ਪਿਛਲੀਆਂ ਸਰਕਾਰਾਂ ਨੇ ਵਿਰਾਸਤੀ ਇਮਾਰਤਾਂ ਵਿਸਾਰੀਆਂ: ਡਾ. ਬਲਬੀਰ ਸਿੰਘ

ਪਿਛਲੀਆਂ ਸਰਕਾਰਾਂ ਨੇ ਵਿਰਾਸਤੀ ਇਮਾਰਤਾਂ ਵਿਸਾਰੀਆਂ: ਡਾ. ਬਲਬੀਰ ਸਿੰਘ

ਸਿਹਤ ਮੰਤਰੀ ਨੇ ਹੈਰੀਟੇਜ ਵਾਕ ਦੀ ਕੀਤੀ ਅਗਵਾਈ; ਵਿਰਾਸਤ ਦੀ ਸੰਭਾਲ ’ਤੇ ਜ਼ੋਰ ਦਿੱਤਾ
ਪਟਿਆਲਾ- ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਵਿਚਲੀਆਂ ਕਈ ਵਿਰਾਸਤੀ ਇਮਾਰਤਾਂ ਵੇਚ ਕੇ ਪੰਜਾਬ ਦੀ ਅਮੀਰ ਵਿਰਾਸਤ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਪਰ ਹੁਣ ਭਗਵੰਤ ਮਾਨ ਸਰਕਾਰ ਪੰਜਾਬ ਦੀ ਵਿਰਾਸਤ ਨੂੰ ਸੰਭਾਲਣ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕ ਰਹੀ ਹੈ।

ਡਾ. ਬਲਬੀਰ ਇੱਥੇ ਪੁਰਾਤਨ ਤੇ ਇਤਿਹਾਸਕ ਬਾਰਾਂਦਰੀ ਬਾਗ਼ ਵਿੱਚ ਪਟਿਆਲਾ ਫਾਊਂਡੇਸ਼ਨ ਵੱਲੋਂ ਹੈਰੀਟੇਜ ਪ੍ਰਾਜੈਕਟ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਰਵਾਈ ਗਈ ਸੱਤਵੀਂ ਹੈਰੀਟੇਜ ਵਾਕ ਵਿੱਚ ਸ਼ਿਰਕਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਰਾਜ ਵਿੱਚ ਖੇਡ ਸੱਭਿਆਚਾਰ ਪੈਦਾ ਕੀਤਾ ਹੈ। ਪੰਜਾਬੀਆਂ ਨੇ ਏਸ਼ੀਅਨ ਖੇਡਾਂ ਵਿੱਚ ਦੇਸ਼ ਵਿਚ ਸਭ ਤੋਂ ਵਧੀਆ ਪ੍ਰਦਰਸ਼ਨ ਕਰਕੇ ਇਹ ਸਾਬਤ ਕਰ ਦਿੱਤਾ ਕਿ ਪੰਜਾਬ ਨਸ਼ੇੜੀ ਨਹੀਂ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਸੱਭਿਆਚਾਰ ਤੇ ਵਿਰਾਸਤ ਨੂੰ ਸੰਭਾਲਣ ਲਈ ਉਚੇਚੇ ਯਤਨ ਕਰ ਰਹੀ ਹੈ ਤਾਂ ਕਿ ਲੋਕਾਂ ਨੂੰ ਆਪਣੀ ਅਮੀਰ ਵਿਰਾਸਤ ਨਾਲ ਜੋੜਿਆ ਜਾ ਸਕੇ।

ਡਾ. ਬਲਬੀਰ ਸਿੰਘ ਨੇ ਪਟਿਆਲਾ ਫਾਊਂਡੇਸ਼ਨ ਅਤੇ ਇਸ ਦੇ ਮੁੱਖ ਕਾਰਜਕਾਰੀ ਅਧਿਕਾਰੀ ਰਵੀ ਸਿੰਘ ਆਹਲੂਵਾਲੀਆ ਵੱਲੋਂ ਵਿਰਸੇ ਨੂੰ ਸੰਭਾਲਣ ਅਤੇ ਇਸ ਨਾਲ ਲੋਕਾਂ ਨੂੰ ਜੋੜਨ ਸਮੇਤ ਸਾਂਭ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਯਤਨਾਂ ਦੀ ਸ਼ਲਾਘਾ ਕੀਤੀ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਪਟਿਆਲਾ ਫਾਊਂਡੇਸ਼ਨ ਦੀ ਇਸ ਸ਼ਾਨਦਾਰ ਪਹਿਲਕਦਮੀ ਨੇ ਲੋਕਾਂ ਨੂੰ ਪਟਿਆਲਾ ਦੀ ਅਮੀਰ ਸਭਿਆਚਾਰਕ ਵਿਰਾਸਤ ਬਾਰਾਂਦਰੀ ਬਾਗ਼ ਨਾਲ ਜੋੜਿਆ ਹੈ। ਅੱਜ ਦੀ ਇਹ ਸੱਤਵੀਂ ਹੈਰੀਟੇਜ ਵਾਕ ਲੀਲ੍ਹਾ ਭਵਨ ਨੇੜੇ ਬਾਰਾਂਦਰੀ ਗਾਰਡਨ ਦੇ ਗੇਟ ਤੋਂ ਸ਼ੁਰੂ ਹੋਈ। ਪਟਿਆਲਾ ਫਾਊਂਡੇਸ਼ਨ ਦੇ ਮੁੱਖ ਕਾਰਜਕਾਰੀ ਅਧਿਕਾਰੀ ਰਵੀ ਸਿੰਘ ਆਹਲੂਵਾਲੀਆ ਨੇ ਇਸ ਬਾਰੇ ਇਤਿਹਾਸਕ ਜਾਣਕਾਰੀ ਦਿੱਤੀ ਅਤੇ ਵਿਰਾਸਤੀ ਸੰਭਾਲ ਦੀ ਜ਼ਰੂਰੀ ਲੋੜ ‘ਤੇ ਜ਼ੋਰ ਦਿੱਤਾ।ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ ਆਦਿ ਨੇ ਵੀ ਸ਼ਮੂਲੀਅਤ ਕੀਤੀ