ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਗ੍ਰਿਫ਼ਤਾਰ

ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਗ੍ਰਿਫ਼ਤਾਰ

ਫ਼ਿਰੋਜ਼ਪੁਰ/ਜ਼ੀਰਾ- ਬੀਡੀਪੀਓ ਦਫ਼ਤਰ ਵਿੱਚ ਧਰਨਾ ਦੇ ਕੇ ਸਰਕਾਰੀ ਕੰਮ ਵਿੱਚ ਵਿਘਨ ਪਾਉਣ ਦੇ ਦੋਸ਼ ਹੇਠ ਦਰਜ ਮਾਮਲੇ ਵਿੱਚ ਜ਼ੀਰਾ ਤੋਂ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਅੱਜ ਤੜਕਸਾਰ ਜ਼ੀਰਾ ਪੁਲੀਸ ਨੇ ਉਨ੍ਹਾਂ ਦੇ ਘਰ ਦੇ ਬਾਹਰੋਂ ਗ੍ਰਿਫ਼ਤਾਰ ਕਰ ਲਿਆ। ਜ਼ੀਰਾ ਦੇ ਡੀਐੱਸਪੀ ਗੁਰਦੀਪ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਉਨ੍ਹਾਂ ਨੂੰ ਹਿਰਾਸਤ ’ਚ ਲਿਆ। ਗ੍ਰਿਫ਼ਤਾਰੀ ਦੀ ਸਾਰੀ ਘਟਨਾ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ। ਉਨ੍ਹਾਂ ਨੂੰ ਜ਼ੀਰਾ ਅਦਾਲਤ ਨੇ 14 ਦਿਨ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ। ਪੁਲੀਸ ਨੇ ਜ਼ੀਰਾ ਦਾ ਫ਼ਿਰੋਜ਼ਪੁਰ ਵਿੱਚ ਮੈਡੀਕਲ ਕਰਵਾਇਆ ਤੇ ਮਗਰੋਂ ਉਨ੍ਹਾਂ ਨੂੰ ਕੇਂਦਰੀ ਜੇਲ੍ਹ ਲੈ ਗਈ। ਕਾਂਗਰਸੀਆਂ ਦੇ ਵਿਰੋਧ ਤੋਂ ਡਰਦਿਆਂ ਕੁਲਬੀਰ ਜ਼ੀਰਾ ਨੂੰ ਅੱਜ ਹੀ ਫ਼ਿਰੋਜ਼ਪੁਰ ਜੇਲ੍ਹ ਤੋਂ ਰੋਪੜ ਜੇਲ੍ਹ ’ਚ ਤਬਦੀਲ ਕਰ ਦਿੱਤਾ ਗਿਆ ਹੈ। ਇਸ ਦੌਰਾਨ ਜ਼ੀਰਾ ਨੇ ਕਿਹਾ ਕਿ ਰਿਹਾਅ ਹੋਣ ਮਗਰੋਂ ਉਹ ਹਾਈ ਕੋਰਟ ਜਾਣਗੇ ਤੇ ਵਿਧਾਇਕ ਨਰੇਸ਼ ਕਟਾਰੀਆ ਖ਼ਿਲਾਫ਼ ਮੁਕੱਦਮਾ ਦਰਜ ਕਰਵਾਉਣਗੇ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਕੁਲਬੀਰ ਜ਼ੀਰਾ ਨੇ ਆਪਣੇ ਹਲਕੇ ਦੇ ਬੀਡੀਪੀਓ ਦਫ਼ਤਰ ਵਿਚ ਸਰਪੰਚਾਂ ਨੂੰ ਨਾਲ ਲੈ ਕੇ ਲਗਾਤਾਰ ਦੋ ਦਿਨ ਤੱਕ ਧਰਨਾ ਦਿੱਤਾ ਸੀ। ਜ਼ੀਰਾ ਇਸ ਦਫ਼ਤਰ ਵਿਚ ਕੁਝ ਗੈਰ-ਕਾਨੂੰਨੀ ਕੰਮ ਕੀਤੇ ਜਾਣ ਦਾ ਦੋਸ਼ ਲਾ ਰਹੇ ਸਨ। ਇਸ ਧਰਨੇ ਨੂੰ ਲੈ ਕੇ ਜ਼ੀਰਾ ਪੁਲੀਸ ਨੇ ਕੁਲਬੀਰ ਜ਼ੀਰਾ ਅਤੇ ਉਨ੍ਹਾਂ ਦੇ 70-80 ਸਾਥੀਆਂ ਖ਼ਿਲਾਫ਼ ਸਰਕਾਰੀ ਡਿਊਟੀ ਵਿਚ ਵਿਘਨ ਪਾਉਣ ਦਾ ਕੇਸ ਦਰਜ ਕੀਤਾ ਸੀ ਪਰ ਕਿਸੇ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਸੀ। ਕੁਲਬੀਰ ਜ਼ੀਰਾ ਨੇ ਐਲਾਨ ਕੀਤਾ ਸੀ ਕਿ ਉਹ ਅੱਜ ਮੰਗਲਵਾਰ ਨੂੰ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕਣ ਮਗਰੋਂ ਫ਼ਿਰੋਜ਼ਪੁਰ ਵਿਚ ਪ੍ਰੈੱਸ ਕਾਨਫ਼ਰੰਸ ਕਰ ਕੇ ਪੁਲੀਸ ਅਤੇ ਪ੍ਰਸ਼ਾਸਨ ਸਣੇ ਆਮ ਆਦਮੀ ਪਾਰਟੀ ਦੇ ਲੀਡਰਾਂ ਦੇ ਕੱਚੇ ਚਿੱਠੇ ਖੋਲ੍ਹਣਗੇ ਤੇ ਇਸ ਤੋਂ ਬਾਅਦ ਐੱਸਐੱਸਪੀ ਦਫ਼ਤਰ ਆ ਕੇ ਆਪਣੀ ਗ੍ਰਿਫ਼ਤਾਰੀ ਦੇਣਗੇ।

ਕਾਂਗਰਸੀ ਆਗੂਆਂ ਨੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਿਆ

ਕੁਲਬੀਰ ਜ਼ੀਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਕਾਂਗਰਸੀ ਆਗੂਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਅੱਜ ਇਥੇ ਕਾਂਗਰਸ ਭਵਨ ਵਿੱਚ ਉਚੇਚੇ ਤੌਰ ’ਤੇ ਪਹੁੰਚੇ ਕਾਂਗਰਸੀ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਅਤੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਇਸ ਨੂੰ ਸਰਕਾਰ ਦੀ ਧੱਕੇਸ਼ਾਹੀ ਕਰਾਰ ਦਿੱਤਾ ਹੈ। ਡਿੰਪਾ ਨੇ ਆਖਿਆ ਕਿ ਪੰਜਾਬ ਸਰਕਾਰ ਨੂੰ ਅਜਿਹੀਆਂ ਕੋਝੀਆਂ ਹਰਕਤਾਂ ਕਰਨ ਦੀ ਬਜਾਏ ਸਾਰੀਆਂ ਸਿਆਸੀ ਪਾਰਟੀਆਂ ਨੂੰ ਨਾਲ ਲੈ ਕੇ ਐੱਸਵਾਈਐਲ ਤੇ ਹੋਰ ਜ਼ਰੂਰੀ ਮੁੱਦਿਆਂ ’ਤੇ ਲੜਾਈ ਲੜਨੀ ਚਾਹੀਦੀ ਹੈ। ਕਾਂਗਰਸ ਦੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਵੀ ਕੁਲਬੀਰ ਜ਼ੀਰਾ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਨਿਖੇਧੀ ਕੀਤੀ।