ਸਾਬਕਾ ਮੁੱਖ ਮੰਤਰੀ ਚੰਨੀ ਧਾਰਮਿਕ ਸਥਾਨਾਂ ’ਤੇ ਨਤਮਸਤਕ

ਸਾਬਕਾ ਮੁੱਖ ਮੰਤਰੀ ਚੰਨੀ ਧਾਰਮਿਕ ਸਥਾਨਾਂ ’ਤੇ ਨਤਮਸਤਕ

ਸ੍ਰੀ ਆਨੰਦਪੁਰ ਸਾਹਿਬ- ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸ੍ਰੀ ਆਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਵਿਖੇ ਵੱਖ-ਵੱਖ ਧਾਰਮਿਕ ਸਥਾਨਾਂ ਤੇ ਨਤਮਸਤਕ ਹੋਏ। ਚੰਨੀ ਦੇ ਇਸ ਦੌਰੇ ਬਾਰੇ ਸਥਾਨਕ ਕਾਂਗਰਸੀ ਆਗੂਆਂ ਨੂੰ ਕੋਈ ਜਾਣਕਾਰੀ ਨਹੀਂ ਸੀ। ਚਰਨਜੀਤ ਸਿੰਘ ਚੰਨੀ ਸਭ ਤੋਂ ਪਹਿਲਾਂ ਸ੍ਰੀ ਆਨੰਦਪੁਰ ਸਾਹਿਬ ਦੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ ਜਿਸ ਮਗਰੋਂ ਉਨ੍ਹਾਂ ਨੇ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਵਿਖੇ ਮੱਥਾ ਟੇਕਿਆ। ਇਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਖਾਲਸਾ ਪੰਥ ਦੇ ਪ੍ਰਗਟ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਸ੍ਰੀ ਚੰਨੀ ਨੇ ਜਿੱਥੇ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਅਰਦਾਸ ਵਿੱਚ ਸ਼ਾਮਲ ਹੋਏ। ਸ੍ਰੀ ਆਨੰਦਪੁਰ ਸਾਹਿਬ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚੰਨੀ ਕੀਰਤਪੁਰ ਸਾਹਿਬ ਵਿਖੇ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਅਤੇ ਪੀਰ ਬਾਬਾ ਬੁੱਢਣ ਸ਼ਾਹ ਦੀ ਦਰਗਾਹ ਤੇ ਵੀ ਮੱਥਾ ਟੇਕਣ ਪੁੱਜੇ। ਇਸ ਮੌਕੇ ਦਰਗਾਹ ਦੇ ਪੁਜਾਰੀਆਂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਗੁਲਦਸਤਾ ਅਤੇ ਚਾਦਰ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਸ੍ਰੀ ਚੰਨੀ ਨੇ ਕਿਹਾ ਕਿ ਉਹ ਅੱਜ ਵੱਖ-ਵੱਖ ਧਾਰਮਿਕ ਸਥਾਨਾਂ ਤੇ ਨਤਮਸਤਕ ਹੋਣ ਦੇ ਲਈ ਪੁੱਜੇ ਹਨ ਤੇ ਇਸ ਮੌਕੇ ਉਹ ਕੋਈ ਵੀ ਰਾਜਨੀਤਕ ਗੱਲ ਨਹੀਂ ਕਰਨਾ ਚਾਹੁੰਦੇ।