ਨਸ਼ਿਆਂ ਖ਼ਿਲਾਫ਼ ਫੈਸਲਾਕੁਨ ਲੜਾਈ ਲੜੇਗੀ ਪੰਜਾਬ ਸਰਕਾਰ: ਸੰਧਵਾਂ

ਨਸ਼ਿਆਂ ਖ਼ਿਲਾਫ਼ ਫੈਸਲਾਕੁਨ ਲੜਾਈ ਲੜੇਗੀ ਪੰਜਾਬ ਸਰਕਾਰ: ਸੰਧਵਾਂ

ਫਰੀਦਕੋਟ- ਪਿੰਡ ਢਿੱਲਵਾਂ ਖੁਰਦ ਵਿੱਚ ਪਿਛਲੇ ਹਫ਼ਤੇ ਨਸ਼ਾ ਤਸਕਰਾਂ ਵੱਲੋਂ ਗੋਲੀ ਮਾਰ ਕੇ ਨਸ਼ਾ ਵਿਰੋਧੀ ਕਮੇਟੀ ਮੈਂਬਰ ਹਰਭਗਵਾਨ ਸਿੰਘ ਦੀ ਹੱਤਿਆ ਕਰ ਦਿੱਤੀ ਗਈ ਸੀ। ਉਨ੍ਹਾਂ ਦੀ ਅੰਤਿਮ ਅਰਦਾਸ ’ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਗੁਰਦੁਆਰਾ ਬਾਉਲੀ ਸਾਹਿਬ ਵਿੱਚ ਇਲਾਕੇ ਦੀਆਂ ਜੁੜੀਆਂ ਸੰਗਤਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਨਸ਼ਿਆਂ ਖਿਲਾਫ ਫੈਸਲਾਕੁਨ ਲੜਾਈ ਲੜੇਗੀ ਅਤੇ ਨਸ਼ਿਆਂ ਖਿਲਾਫ਼ ਜਾਗਰੂਕਤਾ ਮੁਹਿੰਮ ਚਲਾਉਣ ਵਾਲੇ ਨੌਜਵਾਨਾਂ ਦੀ ਸੁਰੱਖਿਆ ਵੀ ਯਕੀਨੀ ਬਣਾਈ ਜਾਵੇਗੀ। ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੀੜਤ ਪਰਿਵਾਰ ਨੂੰ 10 ਲੱਖ ਰੁਪਏ ਦੇ ਦਿੱਤੇ ਹਨ ਅਤੇ ਫਰੀਦਕੋਟ ਜ਼ਿਲ੍ਹੇ ਵਿੱਚ ਹਰਭਗਵਾਨ ਸਿੰਘ ਦੀ ਵਿਧਵਾ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਜਾ ਚੁੱਕਿਆ ਹੈ। ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਮੌਕੇ ਮੁਹੱਈਆ ਕਰਵਾਏਗੀ ਅਤੇ ਨਸ਼ਾ ਤਸਕਰਾਂ ਖਿਲਾਫ ਜੰਗੀ ਪੱਧਰ ਦੀ ਲੜਾਈ ਲੜੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਨਸ਼ਾ ਵਿਰੋਧੀ ਗਠਨ ਹੋਣ ਨਾਲ ਲੋਕਾਂ ਵਿਚ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਲਈ ਜਾਗਰੂਕਤਾ ਪੈਦਾ ਹੋਈ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਨਸ਼ਾ ਵਿਰੋਧੀ ਕਮੇਟੀ ਨੂੰ ਸਹਿਯੋਗ ਦੇਣ ਲਈ ਵਿਸ਼ੇਸ਼ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ ਅਤੇ ਇਸ ਦੇ ਨਾਲ ਹੀ ਨਸ਼ਾ ਵਿਰੋਧੀ ਕਮੇਟੀ ਦੀ ਚੋਣ ਲਈ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਹਨ। ਵਿਧਾਇਕ ਨੇ ਕਿਹਾ ਕਿ ਹਰਭਗਵਾਨ ਸਿੰਘ ਦੇ ਕਤਲ ਦੇ ਮਾਮਲੇ ਵਿਚ ਹੁਣ ਤੱਕ ਪੰਜ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਭੇਜਿਆ ਜਾ ਚੁੱਕਿਆ ਹੈ।