ਸਿੱਖ ਕੌਮ ’ਤੇ ਹੋਏ ਜ਼ੁਲਮਾਂ ਨੂੰ ਵੀ ਯਾਦ ਰੱਖਣ ਰਾਹੁਲ: ਹਰਸਿਮਰਤ

ਸਿੱਖ ਕੌਮ ’ਤੇ ਹੋਏ ਜ਼ੁਲਮਾਂ ਨੂੰ ਵੀ ਯਾਦ ਰੱਖਣ ਰਾਹੁਲ: ਹਰਸਿਮਰਤ

ਅੰਮ੍ਰਿਤਸਰ- ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਸਬੰਧੀ ਟਿੱਪਣੀ ਕਰਦਿਆਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕਾਂਗਰਸੀ ਆਗੂ ਰਾਹੁਲ ਗਾਂਧੀ ਗੁਰੂਘਰ ਵਿੱਚ ਨਤਮਸਤਕ ਹੋਣ ਸਮੇਂ ਆਪਣੀ ਦਾਦੀ ਅਤੇ ਪਿਤਾ ਵੱਲੋਂ ਸਿੱਖ ਕੌਮ ’ਤੇ ਕੀਤੇ ਗਏ ਜ਼ੁਲਮਾਂ ਨੂੰ ਵੀ ਯਾਦ ਰੱਖਣ। ਉਹ ਇੱਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਸ੍ਰੀ ਦਰਬਾਰ ਸਾਹਿਬ ਸਮੂਹ ਵਿੱਚ ਪਰਿਵਾਰ ਵੱਲੋਂ ਰਖਵਾਏ ਗਏ ਅਖੰਡ ਪਾਠ ਦੇ ਭੋਗ ਵਿੱਚ ਸ਼ਾਮਲ ਹੋਣ ਮਗਰੋਂ ਉਨ੍ਹਾਂ ਮੀਡੀਆ ਨਾਲ ਸੰਖੇਪ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਸਾਰੇ ਧਰਮਾਂ ਤੇ ਜਾਤਾਂ ਲਈ ਸਾਂਝਾ ਅਸਥਾਨ ਹੈ। ਕਾਂਗਰਸ ਅਤੇ ‘ਆਪ’ ਗੱਠਜੋੜ ਬਾਰੇ ਉਨ੍ਹਾਂ ਕਿਹਾ ਕਿ ਇਹ ਪਹਿਲਾਂ ਵੀ ਇਕੱਠੇ ਸਨ ਅਤੇ ਹੁਣ ਮੁੜ ਇਨ੍ਹਾਂ ਵੱਲੋਂ ਜਨਤਕ ਤੌਰ ’ਤੇ ਇਕੱਠੇ ਹੋਣ ਦਾ ਐਲਾਨ ਕੀਤਾ ਗਿਆ ਹੈ। ਸਾਲ 2013 ਵਿੱਚ ਦਿੱਲੀ ’ਚ ‘ਆਪ’ ਨੇ ਕਾਂਗਰਸ ਦੀ ਮਦਦ ਨਾਲ ਸਰਕਾਰ ਬਣਾਈ ਸੀ। ਉਨ੍ਹਾਂ ਦੋਸ਼ ਲਾਇਆ ਕਿ ਅਰਵਿੰਦ ਕੇਜਰੀਵਾਲ ਦਾ ਪ੍ਰਧਾਨ ਮੰਤਰੀ ਬਣਨ ਦਾ ਸੁਫ਼ਨਾ ਪੂਰਾ ਕਰਨ ਅਤੇ ਉਸ ਦੇ ਆਉਣ-ਜਾਣ ਲਈ ਪੰਜਾਬ ਸਰਕਾਰ ਵੱਲੋਂ ਜਹਾਜ਼ ਖਰੀਦਿਆ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਸਭ ਤੋਂ ਵੱਧ ਵਿਕਾਸ ਅਕਾਲੀ ਦਲ ਦੀ ਸਰਕਾਰ ਵੇਲੇ ਹੀ ਹੋਇਆ ਸੀ।