ਪੰਥ ਵਿਰੋਧੀ ਤਾਕਤਾਂ ਸਿੱਖਾਂ ਨੂੰ ਖ਼ਤਮ ਕਰਨ ਲੱਗੀਆਂ: ਮਾਨ

ਪੰਥ ਵਿਰੋਧੀ ਤਾਕਤਾਂ ਸਿੱਖਾਂ ਨੂੰ ਖ਼ਤਮ ਕਰਨ ਲੱਗੀਆਂ: ਮਾਨ

ਸ਼ਾਹਕੋਟ- ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਪੰਥ ਵਿਰੋਧੀ ਤਾਕਤਾਂ ਸਿੱਖਾਂ ਨੂੰ ਖ਼ਤਮ ਕਰਨ ’ਤੇ ਤੁੱਲੀਆਂ ਹੋਈਆਂ ਹਨ। ਸ੍ਰੀ ਮਾਨ ਅੱਜ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਕੈਲੀਫੋਰਨੀਆ ਦੇ ਪ੍ਰਧਾਨ ਜਥੇਦਾਰ ਤਰਸੇਮ ਸਿੰਘ ਖਾਲਸਾ ਵੱਲੋਂ ਪੋਤੇ ਦੇ ਜਨਮ ਦਿਨ ਦੀ ਖੁਸ਼ੀ ਵਿੱਚ ਪਿੰਡ ਮੂਲੇਵਾਲ ਖਹਿਰਾ ਦੇ ਗੁਰਦੁਆਰਾ ਸ਼ਹੀਦਾਂ ਵਿਚ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰ ਰਹੇ ਸਨ।

ਪਾਰਟੀ ਦੇ ਕੌਮੀ ਪ੍ਰਧਾਨ ਸ੍ਰੀ ਮਾਨ ਨੇ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਤੇ ਆਜ਼ਾਦੀ ਦੀ ਰਾਖੀ ਕਰਨ ਖਾਤਰ ਕੀਤੀਆਂ ਕੁਰਬਾਨੀਆਂ ਬਦਲੇ ਸਿੱਖਾਂ ਨੂੰ ਬਣਦਾ ਮਾਣ ਤੇ ਸਤਿਕਾਰ ਦੇਣ ਦੀ ਬਜਾਇ ਕੇਂਦਰ ਦੀ ਭਾਜਪਾ ਹਕੂਮਤ ਆਰਐਸਐਸ ਦੇ ਇਸ਼ਾਰਿਆਂ ’ਤੇ ਵਿਦੇਸ਼ਾਂ ਵਿੱਚ ਬੈਠੇ ਸਿੱਖਾਂ ਨੂੰ ਨਿਸ਼ਾਨਾ ਬਣਾ ਰਹੀ ਹੈ। ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਹੀ ਪੱਛਮ ਦੇ ਜਮਹੂਰੀਅਤ ਪਸੰਦ ਮੁਲਕਾਂ ਨੇ ਸਿੱਖਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ ਹੈ। ਸ੍ਰੀ ਮਾਨ ਨੇ ਕਿਹਾ ਕਿ ਅਮਰੀਕਾ ਨੇ ਐਲਾਨ ਕਰ ਦਿੱਤਾ ਹੈ ਕਿ ਉਨ੍ਹਾਂ ਦੀ ਧਰਤੀ ਉੱਪਰ ਜੇ ਕਿਸੇ ਸਿੱਖ ਨਾਗਰਿਕ ਦਾ ਕੋਈ ਨੁਕਸਾਨ ਹੋਇਆ ਤਾਂ ਉਹ ਨੁਕਸਾਨ ਪਹੁੰਚਾਉਣ ਵਾਲਿਆਂ ਨੂੰ ਪੱਥਰ ਯੁੱਗ ਵਿੱਚ ਪਹੁੰਚਾ ਦੇਣਗੇ। ਕੈਨੇਡਾ ਨੇ ਭਾਰਤੀ ਖ਼ੁਫੀਆ ਏਜੰਸੀਆਂ ਉੱਪਰ ਕੈਨੇਡਾ ਵਿੱਚ ਸਿੱਖਾਂ ਦੇ ਕਤਲ ਕਰਵਾਉਣ ਵਰਗੇ ਗੰਭੀਰ ਦੋਸ਼ ਲਗਾਏ ਹਨ। ਯੂਕੇ ਵਿੱਚ ਹੋਏ ਸਿੱਖ ਦੇ ਕਤਲ ਦੀ ਉਨ੍ਹਾਂ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੇ ਕਦੇ ਵੀ ਕਿਸੇ ਦੀ ਈਨ ਨਹੀਂ ਮੰਨੀ। ਪਾਰਟੀ ਦੇ ਸੀਨੀਅਰ ਆਗੂ ਗੁਰਜੰਟ ਸਿੰਘ ਕੱਟੂ ਨੇ ਪਰਿਵਾਰ ਨਾਲ ਖੁਸ਼ੀ ਸਾਂਝੀ ਕਰਦਿਆਂ ਕਿਹਾ ਕਿ ਕੇਂਦਰੀ ਹਕੂਮਤ ਸਿੱਖਾਂ ਦੇ ਖਿਲਾਫ਼ ਹੈ।