ਭਗਵੰਤ ਮਾਨ ਵੱਲੋਂ ਨਸ਼ਿਆਂ ਖ਼ਿਲਾਫ਼ ਜੰਗ ਦਾ ਐਲਾਨ

ਭਗਵੰਤ ਮਾਨ ਵੱਲੋਂ ਨਸ਼ਿਆਂ ਖ਼ਿਲਾਫ਼ ਜੰਗ ਦਾ ਐਲਾਨ

ਸੰਗਰੂਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਿਆਂ ਵਿਰੁੱਧ ਫੈਸਲਾਕੁਨ ਜੰਗ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਭਲਕੇ 18 ਅਕਤੂਬਰ ਨੂੰ ਪਵਿੱਤਰ ਸ਼ਹਿਰ ਅੰਮ੍ਰਿਤਸਰ ਤੋਂ ਨਸ਼ਿਆਂ ਦੇ ਵਿਰੁੱਧ ਜੰਗ ਸ਼ੁਰੂ ਕਰ ਰਹੀ ਹੈ, ਜਿਸ ਤਹਿਤ ਹਜ਼ਾਰਾਂ ਨੌਜਵਾਨ ਸ੍ਰੀ ਦਰਬਾਰ ਵਿਖੇ ਨਤਮਸਤਕ ਹੋ ਕੇ ਪੰਜਾਬ ’ਚੋਂ ਨਸ਼ਿਆਂ ਦਾ ਮੁਕੰਮਲ ਸਫ਼ਾਇਆ ਕਰਨ ਦਾ ਅਹਿਦ ਲੈਣਗੇ। ਭਗਵੰਤ ਮਾਨ ਅੱਜ ਆਪਣੇ ਜੱਦੀ ਪਿੰਡ ਸਤੌਜ ਵਿੱਚ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਜ਼ਮੀਨੀ ਪੱਧਰ ਤੋਂ ਸ਼ੁਰੂ ਕੀਤੀ ਗਈ ਹੈ ਅਤੇ ਲੋਕਾਂ ਦੇ ਪੂਰਨ ਸਹਿਯੋਗ ਨਾਲ ਸੂਬੇ ਵਿੱਚੋਂ ਇਸ ਅਲਾਮਤ ਨੂੰ ਜੜ੍ਹੋਂ ਪੁੱਟਿਆ ਜਾਵੇਗਾ।

ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦਾ ਆਗਾਮੀ ਇਜਲਾਸ ਕਾਨੂੰਨੀ ਤੌਰ ’ਤੇ ਪੂਰੀ ਤਰ੍ਹਾਂ ਜਾਇਜ਼ ਹੈ। ਉਨ੍ਹਾਂ ਕਿਹਾ ਕਿ 20 ਤੇ 21 ਅਕਤੂਬਰ ਨੂੰ ਹੋਣ ਵਾਲਾ ਇਜਲਾਸ ਕਾਨੂੰਨੀ ਮਾਹਿਰਾਂ ਨਾਲ ਸਲਾਹ ਮਸ਼ਵਰਾ ਕਰਨ ਮਗਰੋਂ ਤੇ ਸੰਵਿਧਾਨ ਦੇ ਅਨੁਸਾਰ ਹੀ ਸੱਦਿਆ ਗਿਆ ਹੈ, ਜਿਸ ਵਿੱਚ ਕਈ ਲੋਕ ਪੱਖੀ ਬਿੱਲ ਪੇਸ਼ ਕੀਤੇ ਜਾਣਗੇ।

ਇਸ ਦੌਰਾਨ ਮੁੱਖ ਮੰਤਰੀ ਨੇ ਵਿਰੋਧੀ ਧਿਰ ਦੇ ਆਗੂਆਂ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਹ ਆਗੂ ਪਹਿਲੀ ਨਵੰਬਰ ਨੂੰ ਹੋਣ ਵਾਲੀ ਬਹਿਸ ’ਚ ਆਪਣੇ ਗੁਨਾਹਾਂ ਦਾ ਪਰਦਾਫਾਸ਼ ਹੋਣ ਦੇ ਡਰੋਂ ਬਹਿਸ ਤੋਂ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੋਕਾਂ ਨੂੰ ਲੁੱਟਿਆ ਤੇ ਪੰਜਾਬੀਆਂ ਦੀ ਪਿੱਠ ’ਚ ਛੁਰਾ ਮਾਰਿਆ ਹੈ। ਇਸੇ ਕਾਰਨ ਬਹਿਸ ਤੋਂ ਭੱਜਣ ਲਈ ਕੋਈ ਨਾ ਕੋਈ ਬਹਾਨਾ ਘੜ ਰਹੇ ਹਨ।

ਭਗਵੰਤ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਦੀ ਨਿਰਵਿਘਨ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਇਸ ਦੀ ਤੁਰੰਤ ਚੁਕਾਈ ਲਈ ਵੀ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਵਿੱਚ ਸਿਹਤ ਕ੍ਰਾਂਤੀ ਦਾ ਦੌਰ ਸ਼ੁਰੂ ਹੋ ਗਿਆ ਹੈ। ਸੂਬੇ ਵਿੱਚ ਨਵੇਂ ਮੈਡੀਕਲ ਕਾਲਜ ਖੋਲ੍ਹ ਕੇ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਾਰਨ ਤੋਂ ਇਲਾਵਾ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।

ਭਗਵੰਤ ਮਾਨ ਨੇ ਆਪਣੇ ਪਿੰਡ ਵਿੱਚ ਜਨਮ ਦਿਨ ਮਨਾਇਆ

ਚੰਡੀਗੜ੍ਹ/ ਸੰਗਰੂਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੱਦੀ ਪਿੰਡ ਸਤੌਜ ਸਥਿਤ ਆਪਣੇ ਘਰ ਵਿੱਚ ਕੇਕ ਕੱਟ ਕੇ ਆਪਣਾ ਜਨਮ ਦਿਨ ਮਨਾਇਆ। ਇਸ ਮੌਕੇ ਮੁੱਖ ਮੰਤਰੀ ਦੇ ਮਾਤਾ ਹਰਪਾਲ ਕੌਰ, ਪਤਨੀ ਡਾ. ਗੁਰਪ੍ਰੀਤ ਕੌਰ, ਭੈਣ ਮਨਪ੍ਰੀਤ ਕੌਰ, ਵਿੱਤ ਮੰਤਰੀ ਹਰਪਾਲ ਚੀਮਾ ਤੇ ਹੋਰ ਪਰਿਵਾਰਕ ਮੈਂਬਰ ਮੌਜੂਦ ਸਨ। ਇਸ ਤੋਂ ਪਹਿਲਾਂ ਭਗਵੰਤ ਮਾਨ ਪਰਿਵਾਰ ਸਮੇਤ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਘਰ ਵਿਖੇ ਹੀ ਪੰਗਤ ’ਚ ਬੈਠ ਕੇ ਲੰਗਰ ਛਕਿਆ। ਇਸ ਮਗਰੋਂ ਮੁੱਖ ਮੰਤਰੀ ਨੇ ਪਿੰਡ ਦੇ ਸਿਹਤ ਕੇਂਦਰ ਵਿੱਚ ਖੂਨਦਾਨ ਕੈਂਪ ਦਾ ਉਦਘਾਟਨ ਕੀਤਾ, ਜਿਸ ਵਿੱਚ ਵੱਡੀ ਗਿਣਤੀ ’ਚ ਨੌਜਵਾਨਾਂ ਨੇ ਖੂਨਦਾਨ ਕੀਤਾ। ਉਹ ਪਿੰਡ ਦੇ ਲੋਕਾਂ ਨੂੰ ਮਿਲੇ ਅਤੇ ਪੁਰਾਣੀਆਂ ਯਾਦਾਂ ਸਾਂਝੀਆਂ ਕੀਤੀਆਂ। ਪਿੰਡ ਵਾਸੀਆਂ ਵੱਲੋਂ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਗਈਆਂ। ਇਸੇ ਦੌਰਾਨ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ (ਆਪ) ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮ ਦਿਨ ਮੌਕੇ ਸੂਬੇ ਭਰ ਵਿੱਚ 121 ਖੂਨਦਾਨ ਕੈਂਪ ਲਗਾਏ ਗਏ, ਜਨਿ੍ਹਾਂ ਵਿੱਚ 5561 ਯੂਨਿਟ ਖੂਨ ਇਕੱਤਰ ਹੋਇਆ। ਜਾਣਕਾਰੀ ਅਨੁਸਾਰ ਇਨ੍ਹਾਂ ਕੈਂਪਾਂ ਵਿੱਚ ਕੈਬਨਿਟ ਮੰਤਰੀਆਂ ਅਤੇ ‘ਆਪ’ ਵਿਧਾਇਕਾਂ ਨੇ ਸ਼ਿਰਕਤ ਕੀਤੀ।