ਦਿੱਲੀ ਸੇਵਾਵਾਂ ਬਾਰੇ ਬਿੱਲ ਜਮਹੂਰੀਅਤ ਲਈ ਖਤਰੇ ਦੀ ਘੰਟੀ: ਭਗਵੰਤ ਮਾਨ

ਦਿੱਲੀ ਸੇਵਾਵਾਂ ਬਾਰੇ ਬਿੱਲ ਜਮਹੂਰੀਅਤ ਲਈ ਖਤਰੇ ਦੀ ਘੰਟੀ: ਭਗਵੰਤ ਮਾਨ

ਮੁੱਖ ਮੰਤਰੀ ਨੇ ਲੋਕਤੰਤਰ ਨੂੰ ਬਚਾਉਣ ਲਈ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਕੰਮ ਕਰਨ ’ਤੇ ਜ਼ੋਰ ਦਿੱਤਾ
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਰਾਜ ਸਭਾ ’ਚ ਦਿੱਲੀ ਸੇਵਾਵਾਂ ਬਾਰੇ ਬਿੱਲ ਪੇਸ਼ ਕੀਤਾ ਗਿਆ ਹੈ। ਇਹ ਬਿੱਲ ਸਿਰਫ਼ ਦਿੱਲੀ ਲਈ ਹੀ ਨਹੀਂ ਸਗੋਂ ਪੂਰੇ ਦੇਸ਼ ਦੇ ਸੰਘੀ ਢਾਂਚੇ ਲਈ ਖਤਰੇ ਦੀ ਘੰਟੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਵਿੱਚ ਕਾਬਜ਼ ਸੱਤਾਧਾਰੀ ਧਿਰ ਤੋਂ ਇਲਾਵਾ ਕੋਈ ਹੋਰ ਪਾਰਟੀ ਸੂਬਿਆਂ ’ਚ ਜਿੱਤ ਹਾਸਲ ਕਰਦੀ ਹੈ ਤਾਂ ਉਸ ਦੀਆਂ ਸ਼ਕਤੀਆਂ ਖੋਹ ਲਈਆਂ ਜਾਂਦੀਆਂ ਹਨ। ਉਸ ਦੇ ਕੰਮਾਂ ਵਿੱਚ ਅੜਿੱਕੇ ਖੜ੍ਹੇ ਕਰ ਕੇ ਬਾਂਹ ਮਰੋੜੀ ਜਾ ਰਹੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਦੇ ਸੈਕਟਰ-35 ਸਥਿਤ ਮਿਉਂਸਿਪਲ ਭਵਨ ਵਿਖੇ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਨਵੇਂ ਅਹੁਦੇਦਾਰਾਂ ਨੂੰ ਸਹੁੰ ਚੁਕਵਾਉਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕੇਂਦਰ ਨੇ ਪੰਜਾਬ ਦਾ ਦਿਹਾਤੀ ਵਿਕਾਸ ਫੰਡ (ਆਰਡੀਐੱਫ) ਰੋਕ ਰੱਖਿਆ ਹੈ ਜਿਸ ਨੂੰ ਹਾਸਲ ਕਰਨ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣਾ ਪੈ ਰਿਹਾ ਹੈ। ਇਸੇ ਤਰ੍ਹਾਂ ਕੇਂਦਰ ਨੇ ਐੱਨਐੱਚਐੱਮ ਤੇ ਹੋਰ ਕਈ ਤਰ੍ਹਾਂ ਦੇ ਫੰਡ ਰੋਕ ਰੱਖੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਿੱਥੇ ਵੀ ਦੇਸ਼ ਦੇ ਹਿੱਤਾਂ ਨੂੰ ਛਿੱਕੇ ਟੰਗਿਆ ਜਾਵੇਗਾ ‘ਆਪ’ ਉਸ ਦਾ ਖੁੱਲ੍ਹ ਕੇ ਵਿਰੋਧ ਕਰੇਗੀ।

ਸ੍ਰੀ ਮਾਨ ਨੇ ਕਿਹਾ ਕਿ ਅੱਜ ਦੇਸ਼ ਵਿੱਚ ਸੰਵਿਧਾਨ ਨੂੰ ਬਚਾਉਣ ਲਈ ਲੜਾਈ ਲੜੀ ਜਾ ਰਹੀ ਹੈ, ਜੇਕਰ ਸੰਵਿਧਾਨ ਹੀ ਨਹੀਂ ਬਚਿਆ ਤਾਂ ਰਹਿ ਕੀ ਜਾਵੇਗਾ। ਉਨ੍ਹਾਂ ਕਿਹਾ, ‘‘‘ਆਪ’ ਦੇਸ਼ ਨੂੰ ਬਚਾਉਣ ਲਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਵਿੱਚੋਂ ਨਿਕਲੀ ਹੋੋਈ ਪਾਰਟੀ ਹੈ। ਇਸ ਲਈ ਲੋਕਤੰਤਰ ਨੂੰ ਬਚਾਉਣ ਲਈ ਜੋ ਕਰਨਾ ਪਵੇਗਾ ਉਹ ਅਸੀਂ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਕਰਾਂਗੇ। ਇਹ ਸਾਡੀ ਦੇਸ਼ ਪ੍ਰਤੀ ਜ਼ਿੰਮੇਵਾਰੀ ਬਣਦੀ ਹੈ।’’ ਉਨ੍ਹਾਂ ਕਿਹਾ ਕਿ ‘ਆਪ’ ਮਨੀਪੁਰ ਤੇ ਹਰਿਆਣਾ ਵਿੱਚ ਹੋ ਰਹੀ ਹਿੰਸਾ ਦਾ ਵਿਰੋਧ ਕਰਦੀ ਹੈ। ਇਹ ਹਿੰਸਾ ਜਾਣ-ਬੁੱਝ ਕੇ ਕਰਵਾਈ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਚੰਡੀਗੜ੍ਹ ਵਿੱਚ ‘ਆਪ’ ਨੂੰ ਦਫ਼ਤਰ ਲਈ ਜ਼ਮੀਨ ਦੇਣੀ ਚਾਹੀਦੀ ਹੈ। ਅੱਜ ‘ਆਪ’ ਦੀ ਦੋ ਸੂਬਿਆਂ ਵਿੱਚ ਸਰਕਾਰ ਹੈ ਅਤੇ ਇਹ ਦੇਸ਼ ਦੀ ਕੌਮੀ ਪਾਰਟੀ ਹੈ ਤਾਂ ‘ਆਪ’ ਨੂੰ ਰਾਜਧਾਨੀ ਚੰਡੀਗੜ੍ਹ ਵਿੱਚ ਦਫ਼ਤਰ ਲਈ ਜ਼ਮੀਨ ਮੁਹੱਈਆ ਕਰਵਾਉਣੀ ਚਾਹੀਦੀ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਦੀ ਪੰਜਾਬ ਇਕਾਈ ਦੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ, ਸੂਬਾ ਜਨਰਲ ਸਕੱਤਰ ਜਗਰੂਪ ਸਿੰਘ ਸੇਖਵਾਂ ਤੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਦਵਿੰਦਰਜੀਤ ਸਿੰਘ ਲਾਡੀ ਢੌਂਸ ਨੂੰ ਸਹੁੰ ਚੁਕਵਾਈ। ਇਸ ਦੇ ਨਾਲ ਹੀ ਹੋਰਨਾਂ ਅਹੁਦੇਦਾਰਾਂ ਨੂੰ ਵੀ ਹਲਫ਼ ਦਿਵਾਇਆ ਗਿਆ। ਇਸ ਤੋਂ ਬਾਅਦ ਸ੍ਰੀ ਮਾਨ ਨੇ ਸਮੂਹ ਪਾਰਟੀ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਤੇ ਸੂਬੇ ’ਚ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਅਗਲੀਆਂ ਚੋਣਾਂ ਨੂੰ ਲੈ ਕੇ ਪਾਰਟੀ ਦੀਆਂ ਰਣਨੀਤੀਆਂ ਉੱਤੇ ਗੰਭੀਰ ਚਰਚਾ ਕੀਤੀ। ਇਸ ਮੌਕੇ ‘ਆਪ’ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਤੇ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੀ ਮੌਜੂਦ ਰਹੇ।