ਸ਼ਹੀਦ ਅਗਨੀਵੀਰ ਅੰਮ੍ਰਿਤਪਾਲ ਦੇ ਘਰ ਪੁੱਜੇ ਭਗਵੰਤ ਮਾਨ

ਸ਼ਹੀਦ ਅਗਨੀਵੀਰ ਅੰਮ੍ਰਿਤਪਾਲ ਦੇ ਘਰ ਪੁੱਜੇ ਭਗਵੰਤ ਮਾਨ

ਪਰਿਵਾਰ ਨੂੰ ਸਹਾਇਤਾ ਰਾਸ਼ੀ ਸੌਂਪੀ; ਸ਼ਹਾਦਤ ਨੂੰ ਖ਼ੁਦਕੁਸ਼ੀ ਦੱਸਣਾ ਗਲਤ: ਮੁੱਖ ਮੰਤਰੀ
ਮਾਨਸਾ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ ਕਸ਼ਮੀਰ ਵਿੱਚ ਦੇਸ਼ ਦੀ ਸੇਵਾ ਨਿਭਾਉਂਦਿਆਂ ਸ਼ਹੀਦੀ ਪ੍ਰਾਪਤ ਕਰਨ ਵਾਲੇ ਅਗਨੀਵੀਰ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਸਨਮਾਨ ਰਾਸ਼ੀ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਮੁੱਖ ਮੰਤਰੀ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੇ ਦੇਸ਼ ਪ੍ਰਤੀ ਯੋਗਦਾਨ ਦੇ ਸਤਿਕਾਰ ਵਿੱਚ ਸੂਬਾ ਸਰਕਾਰ ਉਨ੍ਹਾਂ ਨੂੰ ਸ਼ਹੀਦ ਦਾ ਦਰਜਾ ਦੇਵੇਗੀ।

ਮਾਨਸਾ ਦੇ ਪਿੰਡ ਕੋਟਲੀ ਕਲਾਂ ਵਿਚ ਸ਼ਹੀਦ ਦੇ ਜੱਦੀ ਘਰ ਦਾ ਦੌਰਾ ਕਰਨ ਮਗਰੋਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਬਹਾਦਰ ਫੌਜੀ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਆਪਣਾ ਫਰਜ਼ ਨਿਭਾਉਂਦੇ ਹੋਏ ਸ਼ਹਾਦਤ ਪ੍ਰਾਪਤ ਕੀਤੀ ਹੈ। ਮੁੱਖ ਮੰਤਰੀ ਨੇ ਦੇਸ਼ ਦੇ ਪਹਿਲੇ ਸ਼ਹੀਦ ਅਗਨੀਵੀਰ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਨੂੰ ਮਿਲ ਕੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ ਜਿਸ ਨੇ 19 ਵਰ੍ਹਿਆਂ ਦੀ ਉਮਰ ਵਿੱਚ ਦੇਸ਼ ਦੀ ਖਾਤਰ ਸ਼ਹਾਦਤ ਦਿੱਤੀ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਸ਼ਹੀਦ ਦੇ ਨਾਮ ਉਤੇ ਬੁੱਤ ਵੀ ਸਥਾਪਤ ਕੀਤਾ ਜਾਵੇਗ। ਸ਼ਹੀਦ ਅੰਮ੍ਰਿਤਪਾਲ ਸਿੰਘ ਨੂੰ ਫੌਜ ਵੱਲੋਂ ‘ਗਾਰਡ ਆਫ ਆਨਰ’ ਨਾ ਦੇਣ ਉਤੇ ਸਖ਼ਤ ਇਤਰਾਜ਼ ਜ਼ਾਹਿਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭੇਦ-ਭਾਵ ਵਾਲੇ ਇਸ ਵਰਤਾਰੇ ਨਾਲ ਫੌਜੀ ਜਵਾਨਾਂ ਦੇ ਮਨੋਬਲ ਨੂੰ ਸੱਟ ਵੱਜੇਗੀ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਦੇਖਿਆ ਗਿਆ ਹੈ ਕਿ ਸ਼ਹੀਦ ਫੌਜੀ ਦੀ ਦੇਹ ਨੂੰ ਪ੍ਰਾਈਵੇਟ ਐਂਬੂਲੈਂਸ ਵਿੱਚ ਲਿਆਉਣਾ ਪਿਆ ਹੋਵੇ ਜੋ ਸਰਾਸਰ ਸ਼ਹੀਦ ਦਾ ਅਪਮਾਨ ਹੈ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦਾ 60 ਫੀਸਦੀ ਬਜਟ ਰੱਖਿਆ ਦੇ ਖੇਤਰ ਲਈ ਹੁੰਦਾ ਹੈ ਪਰ ਫੌਜ ਵੱਲੋਂ ਸ਼ਹੀਦ ਅੰਮ੍ਰਿਤਪਾਲ ਸਿੰਘ ਦੀ ਦੇਹ ਲਿਜਾਣ ਲਈ ਐਂਬੂਲੈਂਸ ਤੱਕ ਵੀ ਮੁਹੱਈਆ ਨਹੀਂ ਕਰਵਾਈ ਗਈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਦੀ ਸ਼ਹਾਦਤ ਨੂੰ ਖੁਦਕੁਸ਼ੀ ਕਰਾਰ ਦੇਣਾ ਹੋਰ ਵੀ ਦੁੱਖ ਦੀ ਗੱਲ ਹੈ। ਉਨ੍ਹਾਂ ਨੇ ਫੌਜ ਦੇ ਬਿਆਨ ਨੂੰ ਜ਼ਖਮਾਂ ਉਤੇ ਲੂਣ ਛਿੜਕਣ ਵਾਲਾ ਦੱਸਿਆ। ਉਨ੍ਹਾਂ ਕਿਹਾ ਕਿ ਜੇਕਰ ਸ਼ਹੀਦਾਂ ਨਾਲ ਅਜਿਹਾ ਸਲੂਕ ਕੀਤਾ ਜਾਣਾ ਲੱਗਾ ਤਾਂ ਫੇਰ ਮਾਪੇ ਆਪਣੇ ਬੱਚਿਆਂ ਨੂੰ ਫੌਜ ਵਿੱਚ ਭੇਜਣ ਤੋਂ ਗੁਰੇਜ਼ ਕਰਨ ਲੱਗ ਪੈਣਗੇ। ਉਨ੍ਹਾਂ ਅਗਨੀਵੀਰ ਯੋਜਨਾ ਦਾ ਵਿਰੋਧ ਕਰਦਿਆਂ ਕੇਂਦਰ ਸਰਕਾਰ ਨੂੰ ਇਸ ਯੋਜਨਾ ਉਤੇ ਮੁੜ ਵਿਚਾਰ ਕਰਨ ਲਈ ਕਿਹਾ।

ਖੁਦਕੁਸ਼ੀ ਕਰਨ ਕਾਰਨ ਅੰਮ੍ਰਿਤਪਾਲ ਦਾ ਫੌਜੀ ਸਨਮਾਨਾਂ ਨਾਲ ਸਸਕਾਰ ਨਹੀਂ: ਸੈਨਾ
ਨਵੀਂ ਦਿੱਲੀ: ਸੈਨਾ ਨੇ ਅੱਜ ਕਿਹਾ ਕਿ ਅਗਨੀਵੀਰ ਅੰਮ੍ਰਿਤਪਾਲ ਸਿੰਘ ਨੇ ਸੰਤਰੀ ਦੀ ਡਿਊਟੀ ਦੌਰਾਨ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਜਿਸ ਕਰ ਕੇ ਉਸ ਦਾ ਸਸਕਾਰ ਫੌਜੀ ਸਨਮਾਨਾਂ ਨਾਲ ਨਹੀਂ ਕੀਤਾ ਗਿਆ ਕਿਉਂਕਿ ਖੁਦ ਨੂੰ ਪਹੁੰਚਾਈ ਗਈ ਸੱਟ ਕਾਰਨ ਹੋਣ ਵਾਲੀ ਮੌਤ ਦੇ ਮਾਮਲੇ ’ਚ ਅਜਿਹਾ ਸਨਮਾਨ ਨਹੀਂ ਦਿੱਤਾ ਜਾਂਦਾ। ਸੈਨਾ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਉਹ ਸੈਨਿਕਾਂ ਨਾਲ ਇਸ ਆਧਾਰ ’ਤੇ ਪੱਖਪਾਤ ਨਹੀਂ ਕਰਦੀ ਕਿ ਉਹ ‘ਅਗਨੀਪਥ ਯੋਜਨਾ’ ਦੇ ਅਮਲ ਤੋਂ ਪਹਿਲਾਂ ਜਾਂ ਬਾਅਦ ਵਿੱਚ ਸੈਨਾ ਵਿੱਚ ਸ਼ਾਮਲ ਹੋਏ ਸਨ। ਅਜਿਹੇ ਦੋਸ਼ ਸਨ ਕਿ ਅੰਮ੍ਰਿਤਪਾਲ ਸਿੰਘ ਦੇ ਸਸਕਾਰ ’ਚ ਫੌਜੀ ਸਨਮਾਨ ਨਹੀਂ ਦਿੱਤਾ ਗਿਆ ਕਿਉਂਕਿ ਉਹ ਇੱਕ ਅਗਨੀਵੀਰ ਸੈਨਿਕ ਸੀ। ਸੈਨਾ ਦੇ ਨਗਰੋਟਾ ਹੈੱਡਕੁਆਰਟਰ ਸਥਿਤ ਵ੍ਹਾਈਟ ਨਾਈਟ ਕੋਰ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੇ ਰਾਜੌਰੀ ਸੈਕਟਰ ’ਚ ਸੰਤਰੀ ਦੀ ਡਿਊਟੀ ਦੌਰਾਨ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਸੀ। ਲੰਘੀ ਰਾਤ ਇੱਕ ਬਿਆਨ ’ਚ ਸੈਨਾ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਮੌਤ ਦੇ ਸਬੰਧ ਵਿੱਚ ਤੱਥਾਂ ਦੀ ਕੁਝ ਗਲਤਫਹਿਮੀ ਤੇ ਗਲਤ ਬਿਆਨੀ ਹੋਈ ਹੈ