ਸੁਖਪਾਲ ਖਹਿਰਾ ਨੂੰ ਮੁੜ ਦੋ ਰੋਜ਼ਾ ਪੁਲੀਸ ਰਿਮਾਂਡ ’ਤੇ ਭੇਜਿਆ

ਸੁਖਪਾਲ ਖਹਿਰਾ ਨੂੰ ਮੁੜ ਦੋ ਰੋਜ਼ਾ ਪੁਲੀਸ ਰਿਮਾਂਡ ’ਤੇ ਭੇਜਿਆ

ਜਲਾਲਾਬਾਦ- ਨਸ਼ਾ ਤਸਕਰੀ ਮਾਮਲੇ ਵਿੱਚ ਜਲਾਲਾਬਾਦ ਪੁਲੀਸ ਵੱਲੋਂ ਰਿਮਾਂਡ ’ਤੇ ਲਏ ਗਏ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਦੋ ਦਿਨ ਦਾ ਪੁਲੀਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਮੁੜ ਤੋਂ ਸਥਾਨਕ ਜਸਟਿਸ ਰਾਮਪਾਲ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤੇ ਅਦਾਲਤ ਨੇ ਸ੍ਰੀ ਖਹਿਰਾ ਦਾ ਮੁੜ ਦੋ ਦਿਨ ਦਾ ਪੁਲੀਸ ਰਿਮਾਂਡ ਦੇ ਦਿੱਤਾ। ਇਸ ਤੋਂ ਪਹਿਲਾਂ ਕਾਂਗਰਸ ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਜਲਾਲਾਬਾਦ ਅਦਾਲਤ ਵਿੱਚ ਪੁੱਜੇ। ਬਾਜਵਾ ਦੇ ਅਦਾਲਤ ਵਿੱਚ ਦਾਖਲ਼ ਹੁੰਦੇ ਹੀ ਪੁਲੀਸ ਵੱਲੋਂ ਉਨ੍ਹਾਂ ਨੂੰ ਰੋਕ ਲਿਆ ਗਿਆ ਜਿਸ ਤੋਂ ਬਾਅਦ ਰੋਹ ਵਿੱਚ ਆਏ ਕਾਂਗਰਸੀ ਆਗੂਆਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਮੌਕੇ ਸਰਕਾਰੀ ਵਕੀਲ ਬਲਜੀਤ ਸਿੰਘ ਨੇ ਦਲੀਲਾਂ ਪੇਸ਼ ਕਰਦੇ ਹੋਏ ਖਹਿਰਾ ਦਾ ਪੁਲੀਸ ਰਿਮਾਂਡ ਵਧਾਉਣ ਦੀ ਮੰਗ ਕੀਤੀ ਜਿਸ ’ਤੇ ਅਦਾਲਤ ਨੇ ਖਹਿਰਾ ਦਾ ਦੋ ਦਿਨ ਦਾ ਪੁਲੀਸ ਰਿਮਾਂਡ ਦੇ ਦਿੱਤਾ ਜਿਸ ਤੋਂ ਬਾਅਦ ਪੁਲੀਸ ਖਹਿਰਾ ਨੂੰ ਲੈ ਕੇ ਚਲੀ ਗਈ। ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਭਗਵੰਤ ਮਾਨ ਸਰਕਾਰ ’ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਸਰਕਾਰ ਲੋਕਤੰਤਰ ਦਾ ਗਲ ਘੁੱਟ ਰਹੀ ਹੈ। ਕਿਸੇ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਜੋ ਉਸ ਸਮੇਂ ਵਿਰੋਧੀ ਧਿਰ ਦੇ ਆਗੂ ਸਨ, ਨੇ ਖਹਿਰਾ ਦਾ ਬਚਾਅ ਕਰਦੇ ਹੋਏ ਉਨ੍ਹਾਂ ਨੂੰ ਝੂਠੇ ਕੇਸ ਵਿੱਚ ਫਸਾਉਣ ਦੀ ਗੱਲ ਆਖੀ ਸੀ ਅਤੇ ਅੱਜ ਪੰਜਾਬ ਸਰਕਾਰ ਦੀ ਸ਼ਹਿ ’ਤੇ ਬਦਲਾਖੋਰੀ ਦੀ ਭਾਵਨਾ ਤਹਿਤ ਖਹਿਰਾ ਨੂੰ ਝੂਠੇ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਹੈ। ਬਾਜਵਾ ਨੇ ਕਿਹਾ ਕਿ ਸਮੁੱਚੀ ਕਾਂਗਰਸ ਖਹਿਰਾ ਨਾਲ ਖੜ੍ਹੀ ਹੈ ਅਤੇ ਸਰਕਾਰ ਦੀ ਧੱਕੇਸ਼ਾਹੀ ਦਾ ਕਾਂਗਰਸੀ ਢੁੱਕਵਾਂ ਜਵਾਬ ਦੇਣਗੇ।