ਮੂਸੇਵਾਲਾ ਕਤਲ: ਲਾਰੈਂਸ ਸਣੇ 25 ਮੁਲਜ਼ਮਾਂ ਖ਼ਿਲਾਫ਼ ਸੈਸ਼ਨ ਕੋਰਟ ’ਚ ਸ਼ੁਰੂ ਹੋਵੇਗੀ ਸੁਣਵਾਈ

ਮੂਸੇਵਾਲਾ ਕਤਲ: ਲਾਰੈਂਸ ਸਣੇ 25 ਮੁਲਜ਼ਮਾਂ ਖ਼ਿਲਾਫ਼ ਸੈਸ਼ਨ ਕੋਰਟ ’ਚ ਸ਼ੁਰੂ ਹੋਵੇਗੀ ਸੁਣਵਾਈ

ਮੂਸੇਵਾਲਾ ਕਤਲ: ਲਾਰੈਂਸ ਸਣੇ 25 ਮੁਲਜ਼ਮਾਂ ਖ਼ਿਲਾਫ਼ ਸੈਸ਼ਨ ਕੋਰਟ ’ਚ ਸ਼ੁਰੂ ਹੋਵੇਗੀ ਸੁਣਵਾਈ
ਮਾਨਸਾ-
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਸਿਟ) ਵੱਲੋਂ ਗੈਂਗਸਟਰਾਂ ਖ਼ਿਲਾਫ਼ ਪਹਿਲੀ ਚਾਰਜਸ਼ੀਟ ਦਾਇਰ ਕਰਨ ਤੋਂ ਕਰੀਬ 11 ਮਹੀਨਿਆਂ ਬਾਅਦ ਮਾਨਸਾ ਦੇ ਚੀਫ਼ ਜੁਡੀਸ਼ਲ ਮੈਜਿਸਟਰੇਟ ਸੁਰਭੀ ਪਰਾਸ਼ਰ ਦੀ ਅਦਾਲਤ ਨੇ ਅੱਜ ਚਾਰਜਸ਼ੀਟ ਸੈਸ਼ਨ ਅਦਾਲਤ ਮਾਨਸਾ ਨੂੰ ਸੌਂਪ ਦਿੱਤੀ ਹੈ। ਹੁਣ 9 ਅਗਸਤ ਤੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਸਣੇ 25 ਮੁਲਜ਼ਮਾਂ ਖ਼ਿਲਾਫ਼ ਮਾਨਸਾ ਦੀ ਜ਼ਿਲ੍ਹਾ ਤੇ ਸੈਸ਼ਨ ਅਦਾਲਤ ਵਿੱਚ ਸੁਣਵਾਈ ਸ਼ੁਰੂ ਹੋਵੇਗੀ। ਜੇਲ੍ਹ ਪ੍ਰਸ਼ਾਸਨ ਨੇ ਅੱਜ ਸਾਰੇ 25 ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਸਾਹਮਣੇ ਪੇਸ਼ ਕੀਤਾ। ਮਾਨਸਾ ਦੇ ਸੀਜੇਐਮ ਸੁਰਭੀ ਪਰਾਸ਼ਰ ਨੇ ਕਿਹਾ ਕਿ ਆਈਪੀਸੀ ਦੀ ਧਾਰਾ 302 (ਕਤਲ) ਅਤੇ 307 (ਹੱਤਿਆ ਦੀ ਕੋਸ਼ਿਸ਼) ਅਧੀਨ ਅਪਰਾਧ ਵਿਸ਼ੇਸ਼ ਤੌਰ ’ਤੇ ਸੈਸ਼ਨ ਕੋਰਟ ’ਚ ਸੁਣਵਾਈਯੋਗ ਹਨ। ਉਨ੍ਹਾਂ ਕਿਹਾ ਕਿ 9 ਅਗਸਤ ਨੂੰ ਸਾਰੇ ਮੁਲਜ਼ਮਾਂ ਦੇ ਪ੍ਰੋਡਕਸ਼ਨ ਵਾਰੰਟ ਜਾਰੀ ਕਰ ਕੇ ਉਨ੍ਹਾਂ ਨੂੰ ਸੈਸ਼ਨ ਕੋਰਟ ਵਿੱਚ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਕੇਸ ਵਿੱਚ 26 ਮੁਲਜ਼ਮਾਂ ’ਚੋਂ ਸਿਰਫ਼ ਜੋਗਿੰਦਰ ਸਿੰਘ ਜੋਗਾ ਦਾ ਸਪਲੀਮੈਂਟਰੀ ਚਲਾਨ ਪੇਸ਼ ਨਾ ਹੋਣ ਕਾਰਨ 25 ਮੁਲਜ਼ਮਾਂ ਖ਼ਿਲਾਫ਼ ਸੈਸ਼ਨ ਅਦਾਲਤ ’ਚ ਸੁਣਵਾਈ ਹੋਵੇਗੀ। ਜ਼ਿਕਰਯੋਗ ਹੈ ਕਿ ਮੂਸੇਵਾਲਾ ਦੀ ਪਿਛਲੇ ਸਾਲ 29 ਮਈ ਨੂੰ ਮਾਨਸਾ ਨੇੜਲੇ ਪਿੰਡ ਜਵਾਹਰਕੇ ਵਿੱਚ ਛੇ ਬੰਦੂਕਧਾਰੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਲਾਰੈਂਸ ਬਿਸ਼ਨੋਈ ਗਰੋਹ ਦੇ ਮੈਂਬਰ ਗੈਂਗਸਟਰ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ।