ਹੜ੍ਹ ਪੀੜਤਾਂ ਨੂੰ ਭਲਕ ਤੋਂ ਮਿਲੇਗਾ ਮੁਆਵਜ਼ਾ: ਧਾਲੀਵਾਲ

ਹੜ੍ਹ ਪੀੜਤਾਂ ਨੂੰ ਭਲਕ ਤੋਂ ਮਿਲੇਗਾ ਮੁਆਵਜ਼ਾ: ਧਾਲੀਵਾਲ

ਚੇਤਨਪੁਰਾ- ਪੰਜਾਬ ਦੇ ਐੱਨਆਰਆਈ ਵਿਭਾਗ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਕਿਸਾਨ ਆਗੂ ਰਾਕੇਸ਼ ਟਿਕੈਤ ਨਾਲ ਆਪਣੇ ਗ੍ਰਹਿ ਵਿਖੇ ਮੀਟਿੰਗ ਕੀਤੀ। ਇਸ ਮੀਟਿੰਗ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਸੂਬਾ ਸਰਕਾਰ ਵੱਲੋਂ ਆਜ਼ਾਦੀ ਦਿਹਾੜੇ ਮੌਕੇ ਦੇਣਾ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਹੈ ਅਤੇ ਕਿਸਾਨਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਹਰ ਹਾਲ ਦਿੱਤਾ ਜਾਵੇਗਾ।

ਸ੍ਰੀ ਧਾਲੀਵਾਲ ਨੇ ਦੱਸਿਆ ਕਿ ਕਈ ਥਾਵਾਂ ’ਤੇ ਪਾਣੀ ਖੜ੍ਹਾ ਹੋਣ ਕਾਰਨ ਫ਼ਸਲਾਂ ਦੀ ਗਿਰਦਾਵਰੀ ਹਾਲੇ ਪੂਰੀ ਨਹੀਂ ਹੋਈ ਹੈ, ਪਰ ਮੁਆਵਜ਼ਾ ਦੇਣਾ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਹਰੇਕ ਸਮੱਸਿਆ ਦਾ ਹੱਲ ਕਰਨ ਲਈ ਵਚਨਬੱਧ ਹੈ ਤੇ ਕੇਂਦਰ ਸਰਕਾਰ ਨਾਲ ਐੱਮਐੱਸਪੀ ਵਰਗੇ ਮਸਲੇ ਦੀ ਲੜਾਈ ਕਿਸਾਨਾਂ ਨਾਲ ਮਿਲ ਕੇ ਲੜੀ ਜਾਵੇਗੀ। ਉਨ੍ਹਾਂ ਕਿਹਾ ਕਿ ਦਿੱਲੀ ਸੋਧ ਬਿੱਲ ਵਰਗੇ ਮੁੱਦੇ ਲਿਆ ਕਿ ਕੇਂਦਰ ਸਰਕਾਰ ਲੋਕਤੰਤਰ ਦਾ ਘਾਣ ਕਰ ਰਹੀ ਹੈ। ਇਸ ਮੌਕੇ ਰਾਕੇਸ਼ ਟਿਕੈਤ ਨੇ ਹੜ੍ਹਾਂ ਨਾਲ ਫ਼ਸਲਾਂ ਦੇ ਹੋਏ ਨੁਕਸਾਨ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਰਕਾਰ ਨੂੰ ਇਸ ਦਾ ਢੁਕਵਾਂ ਮੁਆਵਜ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਐੱਮਐੱਸਪੀ ਦੇ ਮੁੱਦੇ ’ਤੇ ਕੇਂਦਰ ਨਾਲ ਲੜਾਈ ਲੜਾਂਗੇ।