ਸਰਹੱਦੀ ਜ਼ਿਲ੍ਹਿਆਂ ’ਚ ਸਨਅਤੀਕਰਨ ਨੂੰ ਹੁਲਾਰਾ ਦੇਵੇਗੀ ਪੰਜਾਬ ਸਰਕਾਰ

ਸਰਹੱਦੀ ਜ਼ਿਲ੍ਹਿਆਂ ’ਚ ਸਨਅਤੀਕਰਨ ਨੂੰ ਹੁਲਾਰਾ ਦੇਵੇਗੀ ਪੰਜਾਬ ਸਰਕਾਰ

ਅੰਮ੍ਰਿਤਸਰ ਤੋਂ ਸਰਕਾਰ-ਸਨਅਤਕਾਰ ਮਿਲਣੀ ਦੀ ਸ਼ੁਰੂਆਤ
ਸੈਲਾਨੀਆਂ ਲਈ ਟੂਰਿਜ਼ਮ ਪੁਲੀਸ ਦੀ ਯੂਨਿਟ ਸ਼ੁਰੂ ਹੋਵੇਗੀ

  • ਸਨਅਤਕਾਰਾਂ ਨੂੰ ਸਸਤਾ ਨਹਿਰੀ ਪਾਣੀ ਮੁਹੱਈਆ ਕਰਾਉਣ ਦਾ ਐਲਾਨ

ਅੰਮ੍ਰਿਤਸਰ – ਸੂਬੇ ਵਿੱਚ ਸਨਅਤ ਅਤੇ ਵਪਾਰ ਨੂੰ ਵਧਾਉਣ ਦੇ ਮੰਤਵ ਨਾਲ ਅੱਜ ਪੰਜਾਬ ਸਰਕਾਰ ਵਲੋਂ ਸਰਕਾਰ-ਸਨਅਤਕਾਰ ਮਿਲਣੀ ਦੀ ਸ਼ੁਰੂਆਤ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਨਅਤਕਾਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ। ਭਗਵੰਤ ਮਾਨ ਨੇ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਨਅਤੀਕਰਨ ਨੂੰ ਹੁਲਾਰਾ ਦੇਣ ਦਾ ਐਲਾਨ ਕੀਤਾ। ਸਨਅਤਕਾਰਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਰਹੱਦੀ ਖਿੱਤੇ ਵਿੱਚ ਸਨਅਤ ਦਾ ਸਮੁੱਚਾ ਵਿਕਾਸ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਸ ਲਈ ਸਰਹੱਦੀ ਖੇਤਰ ਵਿੱਚ ਬਾਰਡਰ ਸ਼ਨਾਖਤੀ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਜਾਵੇਗਾ ਅਤੇ ਪ੍ਰਕਿਰਿਆ ਵਿੱਚ ਲੋੜੀਦੀਆਂ ਤਬਦੀਲੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਨਅਤਾਂ ਵਾਸਤੇ ਨਹਿਰੀ ਪਾਣੀ ਉਪਲੱਬਧ ਕਰਵਾਏਗੀ ਜੋ ਸਨਅਤਕਾਰਾਂ ਨੂੰ ਸਸਤਾ ਵੀ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਮਿਲਣੀ ਦੌਰਾਨ ਸਨਅਤਕਾਰਾਂ ਨੇ ਪੇਸ਼ ਆ ਰਹੀ ਪਾਣੀ ਦੀ ਸਮੱਸਿਆ ਬਾਰੇ ਦੱਸਿਆ ਸੀ, ਜਿਸ ਨੂੰ ਮੌਕੇ ’ਤੇ ਹੀ ਹੱਲ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਭਗਵੰਤ ਮਾਨ ਨੇ ਨਹਿਰੀ ਵਿਭਾਗ ਦੇ ਸਕੱਤਰ ਨੂੰ ਮੌਕੇ ’ਤੇ ਹੀ ਨਹਿਰੀ ਪਾਣੀ ਦੀ ਉਪਲੱਬਧਤਾ ਬਾਰੇ ਪੁੱਛਿਆ, ਜਿਨ੍ਹਾਂ ਇਸ ਇਸ ਬਾਰੇ ਹਾਂ-ਪੱਖੀ ਹਾਮੀ ਭਰੀ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਸ਼ਹਿਰ ਵਿੱਚ ਜਲਦੀ ਹੀ ਟੂਰਿਜ਼ਮ ਪੁਲੀਸ ਦੀ ਯੂਨਿਟ ਸ਼ੁਰੂ ਕੀਤੀ ਜਾਵੇਗੀ, ਜੋ ਸੈਲਾਨੀ ਪੱਖੀ ਹੋਵੇਗੀ। ਉਨ੍ਹਾਂ ਦੀ ਵਰਦੀ ਦਾ ਰੰਗ ਵੱਖਰਾ ਹੋਵੇਗਾ ਅਤੇ ਉਹ ਇਥੇ ਆਉਣ ਵਾਲੇ ਸੈਲਾਨੀਆਂ ਦੀ ਮਦਦ ਕਰਨਗੇ। ਟ੍ਰੈਫਿਕ ਕੰਟਰੋਲ ਵਾਸਤੇ ਮਸਨੂਈ ਇੰਟੈਲੀਜੈਂਸ ਦੀ ਵਰਤੋਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਹਾਈਵੇਅ ਪੁਲੀਸ ਸ਼ੁਰੂ ਕੀਤੀ ਗਈ ਹੈ ਤਾਂ ਜੋ ਸੜਕ ਹਾਦਸਿਆਂ ਨੂੰ ਰੋਕ ਕੇ ਜਾਨਾਂ ਨੂੰ ਬਚਾਇਆ ਜਾ ਸਕੇ। ਸ਼ਹਿਰ ਨੂੰ ਪ੍ਰਦੂਸ਼ਣ ਮੁਕਤ ਕਰਨ ਵਾਸਤੇ ਵੱਖ-ਵੱਖ ਥਾਵਾਂ ’ਤੇ ਈ-ਸ਼ਟਲ ਸਰਵਿਸ ਸ਼ੁਰੂ ਕਰਨ ਦੀ ਵੀ ਯੋਜਨਾ ਹੈ। ਮੁੱਖ ਮੰਤਰੀ ਨੇ ਅੰਮ੍ਰਿਤਸਰ ’ਚ 50-100 ਏਕੜ ਰਕਬੇ ਵਿੱਚ ਸੈਲੀਬ੍ਰੇਸ਼ਨ ਪੁਆਇੰਟ (ਖੁਸ਼ੀਆਂ ਵਾਲੇ ਸਮਾਗਮ ਕਰਵਾਉਣ ਲਈ ਵਿਸ਼ੇਸ਼ ਥਾਂ) ਸਥਾਪਤ ਕਰਨ ਦਾ ਵੀ ਐਲਾਨ ਕੀਤਾ। ਇਸ ਜਗ੍ਹਾ ਉਤੇ ਅਜਿਹੇ ਸਮਾਗਮਾਂ ਲਈ ਬੈਂਕੁਇਟ ਹਾਲ ਬਣਾਏ ਜਾਣਗੇ। ਸੂਬੇ ਵਿਚ ਸੈਰ-ਸਪਾਟੇ ਨੂੰ ਪ੍ਰਫੁੱਲਤ ਕਰਨ ਲਈ ਇਹ ਥਾਵਾਂ ਬਹੁਤ ਕਾਰਗਰ ਸਿੱਧ ਹੋਣਗੀਆਂ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਹਾਲ ਹੀ ’ਚ ਸੈਰ-ਸਪਾਟਾ ਸੰਮੇਲਨ ਕਰਵਾਇਆ ਹੈ ਜਿਸ ਵਿਚ ਨਿਵੇਸ਼ਕਾਰਾਂ ਨੇ ਸੂਬੇ ਵਿੱਚ ਲਗਪਗ 1200-1500 ਕਰੋੜ ਦਾ ਨਿਵੇਸ਼ ਕਰਨ ਦੀ ਇੱਛਾ ਪ੍ਰਗਟਾਈ ਹੈ। ਇਹ ਨਿਵੇਸ਼ ਸੂਬੇ ਨੂੰ ਕੌਮਾਂਤਰੀ ਸੈਰ-ਸਪਾਟੇ ਦੇ ਨਕਸ਼ੇ ਉਤੇ ਹੋਰ ਉਭਾਰੇਗਾ। ਇਸ ਦੌਰਾਨ ‘ਆਪ’ ਸੁਪਰੀਮੋਂ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਖਿਆ ਕਿ ਪੰਜਾਬ ਦੀ ਤਰੱਕੀ ਵਾਸਤੇ ਘਰੇਲੂ ਨਿਵੇਸ਼ ਨੂੰ ਵਧਾਇਆ ਜਾਵੇਗਾ। ਪੰਜਾਬ ਦੇ ਨਿਵੇਸ਼ਕਾਰ ਇੱਥੋਂ ਦੇ ਅੰਬੈਸਡਰ ਹੋਣਗੇ ਜਿਨ੍ਹਾਂ ਦੇ ਪ੍ਰਭਾਵ ਨੂੰ ਦੇਖ ਕੇ ਬਾਹਰੋਂ ਵੀ ਨਿਵੇਸ਼ ਵਧੇਗਾ। ਲੁਧਿਆਣਾ ਅਤੇ ਮੁਹਾਲੀ ਵਿਖੇ ਭਲਕੇ 15 ਸਤੰਬਰ ਨੂੰ ਸਰਕਾਰ-ਸਨਅਤਕਾਰ ਮਿਲਣੀ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਹੋਈ ਇਸ ਮਿਲਣੀ ਦੀ ਸ਼ੁਰੂਆਤ ਮੌਕੇ ਜੰਮੂ-ਕਸ਼ਮੀਰ ਵਿੱਚ ਅਤਿਵਾਦੀ ਹਮਲੇ ’ਚ ਪੰਜਾਬ ਦੇ ਕਰਨਲ ਮਨਪ੍ਰੀਤ ਸਿੰਘ ਸਮੇਤ ਹੋਰ ਸ਼ਹੀਦ ਹੋਏ ਜਵਾਨਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ ਗਿਆ।