ਭਾਜਪਾ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਮੁਜ਼ਾਹਰਾ

ਭਾਜਪਾ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਮੁਜ਼ਾਹਰਾ

ਚੰਡੀਗੜ੍ਹ – ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਐੱਸਵਾਈਐੱਲ ਦੇ ਮੁੱਦੇ ’ਤੇ ਪੰਜਾਬ ਦੇ ਸਟੈਂਡ ਨੂੰ ਕਮਜ਼ੋਰ ਕਰਨ ਲਈ ਭਗਵੰਤ ਮਾਨ ਦੀ ਸਰਕਾਰ ’ਤੇ ਸ਼ਾਂਤੀ ਭੰਗ ਕਰਨ ਦੀ ਸਾਜ਼ਿਸ਼ ਰਚਣ ਦੇ ਦੋਸ਼ ਲਾਏ ਹਨ।

ਜਾਖੜ ਨੇ ਅੱਜ ਇੱਥੇ ਕਿਹਾ ਕਿ ਇਸ ਸੰਵੇਦਨਸ਼ੀਲ ਤੇ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜੇ ਮੁੱਦੇ ਰਾਹੀਂ ਸਿਆਸੀ ਫਸਲ ਕੱਟਣ ਦੀਆਂ ‘ਆਪ’ ਦੀਆਂ ਕੋਸ਼ਿਸ਼ਾਂ ਪੰਜਾਬ ਲਈ ਚਿੰਤਾਜਨਕ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਸੱਤਾ ਵਿੱਚ ਬਣੇ ਰਹਿਣ ਦਾ ਨੈਤਿਕ ਆਧਾਰ ਗੁਆ ਚੁੱਕੇ ਹਨ। ਇਸ ਤੋਂ ਪਹਿਲਾਂ ਸੂੁਬਾ ਪ੍ਰਧਾਨ ਦੀ ਅਗਵਾਈ ’ਚ ਭਾਜਪਾ ਦੀ ਕੋਰ ਕਮੇਟੀ ਨੇ ਇੱਕ ਮਤਾ ਪਾਸ ਕਰਕੇ ਸੂਬਾ ਸਰਕਾਰ ਦੇ ਸੁਪਰੀਮ ਕੋਰਟ ਵਿੱਚ ਲਏ ਸਟੈਂਡ ਦੀ ਨਿਖੇਧੀ ਕੀਤੀ। ਇਸ ਮਗਰੋਂ ਕੋਰ ਕਮੇਟੀ ਮੈਂਬਰਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਕਾਲੀਆਂ ਝੰਡੀਆਂ ਨਾਲ ਪ੍ਰਦਰਸ਼ਨ ਕੀਤਾ। ਭਾਜਪਾ ਨੇਤਾ ਨੇ ਕਿਹਾ ਕਿ ਇਹ ਮਸਲਾ ਜਦੋਂ ਤੋਂ ਪੈਦਾ ਹੋਇਆ ਹੈ ਉਦੋਂ ਤੋਂ ਹੀ ਪੰਜਾਬ ਦਾ ਸਪੱਸ਼ਟ ਅਤੇ ਸਥਿਰ ਸਟੈਂਡ ਰਿਹਾ ਹੈ ਕਿ ਪੰਜਾਬ ਕੋਲ ਕਿਸੇ ਹੋਰ ਨੂੰ ਦੇਣ ਲਈ ਇੱਕ ਬੂੰਦ ਵੀ ਵਾਧੂ ਪਾਣੀ ਨਹੀਂ ਹੈ। ਅਜਿਹਾ ਸਟੈਂਡ ਕਾਂਗਰਸ ਤੇ ਅਕਾਲੀ ਸਰਕਾਰ ਸਮੇਂ ਵੀ ਰਿਹਾ ਪਰ ‘ਆਪ’ ਸਰਕਾਰ ਨੇ ਸੁਪਰੀਮ ਕੋਰਟ ਵਿਚ ਪੰਜਾਬ ਦਾ ਪੱਖ ਜਾਣਬੁੱਝ ਕੇ ਕਮਜ਼ੋਰ ਕੀਤਾ ਜਿਸ ਕਰਕੇ ਸੁਪਰੀਮ ਕੋਰਟ ਨੇ ਸਰਵੇਖਣ ਦਾ ਹੁਕਮ ਦੇ ਦਿੱਤਾ, ਜਿਹੜਾ ਕਿ ਕੇਂਦਰ ਵੱਲੋਂ ਕੀਤਾ ਜਾਣਾ ਹੈ। ਇਹ ਕੇਂਦਰ ਨੂੰ ਇਸ ਸਾਰੇ ਘਟਨਾਕ੍ਰਮ ’ਚ ਬਦਨਾਮ ਕਰਨ ਦੀ ਸਾਜ਼ਿਸ਼ ਹੈ।

ਉਨ੍ਹਾਂ ਨੇ ਪੰਜਾਬੀਆਂ ਨੂੰ ‘ਆਪ’ ਦੀਆਂ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀਆਂ ਕੋਸ਼ਿਸ਼ਾਂ ਤੋਂ ਸਾਵਧਾਨ ਰਹਿਣ ਅਪੀਲ ਕੀਤੀ ਅਤੇ ਭਰੋਸਾ ਦਿੱਤਾ ਕਿ ਕਿਸੇ ਨੂੰ ਪੰਜਾਬ ਦਾ ਪਾਣੀ ਨਹੀਂ ਖੋਹਣ ਦਿੱਤਾ ਜਾਵੇਗਾ।