ਅਧਿਆਪਕਾਂ ਦੇ ਨਾਂ ਅੱਗਿਓਂ ‘ਕੱਚਾ’ ਸ਼ਬਦ ਹਮੇਸ਼ਾ ਲਈ ਹਟਿਆ: ਭਗਵੰਤ ਮਾਨ

ਅਧਿਆਪਕਾਂ ਦੇ ਨਾਂ ਅੱਗਿਓਂ ‘ਕੱਚਾ’ ਸ਼ਬਦ ਹਮੇਸ਼ਾ ਲਈ ਹਟਿਆ: ਭਗਵੰਤ ਮਾਨ

ਮੁੱਖ ਮੰਤਰੀ ਨੇ 12,710 ‘ਕੱਚੇ’ ਅਧਿਆਪਕਾਂ ਨੂੰ ‘ਪੱਕੇ’ ਹੋਣ ਦੇ ਪੱਤਰ ਸੌਂਪੇ; ਹਰ ਮੁਲਾਜ਼ਮ ਦੀ ਸਮੱਸਿਆ ਹੱਲ ਕਰਨ ਦਾ ਭਰੋਸਾ ਦਿੱਤਾ
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿੱਖਿਆ ਵਿਭਾਗ ਅਧੀਨ ਕੰਮ ਕਰ ਰਹੇ 12,710 ਠੇਕਾ ਆਧਾਰਿਤ ਅਧਿਆਪਕਾਂ ਨੂੰ ਰੈਗੂਲਰ ਨਿਯੁਕਤੀ ਦੇ ਪੱਤਰ ਸੌਂਪ ਕੇ ਅਧਿਆਪਕ ਵਰਗ ਨਾਲ ਕੀਤਾ ਵਾਅਦਾ ਨਿਭਾਉਣ ਦਾ ਦਾਅਵਾ ਕੀਤਾ ਹੈ। ਅੱਜ ਇੱਥੇ ਇਕ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸਾਰੀਆਂ ਕਾਨੂੰਨੀ ਅਤੇ ਪ੍ਰਸ਼ਾਸਨਿਕ ਅੜਚਣਾਂ ਨੂੰ ਪਾਰ ਕਰਦਿਆਂ ਇਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ’ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਤੋਂ ਇਨ੍ਹਾਂ ਅਧਿਆਪਕਾਂ ਦੇ ਨਾਂ ਅੱਗਿਓਂ ‘ਕੱਚੇ’ ਸ਼ਬਦ ਹਮੇਸ਼ਾ ਲਈ ਹਟ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਫੈਸਲੇ ਦਾ ਮੰਤਵ ਅਧਿਆਪਕਾਂ ਦੇ ਸੁਰੱਖਿਅਤ ਭਵਿੱਖ ਨੂੰ ਯਕੀਨੀ ਬਣਾਉਣਾ ਹੈ ਕਿਉਂਕਿ ਉਨ੍ਹਾਂ ਦਾ ਵਿਸ਼ਵਾਸ ਹੈ ਕਿ ਜੇ ਅਧਿਆਪਕਾਂ ਦਾ ਭਵਿੱਖ ਸੁਰੱਖਿਅਤ ਹੈ ਤਾਂ ਹੀ ਉਹ ਵਿਦਿਆਰਥੀਆਂ ਦੀ ਕਿਸਮਤ ਬਦਲ ਸਕਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਗਏ ਠੋਸ ਉਪਰਾਲਿਆਂ ਸਦਕਾ ਹੀ ਅੱਜ ਇਹ ਇਤਿਹਾਸਕ ਦਿਨ ਦੇਖਣ ਨੂੰ ਮਿਲ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਰ ਮੁਲਾਜ਼ਮ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ, ਜਿਸ ਲਈ ਸੂਬਾ ਸਰਕਾਰ ਪਹਿਲਾਂ ਹੀ ਹਰ ਸੰਭਵ ਯਤਨ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਇੱਕ ਅਧਿਆਪਕ ਦਾ ਪੁੱਤ ਹੋਣ ਦੇ ਨਾਤੇ ਉਹ ਅਧਿਆਪਕਾਂ ਦੀਆਂ ਸਮੱਸਿਆਵਾਂ ਜਾਣਦੇ ਹਨ ਅਤੇ ਅਧਿਆਪਕਾਂ ਦੀਆਂ ਸਮੱਸਿਆਵਾਂ ਹੱਲ ਕਰਨਾ ਉਨ੍ਹਾਂ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਖਜ਼ਾਨਾ ਲੋਕਾਂ ਦਾ ਹੈ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਇਕ-ਇਕ ਪੈਸਾ ਸਮਝਦਾਰੀ ਨਾਲ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੂੰ ਹਰ ਸਾਲ ਪੰਜ ਫੀਸਦੀ ਤਨਖ਼ਾਹ ਵਾਧੇ ਦੇ ਨਾਲ-ਨਾਲ ਛੁੱਟੀਆਂ ਸਮੇਤ ਹੋਰ ਲਾਭ ਵੀ ਦਿੱਤੇ ਜਾਣਗੇ ਅਤੇ ਉਨ੍ਹਾਂ ਦੀ ਕਿਸੇ ਗੈਰ-ਅਧਿਆਪਨ ਕਾਰਜ ਲਈ ਡਿਊਟੀ ਨਹੀਂ ਲਗਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਸਰਕਾਰ ਜਲਦੀ ਹੀ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਲਈ ਬੱਸ ਸੇਵਾ ਸ਼ੁਰੂ ਕਰੇਗੀ ਅਤੇ ਇਸ ਲਈ 20,000 ਵਿਦਿਆਰਥੀਆਂ ਲਈ ਪਾਇਲਟ ਪ੍ਰਾਜੈਕਟ ਸ਼ੁਰੂ ਕੀਤਾ ਜਾਵੇਗਾ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵਿਭਾਗ ਵਿੱਚ ਕ੍ਰਾਂਤੀ ਦੇ ਨਵੇਂ ਦੌਰ ਦੀ ਸ਼ੁਰੂਆਤ ਕਰਨ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ।

ਪੱਕੇ ਹੋਣ ਮਗਰੋਂ ਤਨਖਾਹਾਂ ’ਚ ਪਵੇਗਾ ਫਰਕ
ਬੀਏ ਪਾਸ ਸਿੱਖਿਆ ਪ੍ਰੋਵਾਈਡਰ (ਐਸੋਸੀਏਟ ਟੀਚਰ) ਜੋ ਪਹਿਲਾਂ 9500 ਰੁਪਏ ਤਨਖ਼ਾਹ ਲੈ ਰਹੇ ਸਨ, ਨੂੰ ਹੁਣ 20500 ਰੁਪਏ ਤਨਖਾਹ ਵਜੋਂ ਮਿਲਣਗੇ, ਜਦਕਿ ਈਟੀਟੀ ਅਤੇ ਐਨਟੀਟੀ ਯੋਗਤਾ ਵਾਲੇ ਅਧਿਆਪਕਾਂ ਨੂੰ ਮੌਜੂਦਾ 10250 ਰੁਪਏ ਦੀ ਤਨਖ਼ਾਹ ਮੁਕਾਬਲੇ 22000 ਰੁਪਏ ਮਿਲਣਗੇ। ਇਸੇ ਤਰ੍ਹਾਂ ਬੀਏ/ਐੱਮਏ ਬੀਐੱਡ ਡਿਗਰੀਆਂ ਵਾਲੇ ਅਜਿਹੇ ਅਧਿਆਪਕ, ਜੋ 11000 ਰੁਪਏ ਤਨਖਾਹ ਲੈ ਰਹੇ ਹਨ, ਨੂੰ ਹੁਣ 23500 ਰੁਪਏ ਤਨਖ਼ਾਹ ਮਿਲੇਗੀ। ਆਈਈਵੀ ਵਾਲੰਟੀਅਰਾਂ ਨੂੰ 5500 ਰੁਪਏ ਦੀ ਥਾਂ 15,000 ਰੁਪਏ ਤਨਖ਼ਾਹ ਮਿਲੇਗੀ। ਇਸੇ ਤਰ੍ਹਾਂ 3500 ਰੁਪਏ ਤਨਖਾਹ ਲੈ ਰਹੇ ਸਿੱਖਿਆ ਵਾਲੰਟੀਅਰਾਂ ਨੂੰ ਹੁਣ 15,000 ਰੁਪਏ ਅਤੇ 6000 ਰੁਪਏ ਤਨਖ਼ਾਹ ਲੈ ਰਹੇ ਈਜੀਐੱਸ, ਈਆਈਈ ਅਤੇ ਐੱਸਟੀਆਰ ਅਧਿਆਪਕਾਂ ਨੂੰ ਹੁਣ 18,000 ਰੁਪਏ ਮਿਲਣਗੇ।