ਐੱਸਵਾਈਐੱਲ ਮਾਮਲਾ: ਵੱਖ-ਵੱਖ ਜਥੇਬੰਦੀਆਂ ਵੱਲੋਂ ਰੋਸ ਮਾਰਚ

ਐੱਸਵਾਈਐੱਲ ਮਾਮਲਾ: ਵੱਖ-ਵੱਖ ਜਥੇਬੰਦੀਆਂ ਵੱਲੋਂ ਰੋਸ ਮਾਰਚ

ਸਰਵੇਖਣ ਕਰਨ ਆਉਣ ਵਾਲੀਆਂ ਟੀਮਾਂ ਦਾ ਘਿਰਾਓ ਕਰਾਂਗੇ: ਆਗੂ
ਸੰਗਰੂਰ- ਵੱਖ-ਵੱਖ ਜਥੇਬੰਦੀਆਂ ਦੇ ਸੱਦੇ ’ਤੇ ਕਿਸਾਨਾਂ ਵੱਲੋਂ ਐੱਸ.ਵਾਈ.ਐਲ. ਦੇ ਮੁੱਦੇ ’ਤੇ ਸੁਪਰੀਮ ਕੋਰਟ ਵੱਲੋਂ ਪੰਜਾਬ ਦੇ ਖ਼ੇਤਰ ਵਿੱਚ ਨਹਿਰ ਦੀ ਉਸਾਰੀ ਲਈ ਸਰਵੇਖਣ ਕਰਨ ਦੇ ਦਿੱਤੇ ਹੁਕਮਾਂ ਦੇ ਵਿਰੋਧ ‘ਚ ਰੋਸ ਮਾਰਚ ਕੀਤਾ ਗਿਆ ਅਤੇ ਰੋਸ ਧਰਨਾ ਦਿੱਤਾ ਗਿਆ। ਇਸ ਦੇ ਨਾਲ ਹੀ ਕਿਸਾਨਾਂ ਨੇ ਆਨਲਾਈਨ ਨਿਊਜ਼ ਕਲਿੱਕ ਦੇ ਦਫ਼ਤਰ ਨੂੰ ਸੀਲ ਕਰਨ, ਸਬੰਧਤ ਪੱਤਰਕਾਰਾਂ ਦੇ ਟਿਕਾਣਿਆਂ ਉਪਰ ਛਾਪੇ ਮਾਰਨ, ਹਿਰਾਸਤ ਵਿਚ ਲੈਣ ਦੀ ਵੀ ਨਿੰਦਾ ਕੀਤੀ।

ਵੱਖ-ਵੱਖ ਜਥੇਬੰਦੀਆਂ ਦੇ ਕਾਰਕੁਨ ਸਥਾਨਕ ਰੇਲਵੇ ਸਟੇਸ਼ਨ ਨੇੜੇ ਇਕੱਠੇ ਹੋਏ ਜਿੱਥੋਂ ਮਾਰਚ ਕਰਦਿਆਂ ਡੀਸੀ ਦਫ਼ਤਰ ਅੱਗੇ ਪੁੱਜੇ ਅਤੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ, ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਖਜ਼ਾਨਚੀ ਬਿੱਕਰ ਸਿੰਘ ਹਥੋਆ, ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਆਗੂ ਸੁਖਦੀਪ ਸਿੰਘ ਹਥਨ ਅਤੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਗਿਰ ਨੇ ਕਿਹਾ ਕਿ ਇਹ ਛਾਪੇਮਾਰੀ ਸਰਕਾਰ ਦੀਆਂ ਨੀਤੀਆਂ ਨਾਲੋਂ ਵਖਰੇਵਾਂ ਰੱਖਣ, ਆਲੋਚਨਾ ਕਰਨ ਅਤੇ ਵਿਰੋਧੀ ਆਵਾਜ਼ ਨੂੰ ਦਬਾਉਣ ਲਈ ਪੱਤਰਕਾਰਾਂ, ਲੇਖਕਾਂ, ਜਮਹੂਰੀ ਹੱਕਾਂ ਦੇ ਰਾਖੇ ਕਾਰਕੁਨਾਂ ਅਤੇ ਸਿਆਸੀ ਵਿਰੋਧੀਆਂ ਨੂੰ ਦਬਾਉਣ, ਧਮਕਾਉਣ ਦੇ ਫਾਸ਼ੀਵਾਦੀ ਹਮਲਿਆਂ ਦੇ ਜਾਰੀ ਰੱਖਣ ਦਾ ਹੀ ਹਿੱਸਾ ਹੈ।

ਉਨ੍ਹਾਂ ਕਿਹਾ ਕਿ ਐਨ.ਆਈ.ਏ., ਈ.ਡੀ. ਤੇ ਸੀ.ਬੀ.ਆਈ. ਦੀ ਵਰਤੋਂ ਫਿਰਕੂ ਧਰੁਵੀਕਰਨ ਨੂੰ ਵਧਾਉਣ ਤੇ ਵਿਰੋਧੀਆਂ ਨੂੰ ਦਬਾਉਣ ਲਈ ਕੀਤੀ ਜਾ ਰਹੀ ਹੈ ਤਾਂ ਜੋ 2024 ਦੀਆਂ ਚੋਣਾਂ ਵਿੱਚ ਇਸਦਾ ਲਾਹਾ ਲਿਆ ਜਾ ਸਕੇ। ਦੂਸਰੇ ਪਾਸੇ ਸੁਪਰੀਮ ਕੋਰਟ ਦੇ ਐੱਸਵਾਈਐੱਲ ਨਹਿਰ ਦੀ ਪੰਜਾਬ ਖੇਤਰ ਚ ਆਉਂਦੇ ਹਿੱਸੇ ਦੀ ਨਿਸ਼ਾਨਦੇਹੀ ਕਰਾਉਣ ਦੇ ਆਦੇਸ਼ ਪੰਜਾਬ ਦੇ ਹਿੱਤਾਂ ਖਿਲਾਫ਼ ਹਨ। ਇਸ ਨਹਿਰ ਦਾ ਸਰਵੇ ਕਰਨ ਆਉਣ ਵਾਲੀਆਂ ਟੀਮਾਂ ਦਾ ਘਿਰਾਓ ਕੀਤਾ ਜਾਵੇਗਾ ਤੇ ਕਿਸੇ ਵੀ ਹਾਲਤ ਵਿੱਚ ਇਹ ਨਹਿਰ ਨਹੀਂ ਨਿਕਲਣ ਦਿੱਤੀ ਜਾਵੇਗੀ। ਪੰਜਾਬ ਸਰਕਾਰ ਵੀ ਇਸ ਮੁੱਦੇ ਨੂੰ ਹੱਲ ਕਰਨ ਲਈ ਸਖਤ ਸਟੈਂਡ ਲਵੇ। ਇਸ ਮੌਕੇ ਕਿਸਾਨ ਆਗੂ ਮਿਹਰ ਸਿੰਘ ਈਸਾਪੁਰ ਲੰਡਾ, ਕੁਲਦੀਪ ਸਿੰਘ ਲੌਂਗੋਵਾਲ, ਕਰਮਜੀਤ ਸਿੰਘ ਸਤੀਪੁਰਾ, ਸੁਖਦੇਵ ਸਿੰਘ ਉਭਾਵਾਲ, ਚਮਕੌਰ ਸਿੰਘ ਹਥਨ, ਜੁਝਾਰ ਸਿੰਘ ਬਡਰੁੱਖਾਂ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਗੁਰਚਰਨ ਸਿੰਘ ਘਰਾਚੋਂ, ਸੁਖਵਿੰਦਰ ਸਿੰਘ ਬਟੜਿਆਣਾ, ਬੀਰੂ ਸਿੰਘ ਭੰਮਬੱਦੀ ਨੇ ਵੀ ਸੰਬੋਧਨ ਕੀਤਾ।