ਖੁੱਲ੍ਹੀ ਬਹਿਸ ਤੋਂ ਭੱਜ ਰਹੇ ਨੇ ਵਿਰੋਧੀ: ਭਗਵੰਤ ਮਾਨ

ਖੁੱਲ੍ਹੀ ਬਹਿਸ ਤੋਂ ਭੱਜ ਰਹੇ ਨੇ ਵਿਰੋਧੀ: ਭਗਵੰਤ ਮਾਨ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲੀ ਨਵੰਬਰ ਨੂੰ ਹੋਣ ਵਾਲੀ ਬਹਿਸ ਦਾ ਜ਼ਿਕਰ ਕਰਦਿਆਂ ਕਿਹਾ ਕਿ ਆਪਣੇ ਗੁਨਾਹਾਂ ਤੋਂ ਪਰਦਾ ਚੁੱਕੇ ਜਾਣ ਦੇ ਡਰੋਂ ਵਿਰੋਧੀ ਆਗੂ ‘ਖੁੱਲ੍ਹੀ ਬਹਿਸ’ ਤੋਂ ਭੱਜ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀ ਪਾਰਟੀਆਂ ਦੇ ਲੀਡਰਾਂ ਦੀ ਸੂਬੇ ਨੂੰ ਬਰਬਾਦ ਕਰਨ ਵਾਲੇ ਲੋਕਾਂ ਨਾਲ ਗੰਢ-ਤੁੱਪ ਸੀ ਜਿਸ ਕਰਕੇ ਉਹ ਬਹਿਸ ਵਿੱਚ ਆਉਣ ਤੋਂ ਪਾਸਾ ਵੱਟ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਪੰਜਾਬ ਤੇ ਪੰਜਾਬੀਆਂ ਨਾਲ ਹਮੇਸ਼ਾ ਗ਼ੱਦਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਵੱਲੋਂ ਸੂਬੇ ਨਾਲ ਕਮਾਏ ਧਰੋਹ ਕਾਰਨ ਲੋਕ ਕਦੇ ਵੀ ਇਨ੍ਹਾਂ ਨੂੰ ਮੁਆਫ਼ ਨਹੀਂ ਕਰਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹਿਸ ਪੰਜਾਬ ਨੂੰ ਕੀਹਨੇ ਅਤੇ ਕਿਵੇਂ ਲੁੱਟਣ ਉੱਤੇ ਕੇਂਦਰਤ ਹੋਵੇਗੀ ਜਿਸ ਵਿੱਚ ਕੁਨਬਾਪ੍ਰਸਤੀ (ਭਾਈ-ਭਤੀਜਾ, ਜੀਜਾ-ਸਾਲਾ), ਪੱਖਪਾਤ, ਟੌਲ ਪਲਾਜ਼ੇ, ਨੌਜਵਾਨਾਂ, ਖੇਤੀਬਾੜੀ, ਵਪਾਰ-ਦੁਕਾਨਦਾਰ, ਗੁਰਬਾਣੀ ਅਤੇ ਦਰਿਆਈ ਪਾਣੀਆਂ ਉੱਤੇ ਡਾਕਾ ਮਾਰਨ ਸਣੇ ਸੂਬੇ ਨਾਲ ਸਬੰਧਤ ਮਸਲਿਆਂ ਉੱਤੇ ਚਰਚਾ ਹੋਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਨੂੰ ਲੋਕਾਂ ਅੱਗੇ ਜੁਆਬਦੇਹ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਲੀਡਰ ਆਉਣ ਜਾਂ ਨਾ ਆਉਣ ਪਰ ਉਹ ਬਹਿਸ ਲਈ ਇਨ੍ਹਾਂ ਨੇਤਾਵਾਂ ਦੀਆਂ ਕੁਰਸੀਆਂ ਡਾਹ ਕੇ ਰੱਖਣਗੇ। ਉਨ੍ਹਾਂ ਕਿਹਾ ਕਿ ਹਰ ਨੇਤਾ ਦੀ ਪਸੰਦ ਦਾ ਖਾਣਾ ਵੀ ‘ਖੁੱਲ੍ਹੀ ਬਹਿਸ’ ਦੇ ਪ੍ਰੋਗਰਾਮਾਂ ਦੌਰਾਨ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਲੋਕ ਕਾਮਯਾਬ ਹੋਣ ਤੋਂ ਵੀ ਭੈਅਭੀਤ ਹੋ ਜਾਂਦੇ ਸਨ ਕਿਉਂਕਿ ਇਹ ਲੀਡਰ ਲੋਕਾਂ ਦੇ ਕਾਰੋਬਾਰ ਵਿੱਚ ਜਬਰੀ ਹਿੱਸਾ-ਪੱਤੀ ਪਾ ਲੈਂਦੇ ਸਨ। ਇਨ੍ਹਾਂ ਨੇਤਾਵਾਂ ਨੇ ਲੋਕਾਂ ਦੀ ਅੰਨ੍ਹੀ ਲੁੱਟ ਕੀਤੀ। ਉਨ੍ਹਾਂ ਕਿਹਾ ਕਿ ਇਸੇ ਕਰਕੇ ਇਹ ਲੀਡਰ ਸੱਚ ਦਾ ਸਾਹਮਣਾ ਕਰਨ ਤੋਂ ਡਰਦੇ ਹਨ ਅਤੇ ਬਹਿਸ ਵਿੱਚ ਨਾ ਆਉਣ ਲਈ ਇੱਕ ਤੋਂ ਬਾਅਦ ਇੱਕ ਬਹਾਨੇਬਾਜ਼ੀ ਘੜ ਰਹੇ ਹਨ।