ਨਵੇਂ ਸੰਸਦ ਭਵਨ ’ਚ ਪਹਿਲਾ ਐਲਾਨ ਐੱਮਐੱਸਪੀ ’ਤੇ ਕਾਨੂੰਨੀ ਗਾਰੰਟੀ ਦਾ ਹੋਵੇ: ਟਿਕੈਤ

ਨਵੇਂ ਸੰਸਦ ਭਵਨ ’ਚ ਪਹਿਲਾ ਐਲਾਨ ਐੱਮਐੱਸਪੀ ’ਤੇ ਕਾਨੂੰਨੀ ਗਾਰੰਟੀ ਦਾ ਹੋਵੇ: ਟਿਕੈਤ

ਕਿਸਾਨ ਆਗੂ ਨੇ ਕੇਂਦਰ ’ਤੇ ਲਾਇਆ ਵਾਅਦਾਖ਼ਿਲਾਫ਼ੀ ਦਾ ਦੋਸ਼
ਲਖਨਊ- ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਅੱਜ ਕਿਹਾ ਕਿ ਸੰਸਦ ਦੀ ਨਵੀਂ ਇਮਾਰਤ ਤੋਂ ਪਹਿਲਾ ਐਲਾਨ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ’ਤੇ ਕਾਨੂੰਨੀ ਗਾਰੰਟੀ ਦੇਣ ਦਾ ਹੋਣਾ ਚਾਹੀਦਾ ਹੈ। ਉਨ੍ਹਾਂ ਲਖਨਊ ਵਿੱਚ ਕਿਸਾਨਾਂ ਦੀ ‘ਮਹਾਪੰਚਾਇਤ’ ਮੌਕੇ ਇਸ ਖ਼ਬਰ ਏਜੰਸੀ ਨਾਲ ਵੱਖਰੇ ਤੌਰ ’ਤੇ ਗੱਲਬਾਤ ਕਰਦਿਆਂ ਕਿਹਾ, ‘‘ਸਰਕਾਰ ਨੂੰ ਆਪਣੇ ਚੋਣ ਵਾਅਦੇ ’ਤੇ ਅਮਲ ਕਰਨਾ ਚਾਹੀਦਾ ਹੈ। ਜੇਕਰ ਪ੍ਰਧਾਨ ਮੰਤਰੀ ‘ਗਾਂਵ’, ‘ਗ਼ਰੀਬ’ ਅਤੇ ‘ਕਿਸਾਨ’ ਦੀ ਪ੍ਰਵਾਹ ਕਰਦੇ ਹਨ ਤਾਂ ਸੰਸਦ ਦੀ ਨਵੀਂ ਇਮਾਰਤ ਤੋਂ ਪਹਿਲਾ ਐਲਾਨ ਐੱਮਐੱਸਪੀ ’ਤੇ ਕਾਨੂੰਨੀ ਗਾਰੰਟੀ ਦੇਣ ਦਾ ਹੋਣਾ ਚਾਹੀਦਾ ਹੈ।’’ ਟਿਕੈਤ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਸ਼ਬਦੀ ਹਮਲਾ ਬੋਲਦਿਆਂ ਕਿਹਾ ਕਿ ਉਹ ਬਿਜਲੀ ਦੀਆਂ ਵਾਧੂ ਕੀਮਤਾਂ ਵਸੂਲ ਕੇ ਕਿਸਾਨਾਂ ਦੀ ਲੁੱਟ ਕਰ ਰਹੀ ਹੈ, ਜਦੋਂਕਿ ਉਸ ਨੇ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ।

ਕਿਸਾਨ ਆਗੂ ਨੇ ਕਿਹਾ, ‘‘ਭਾਜਪਾ ਨੇ ਯੂਪੀ ਵਿੱਚ ਆਪਣੇ ਚੋਣ ਮੈਨੀਫੈਸਟੋ ਵਿੱਚ ਵਾਅਦਾ ਕੀਤਾ ਸੀ ਕਿ ਜੇਕਰ ਉਹ ਸੱਤਾ ਵਿੱਚ ਆਈ ਤਾਂ ਕਿਸਾਨਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾਵੇਗੀ। ਬਾਅਦ ਵਿੱਚ ਇਸ ਨੇ ਕਿਹਾ ਕਿ ਮੁਫ਼ਤ ਬਿਜਲੀ ਇੱਕ ਸਾਲ ਲਈ ਦਿੱਤੀ ਜਾਵੇਗੀ, ਪਰ ਇਸ ਨੂੰ ਲਾਗੂ ਨਹੀਂ ਕੀਤਾ ਗਿਆ। ਕਈ ਸੂਬਿਆਂ ਵਿੱਚ ਕਿਸਾਨਾਂ ਨੂੰ ਬਿਜਲੀ ਮੁਫ਼ਤ ਦਿੱਤੀ ਜਾ ਰਹੀ ਹੈ।’’ ਕਿਸਾਨ ਯੂਨੀਅਨ ਕਿਸ ਪਾਰਟੀ ਜਾਂ ਗੱਠਜੋੜ ਦੀ ਹਮਾਇਤ ਕਰੇਗੀ, ਬਾਰੇ ਪੁੱਛਣ ’ਤੇ ਟਿਕੈਤ ਨੇ ਕਿਹਾ, ‘‘ਇਹ ਤਾਂ ਸਮਾਂ ਦੱਸੇਗਾ।’’ ਟਿਕੈਤ ਨੇ ਕਿਹਾ ਕਿ ਕਿਸਾਨਾਂ ਨੂੰ ਗੰਨੇ ਦੀ ਅਦਾਇਗੀ ਨਾ ਕਰਨ ਅਤੇ ਆਲੂ ਕਾਸ਼ਤਕਾਰਾਂ ਦੀ ਸਮੱਸਿਆਵਾਂ ਬਾਰੇ ਚਰਚਾ ਕਰਨ ਲਈ ਮਹਾਪੰਚਾਇਤ ਸੱਦੀ ਗਈ ਸੀ।