ਬਸਪਾ ਤੇ ਅਕਾਲੀ ਵਿਧਾਇਕਾਂ ਨੂੰ ਸ਼ਹੀਦੀ ਸਮਾਰਕ ’ਤੇ ਜਾਣੋਂ ਰੋਕਿਆ

ਬਸਪਾ ਤੇ ਅਕਾਲੀ ਵਿਧਾਇਕਾਂ ਨੂੰ ਸ਼ਹੀਦੀ ਸਮਾਰਕ ’ਤੇ ਜਾਣੋਂ ਰੋਕਿਆ

ਬੰਗਾ- ਇੱਥੇ ਅੱਜ ਖਟਕੜ ਕਲਾਂ ਵਿੱਚ ਸ਼ਹੀਦ ਭਗਤ ਸਿੰਘ ਯਾਦਗਾਰੀ ਸਮਾਰਕ ’ਤੇ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਪੁੱਜੇ ਬੰਗਾ ਅਤੇ ਨਵਾਂ ਸ਼ਹਿਰ ਦੇ ਵਿਧਾਇਕਾਂ ਨੂੰ ਰੋਕਣ ’ਤੇ ਰੌਲਾ ਪੈ ਗਿਆ। ਰੋਸ ਵਜੋਂ ਦੋਵਾਂ ਨੇ ਆਪੋ-ਆਪਣੇ ਸਮਰਥਕਾਂ ਨਾਲ ਧਰਨਾ ਮਾਰ ਦਿੱਤਾ। ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਅਤੇ ਨਵਾਂ ਸ਼ਹਿਰ ਤੋਂ ਬਹੁਜਨ ਸਮਾਜ ਪਾਰਟੀ ਦੇ ਵਿਧਾਇਕ ਨਛੱਤਰ ਪਾਲ ਜਦੋਂ ਆਪੋ ਆਪਣੀ ਪਾਰਟੀ ਦੇ ਸਮਰਥਕਾਂ ਦਾ ਕਾਫ਼ਲਾ ਲੈ ਕੇ ਇੱਥੇ ਪੁੱਜੇ ਤਾਂ ਉਨ੍ਹਾਂ ਨੂੰ ਰੋਕਿਆ ਗਿਆ। ਜ਼ਿਲ੍ਹੇ ਦੇ ਉੱਚ ਪੁਲੀਸ ਅਧਿਕਾਰੀ ਮੌਕੇ ’ਤੇ ਆ ਕੇ ਵਿਧਾਇਕਾਂ ਨੂੰ ਮਨਾਉਣ ਲੱਗ ਪਏ।

ਵਿਧਾਇਕ ਸੁੱਖੀ ਨੇ ਕਿਹਾ ਕਿ ਸ਼ਹੀਦ ਸਾਰਿਆਂ ਦੇ ਸਾਂਝੇ ਹਨ ਅਤੇ ਅਜਿਹੇ ਮੌਕਿਆਂ ’ਤੇ ਸੱਤਾਧਾਰੀਆਂ ਨੂੰ ਦੂਜੀਆਂ ਪਾਰਟੀਆਂ ਨਾਲ ਅਜਿਹਾ ਵਵਿਹਾਰ ਨਹੀਂ ਕਰਨਾ ਚਾਹੀਦਾ। ਵਿਧਾਇਕ ਨਛੱਤਰ ਪਾਲ ਨੇ ਕਿਹਾ ਕਿ ਮੁੱਖ ਮੰਤਰੀ ਦੀ ਆਮਦ ’ਤੇ ਤਾਨਾਸ਼ਾਹੀ ਮਾਹੌਲ ਬਣਾਉਣਾ ਮੰਦਭਾਗਾ ਹੈ, ਜਿਸ ਨਾਲ ਆਮ ਲੋਕਾਂ ਨੂੰ ਸ਼ਹੀਦੀ ਸਮਾਰਕ ’ਤੇ ਪੁੱਜਣ ਲਈ ਪ੍ਰੇਸ਼ਾਨੀ ਆਉਂਦੀ ਹੈ। ਇਸ ਤੋਂ ਬਾਅਦ ਦੋਵੇਂ ਵਿਧਾਇਕਾਂ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸਮਾਰਕ ’ਤੇ ਪੁੱਜ ਕੇ ਉਨ੍ਹਾਂ ਦੀ ਸੋਚ ’ਤੇ ਪਹਿਰਾ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਖਦੀਪ ਸਿੰਘ ਸ਼ੁਕਾਰ ਅਤੇ ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਜਾਫ਼ਰਪੁਰ ਵੀ ਸ਼ਾਮਲ ਸਨ। ਇਸੇ ਦੌਰਾਨ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਜੋ ਅੱਜ ਖੁਦ ਦੋਵਾਂ ਵਿਧਾਇਕਾਂ ਨਾਲ ਖਟਕੜ ਕਲਾਂ ਪੁੱਜੇ ਹੋਏ ਸਨ, ਨੇ ਸਰਕਾਰ ਦੇ ਵਤੀਰੇ ਦੀ ਨਿਖੇਧੀ ਕੀਤੀ। ਉਨ੍ਹਾਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਦੀ ਵੀ ਨਿਖੇਧੀ ਕੀਤੀ।