ਧਾਰਾ 370: ਜੰਮੂ ਵਿੱਚ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਵੱਲੋਂ ਰੋਸ ਮੁਜ਼ਾਹਰੇ

ਧਾਰਾ 370: ਜੰਮੂ ਵਿੱਚ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਵੱਲੋਂ ਰੋਸ ਮੁਜ਼ਾਹਰੇ

ਸ੍ਰੀਨਗਰ/ਜੰਮੂ- ਜੰਮੂ ਕਸ਼ਮੀਰ ’ਚੋਂ ਧਾਰਾ 370 ਮਨਸੂਖ ਕੀਤੇ ਜਾਣ ਦੇ ਚਾਰ ਵਰ੍ਹੇ ਮੁਕੰਮਲ ਹੋਣ ਮੌਕੇ ਅੱਜ ਭਾਰਤੀ ਜਨਤਾ ਪਾਰਟੀ ਨੇ ਸ੍ਰੀਨਗਰ ’ਚ ਜਨਤਕ ਮੀਟਿੰਗ ਕਰਕੇ ਜਸ਼ਨ ਮਨਾਏ ਜਦਕਿ ਭਾਜਪਾ ਦੀਆਂ ਵਿਰੋਧੀ ਪਾਰਟੀਆਂ ਨੇ ਰੋਸ ਮੁਜ਼ਾਹਰੇ ਕੀਤੇ ਅਤੇ ਕਾਂਗਰਸ ਨੇ ਇਸ ਦਿਨ ਨੂੰ ਕਾਲੇ ਦਿਵਸ ਵਜੋਂ ਮਨਾਇਆ। ਜ਼ਿਕਰਯੋਗ ਹੈ ਕਿ ਸਾਲ 2019 ’ਚ ਅੱਜ ਦੇ ਹੀ ਦਿਨ ਕੇਂਦਰ ਸਰਕਾਰ ਨੇ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਰਾਜ ਦਾ ਦਰਜਾ ਦੇਣ ਵਾਲੀ ਸੰਵਿਧਾਨ ਦੀ ਧਾਰਾ 370 ਹਟਾ ਕੇ ਇਸ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਜੰਮੂ ਤੇ ਕਸ਼ਮੀਰ ਅਤੇ ਲੱਦਾਖ ’ਚ ਵੰਡ ਦਿੱਤਾ ਸੀ।

ਭਾਜਪਾ ਦੀ ਜੰਮੂ ਕਸ਼ਮੀਰ ਇਕਾਈ ਦੇ ਜਨਰਲ ਸਕੱਤਰ (ਜਥੇਬੰਦਕ) ਅਸ਼ੋਕ ਕੌਲ ਦੀ ਅਗਵਾਈ ਹੇਠ ਜਵਾਹਰ ਨਗਰ ’ਚ ਹੋਈ ਮੀਟਿੰਗ ਮਗਰੋਂ ਪਾਰਟੀ ਦੇ ਬੁਲਾਰੇ ਠਾਕੁਰ ਅਭਿਜੀਤ ਜਸਰੋਟੀਆ ਨੇ ਕਿਹਾ ਕਿ ਇਹ ਪ੍ਰੋਗਰਾਮ ਉਨ੍ਹਾਂ ਆਗੂਆਂ ਦੀਆਂ ਅੱਖਾਂ ਖੋਲ੍ਹਣ ਲਈ ਹੈ ਜੋ ਲੋਕਾਂ ਨੂੰ ਧਾਰਾ 370 ਦੇ ਨਾਂ ’ਤੇ ਭੜਕਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਮੀਟਿੰਗ ਦੌਰਾਨ ਭਾਜਪਾ ਆਗੂਆਂ ਨੇ ਧਾਰਾ 370 ਹਟਾਏ ਜਾਣ ਮਗਰੋਂ ਜੰਮੂ ਕਸ਼ਮੀਰ ’ਚ ਆਈਆਂ ਤਬਦੀਲੀਆਂ ਦਾ ਜ਼ਿਕਰ ਵੀ ਕੀਤਾ। ਦੂਜੇ ਪਾਸੇ ਜੰਮੂ ’ਚ ਕਾਂਗਰਸ ਆਗੂਆਂ ਤੇ ਵਰਕਰਾਂ ਨੇ ਪਾਰਟੀ ਦੀ ਜੰਮੂ ਕਸ਼ਮੀਰ ਇਕਾਈ ਦੇ ਮੁਖੀ ਵਿਕਾਰ ਰਸੂਲ ਵਾਨੀ ਦੀ ਅਗਵਾਈ ਹੇਠ ਪਾਰਟੀ ਦੇ ਹੈਡਕੁਆਰਟਰ ਦੇ ਬਾਹਰ ਸ਼ਾਂਤਮਈ ਰੋਸ ਮੁਜ਼ਾਹਰਾ ਕੀਤਾ। ਉਨ੍ਹਾਂ ਕੇਂਦਰ ਦੀ ਭਾਜਪਾ ਸਰਕਾਰ ਦੀ ਆਲੋਚਨਾ ਕਰਦਿਆਂ ਦੋਸ਼ ਲਾਇਆ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ’ਚ ਨਾਕਾਮ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼ਿਵ ਸੈਨਾ (ਯੂਬੀਟੀ) ਦੇ ਆਗੂ ਮਨੀਸ਼ ਸਾਹਨੀ ਦੀ ਅਗਵਾਈ ਹੇਠ ਪਾਰਟੀ ਦੇ ਚੰਨੀ ਹਿੰਮਤ ਸਥਿਤ ਹੈੱਡਕੁਆਰਟਰ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ ਗਿਆ ਹੈ। ਉੱਧਰ ਪੀਡੀਪੀ ਨੇ ਜੰਮੂ ਦੇ ਗਾਂਧੀ ਨਗਰ ਵਿਚਲੇ ਪਾਰਟੀ ਦੇ ਹੈੱਡਕੁਆਰਟਰ ’ਚ ਰੋਸ ਮੁਜ਼ਾਹਰਾ ਕੀਤਾ।