ਅਕਾਲੀ ਦਲ ਵੱਲੋਂ ‘ਇੱਕ ਦੇਸ਼ ਇੱਕ ਚੋਣ’ ਦੀ ਤਜਵੀਜ਼ ਦੀ ਹਮਾਇਤ

ਅਕਾਲੀ ਦਲ ਵੱਲੋਂ ‘ਇੱਕ ਦੇਸ਼ ਇੱਕ ਚੋਣ’ ਦੀ ਤਜਵੀਜ਼ ਦੀ ਹਮਾਇਤ

ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਸਰਕਾਰ ਦੀ ‘ਇੱਕ ਦੇਸ਼ ਇੱਕ ਚੋਣ’ ਦੀ ਤਜਵੀਜ਼ ਦਾ ਸਵਾਗਤ ਕੀਤਾ ਹੈ। ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਸੰਸਦ ਤੇ ਰਾਜਾਂ ਦੀਆਂ ਚੋਣਾਂ ਇਕੱਠਿਆਂ ਕਰਵਾਉਣ ਦਾ ਹਮਾਇਤੀ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਇਸ ਮਾਮਲੇ ’ਤੇ ਪਹਿਲਾਂ 2018 ਤੇ ਫਿਰ 2023 ਵਿੱਚ ਕਾਨੂੰਨ ਕਮਿਸ਼ਨ ਨੇ ਸੁਝਾਅ ਮੰਗੇ ਸਨ ਤਾਂ ਪਾਰਟੀ ਨੇ ਇਸ ਦੇ ਹੱਕ ਵਿਚ ਸੁਝਾਅ ਦਿੱਤੇ ਸਨ। ਉਨ੍ਹਾਂ ਕਿਹਾ ਕਿ ਜੇਕਰ ਇਹ ਤਜਵੀਜ਼ ਲਾਗੂ ਹੋ ਗਈ ਤਾਂ ਇਸ ਨਾਲ ਸਥਿਰਤਾ ਆਵੇਗੀ ਤੇ ਵਿਕਾਸ ਪੱਖੀ ਕਦਮ ਚੁੱਕੇ ਜਾ ਸਕਣਗੇ। ਇਹ ਮੰਨਿਆ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਭਾਰਤੀ ਜਨਤਾ ਪਾਰਟੀ ਨੂੰ ਖੁਸ਼ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਡਾ. ਚੀਮਾ ਨੇ ਐਲਾਨ ਕੀਤਾ ਕਿ ਪਾਰਟੀ ਦਾ ਪੰਜ ਮੈਂਬਰੀ ਵਫਦ ਮਨੀਪੁਰ ਜਾਵੇਗਾ ਤੇ ਉਥੇ ਦੇ ਹਾਲਾਤ ਦਾ ਜਾਇਜ਼ਾ ਲਵੇਗਾ ਤੇ ਫਿਰਕੂ ਹਿੰਸਾ ਦੇ ਪੀੜਤਾਂ ਨਾਲ ਮੁਲਾਕਾਤ ਕਰੇਗਾ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਚਾਇਤਾਂ ਭੰਗ ਕਰ ਕੇ ਜ਼ਮੀਨੀ ਪੱਧਰ ’ਤੇ ਲੋਕਤੰਤਰ ਦਾ ਕਤਲ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਤੇ ਪੰਚਾਇਤ ਮੰਤਰੀ ਲਾਲਜੀਤ ਭੁੱਲਰ ਤੋਂ ਅਸਤੀਫਾ ਮੰਗਿਆ ਤੇ ਇਸ ਨੇ ਸਰਕਾਰ ਨੂੰ ਫੈਸਲਾ ਵਾਪਸ ਲੈਣ ਲਈ ਮਜਬੂਰ ਕਰਨ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਦੀ ਸ਼ਲਾਘਾ ਕੀਤੀ। ਸੀਨੀਅਰ ਅਕਾਲੀ ਆਗੂਆਂ ਬਲਵਿੰਦਰ ਸਿੰਘ ਭੂੰਦੜ ਅਤੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ‘ਆਪ’ ਸਰਕਾਰ ਨੇ ਛੇ ਮਹੀਨੇ ਪਹਿਲਾਂ ਹੀ ਪੰਚਾਇਤਾਂ ਭੰਗ ਕਰ ਕੇ ਲੋਕਾਂ ਦੇ ਫਤਵੇ ਨਾਲ ਧੋਖਾ ਕੀਤਾ ਹੈ।