ਖਜ਼ਾਨਾ ਖਾਲੀ ਦੱਸ ਕੇ ਨੌਜਵਾਨਾਂ ਦਾ ਮਨੋਬਲ ਤੋੜਿਆ: ਭਗਵੰਤ ਮਾਨ

ਖਜ਼ਾਨਾ ਖਾਲੀ ਦੱਸ ਕੇ ਨੌਜਵਾਨਾਂ ਦਾ ਮਨੋਬਲ ਤੋੜਿਆ: ਭਗਵੰਤ ਮਾਨ

ਮੁੱਖ ਮੰਤਰੀ ਨੇ 249 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਸੈਕਟਰ-35 ਸਥਿਤ ਮਿਉਂਸਿਪਲ ਭਵਨ ’ਚ ਵੱਖ-ਵੱਖ ਵਿਭਾਗਾਂ ਦੇ 249 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਵਿੱਚ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ 191, ਪਸ਼ੂ ਪਾਲਣ ਵਿਭਾਗ ਦੇ 25, ਸਹਿਕਾਰਤਾ ਦੇ 24 ਤੇ ਤਕਨੀਕੀ ਸਿੱਖਿਆ ਵਿਭਾਗ ਦੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਸ੍ਰੀ ਮਾਨ ਨੇ ਕਿਹਾ ਕਿ ‘ਆਪ’ ਸਰਕਾਰ ਨੇ 18 ਮਹੀਨਿਆਂ ਦੇ ਕਾਰਜਕਾਲ ਵਿੱਚ ਸੂਬੇ ਦੇ 36,097 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ, ਜਦਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਆਪਣੇ ਕਾਰਜਕਾਲ ਦੇ ਸ਼ੁਰੂਆਤੀ ਮਹੀਨਿਆਂ ’ਚ ਨੌਜਵਾਨਾਂ ਨੂੰ ਏਨੀ ਵੱਡੀ ਗਿਣਤੀ ’ਚ ਨੌਕਰੀਆਂ ਨਹੀਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਭਰਤੀ ਨਿਰੋਲ ਮੈਰਿਟ ਦੇ ਆਧਾਰ ਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਪਿਛਲੇ ‘ਕਪਤਾਨਾਂ’ ਦੀ ਮਾੜੀ ਕਾਰਗੁਜ਼ਾਰੀ ਕਰਕੇ ਸੂਬੇ ਦੇ ਨੌਜਵਾਨਾਂ ’ਚ ਵਿਦੇਸ਼ ਜਾਣ ਦਾ ਰੁਝਾਨ ਪੈਦਾ ਹੋਇਆ ਹੈ। ਸੂਬੇ ਦੇ ਇਕ ਸਾਬਕਾ ਵਿੱਤ ਮੰਤਰੀ ਨੇ ਨੌਂ ਸਾਲਾਂ ਤੱਕ ਸਰਕਾਰੀ ਖ਼ਜ਼ਾਨਾ ਖਾਲੀ ਹੋਣ ਦੀ ਬਿਆਨਬਾਜ਼ੀ ਕਰਕੇ ਪੰਜਾਬ ਦੇ ਨੌਜਵਾਨਾਂ ਦਾ ਮਨੋਬਲ ਤੋੜਿਆ। ਹੁਣ ਸੂਬਾ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਹਰ ਲੰਘੇ ਦਿਨ ਨੌਕਰੀਆਂ ਦੇ ਰਹੀ ਹੈ। ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਲਈ ਆਹਲਾ ਦਰਜੇ ਦੇ ਅੱਠ ਸਿਖਲਾਈ ਸੈਂਟਰ ਖੋਲ੍ਹ ਰਹੀ ਹੈ।

ਸ੍ਰੀ ਮਾਨ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਨੂੰ ਊਚਾ ਚੁੱਕਣ ਲਈ ਅਧਿਆਪਕਾਂ ਨੂੰ ਵਿਦੇਸ਼ਾਂ ਤੇ ਹੋਰ ਥਾਵਾਂ ’ਤੇ ਸਿਖਲਾਈ ਲਈ ਭੇਜਣ ਨੂੰ ਯਕੀਨੀ ਬਣਾਉਣ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰਨਾਂ ਸਕੂਲਾਂ ਨੂੰ ਹਾਈਟੈਕ ਕੀਤਾ ਜਾਵੇਗਾ।