ਸਰਕਾਰ ਦੀ ਗ਼ਲਤੀ ਦਾ ਖਮਿਆਜ਼ਾ ਭੁਗਤ ਰਹੇ ਨੇ ਲੋਕ: ਜਾਖੜ

ਸਰਕਾਰ ਦੀ ਗ਼ਲਤੀ ਦਾ ਖਮਿਆਜ਼ਾ ਭੁਗਤ ਰਹੇ ਨੇ ਲੋਕ: ਜਾਖੜ

ਫਤਹਿਗੜ੍ਹ ਸਾਹਿਬ- ਭਾਰਤੀ ਜਨਤਾ ਪਾਰਟੀ ਦੇ ਸੂੁਬਾ ਪ੍ਰਧਾਨ ਸੁਨੀਲ ਜਾਖੜ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਨਤਮਸਤਕ ਹੋਏ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਸਿਰਫ਼ ‘ਆਪ’ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਮੌਸਮ ਵਿਭਾਗ ਵੱਲੋਂ 4 ਜੁਲਾਈ ਤੇ 8 ਜੁਲਾਈ ਨੂੰ ਪੰਜਾਬ ਵਿੱਚ ਭਾਰੀ ਮੀਂਹ ਪੈਣੀ ਦੀ ਸੂਚਨਾ ਦਿੱਤੀ ਗਈ ਸੀ, ਪਰ ਮੁੱਖ ਮੰਤਰੀ ਨੇ ਇਸ ਪਾਸੇ ਬਿਲਕੁਲ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਪ੍ਰਬੰਧ ਕੀਤੇ ਜਾਂਦੇ ਤਾਂ ਸੂਬੇ ਨੂੰ ਇੰਨਾ ਨੁਕਸਾਨ ਨਾ ਝੱਲਣਾ ਪੈਂਦਾ। ਸ੍ਰੀ ਜਾਖੜ ਨੇ ਕਿਹਾ ਕਿ ਸਰਕਾਰ ਦੀ ਨਾਲਾਇਕੀ ਦਾ ਖਮਿਆਜ਼ਾ ਪੰਜਾਬ ਵਾਸੀਆਂ ਨੂੰ ਭੁਗਤਣਾ ਪੈ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਸ ਵਾਰ ਕਈ ਥਾਵਾਂ ਤੋਂ ਘੱਗਰ ਵਿੱਚ ਪਾੜ ਪਿਆ ਹੈ, ਜਿਸ ਕਾਰਨ ਨੇੜਲੇ ਪਿੰਡਾਂ ਵਿੱਚ ਬਹੁਤ ਨੁਕਸਾਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਹੜ੍ਹਾਂ ਕਾਰਨ ਹੋਏ ਨੁਕਸਾਨ ਸਬੰਧੀ ਪੰਜਾਬ ਸਰਕਾਰ ਦੀ ਜਵਾਬਦੇਹੀ ਤੈਅ ਕਰਨ ਲਈ ਉਹ ਰਾਜਪਾਲ ਨੂੰ ਵੀ ਮਿਲੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਪੀੜਤਾਂ ਨੂੰ ਗਿਰਦਾਵਰੀ ਤੋਂ ਪਹਿਲਾਂ ਮੁਆਵਜ਼ਾ ਦੇਣ ਦਾ ਦਾਅਵਾ ਕੀਤਾ ਸੀ, ਪਰ ਹਾਲੇ ਤੱਕ ਇਸ ਸਬੰਧ ਵਿੱਚ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਮਾਰੇ ਗਏ ਹਜ਼ਾਰਾਂ ਪਸ਼ੂਆਂ ਅਤੇ ਪਾਣੀ ਭਰਨ ਕਾਰਨ ਫ਼ੈਲਣ ਵਾਲੀ ਬਿਮਾਰੀਆਂ ਫ਼ੈਲਣ ਦੇ ਖਦਸ਼ੇ ਸਬੰਧੀ ਵੀ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਅਕਾਲੀ ਦਲ ਨਾਲ ਗੱਠਜੋੜ ਬਾਰੇ ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਹਾਈਕਮਾਂਡ ’ਤੇ ਨਿਰਭਰ ਹੈ ਪਰ ਭਾਜਪਾ ਪੰਜਾਬ ਦੇ ਲੋਕਾਂ ਦੇ ਹਿੱਤਾਂ ਲਈ ਹਮੇਸ਼ਾ ਖੜ੍ਹੀ ਹੈ।