜਾਂ ਦਾ ਜਾਇਜ਼ਾ ਵੀ ਲਿਆ। ਧਾਲੀਵਾਲ ਨੇ ਕਿਹਾ ਕਿ ਅੱਜ ਰਾਵੀ ’ਚ ਪਾਣੀ ਦਾ ਪੱਧਰ ਘੱਟ ਕੇ ਇੱਕ ਤੋਂ ਸਵਾ ਲੱਖ ਕਿਊਸਿਕ ਵਿਚਾਲੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਪਹਾੜੀ ਖੇਤਰ ’ਚ ਪੈਂਦੇ ਮੀਂਹ ਕਾਰਨ ਪਾਣੀ ਦਾ ਪੱਧਰ ਦੁਬਾਰਾ ਵਧ ਸਕਦਾ ਹੈ, ਜਿਸ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਤਿਆਰੀ ਕਰ ਰਹੀ ਹੈ। ਇਸ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਮਦਦ ਕਰਨ ਵਾਸਤੇ ਉਨ੍ਹਾਂ ਆਮ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਆਮ ਵਰਗੇ ਹਾਲਾਤ ਬਣਨ ਮਗਰੋਂ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਸਰਵੇਖਣ ਕਰਵਾ ਕੇ ਲੋਕਾਂ ਦੇ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੀ ਉਨ੍ਹਾਂ ਦੇ ਨਾਲ ਸਨ।
ਕਰਤਾਰਪੁਰ ਲਾਂਘਾ ਭਲਕ ਤੱਕ ਮੁੜ ਖੁੱਲ੍ਹਣ ਦੀ ਸੰਭਾਵਨਾ
ਹੜ੍ਹ ਕਾਰਨ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਬੰਦ ਹੋਇਆ ਲਾਂਘਾ 23 ਜੁਲਾਈ ਤੱਕ ਮੁੜ ਖੁੱਲ੍ਹਣ ਦੀ ਸੰਭਾਵਨਾ ਹੈ। ਰਾਵੀ ਦਰਿਆ ਵਿੱਚ ਪਾਣੀ ਦਾ ਪੱਧਣ ਵਧਣ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਨੇ ਭਾਵੇਂ ਤਿੰਨ ਦਿਨ ਲਈ ਲਾਂਘਾ ਬੰਦ ਕੀਤਾ ਹੈ ਪਰ ਜੇ ਸਵੇਰ ਤੱਕ ਧੁੱਸੀ ਬੰਨ੍ਹ ਨੇੜੇ ਪਾਣੀ ਦਾ ਪੱਧਰ ਘੱਟ ਜਾਂਦਾ ਹੈ ਤਾਂ ਪ੍ਰਸ਼ਾਸਨ ਵੱਲੋਂ 23 ਜੁਲਾਈ ਤੋਂ ਲਾਂਘਾ ਮੁੜ ਖੋਲ੍ਹਿਆ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਅੱਜ ਕੰਡਿਆਲੀ ਤਾਰ ਨੇੜੇ ਪਾਣੀ ਦਾ ਪੱਧਰ ਘਟਿਆ ਹੈ। ਜੇ ਆਉਂਦੇ ਦੋ ਦਿਨਾਂ ਤੱਕ ਪਾਣੀ ਦਾ ਪੱਧਰ ਹੋਰ ਘਟਦਾ ਹੈ ਤਾਂ ਸ਼ਰਧਾਲੂ 23 ਜੁਲਾਈ ਤੋਂ ਮੁੜ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੇ।