ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦਾ ਜੋੜ ਮੇਲਾ ਸ਼ੁਰੂ

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦਾ ਜੋੜ ਮੇਲਾ ਸ਼ੁਰੂ

ਤਰਨ ਤਾਰਨ- ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਗ੍ਰੰਥੀ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਤਪ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ’ਤੇ ਲੱਗਣ ਵਾਲੇ ਤਿੰਨ-ਰੋਜ਼ਾ ਸਾਲਾਨਾ ਜੋੜ ਮੇਲੇ ਦੇ ਅੱਜ ਪਹਿਲੇ ਦਨਿ ਇਲਾਕੇ ਅੰਦਰ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਅਧੀਨ ਸਜਾਏ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ| ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਹੈੱਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਨੇ ਕੀਤੀ। ਨਗਰ ਕੀਰਤਨ ਨੂੰ ਪੰਜਾਬ ਪੁਲੀਸ ਦੇ ਜਵਾਨਾਂ ਵਲੋਂ ਐਸਪੀ ਮਨਿੰਦਰ ਸਿੰਘ ਦੀ ਅਗਵਾਈ ਵਿੱਚ ਸਲਾਮੀ ਦਿੱਤੀ ਗਈ। ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਰਾਜਿੰਦਰ ਸਿੰਘ ਟੌਹੜਾ ਨੇ ਇਸ ਮੌਕੇ ਪਹੁੰਚੀਆਂ ਧਾਰਮਿਕ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ। ਨਗਰ ਕੀਰਤਨ ਵਿੱਚ ਸਕੂਲਾਂ ਦੇ ਵਿਦਿਆਰਥੀਆਂ, ਗਤਕਾ ਪਾਰਟੀਆਂ ਅਤੇ ਇਲਾਕੇ ਭਰ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਭਾਗ ਲਿਆ| ਦਲ ਪੰਥ ਬਾਬਾ ਬਿਧੀ ਚੰਦ ਸੰਪਰਦਾ ਸੁਰਸਿੰਘ ਤੋਂ ਸ਼ਾਮਲ ਹੋਏ ਹਾਥੀਆਂ-ਘੋੜਿਆਂ ਦੇ ਵਿਲੱਖਣ ਕਰਤਵ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇ| ਨਗਰ ਕੀਰਤਨ ਪਿੰਡ ਬਘਿਆੜੀ, ਸਵਰਗਾਪੁਰੀ, ਅੱਡਾ ਝਬਾਲ, ਨਿੱਕੀ ਝਬਾਲ ਠੱਠਾ ਮੋੜ ਤੋਂ ਹੁੰਦਾ ਹੋਇਆ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਆ ਕੇ ਸੰਪੰਨ ਹੋਇਆ| ਗੁਰਦੁਆਰਾ ਸਾਹਿਬ ਦੇ ਮੈਨੇਜਰ ਰਾਜਿੰਦਰ ਸਿੰਘ ਟੌਹੜਾ ਨੇ ਦੱਸਿਆ ਕਿ ਧਾਰਮਿਕ ਮੇਲੇ ’ਤੇ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਸੰਗਤਾਂ ਆ ਰਹੀਆਂ ਹਨ।