ਬਲਵਿੰਦਰ ਕੌਰ ਦੀ ਖੁਦਕੁਸ਼ੀ ਲਈ ਜ਼ਿੰਮੇਵਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇ: ਜਥੇਦਾਰ

ਬਲਵਿੰਦਰ ਕੌਰ ਦੀ ਖੁਦਕੁਸ਼ੀ ਲਈ ਜ਼ਿੰਮੇਵਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇ: ਜਥੇਦਾਰ

ਅੰਮ੍ਰਿਤਸਰ- ਰੂਪਨਗਰ ਵਿੱਚ ਮਹਿਲਾ ਪ੍ਰੋਫੈਸਰ ਬਲਵਿੰਦਰ ਕੌਰ ਵੱਲੋਂ ਖ਼ੁਦਕੁਸ਼ੀ ਕਰਨ ਦੀ ਘਟਨਾ ਦਾ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਖ਼ੁਦਕੁਸ਼ੀ ਨੋਟ ਵਿੱਚ ਲਾਏ ਦੋਸ਼ਾਂ ਦੀ ਡੂੰਘਾਈ ਨਾਲ ਜਾਂਚ ਕਰਕੇ ਉਸ ਦੀ ਮੌਤ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਇਸੇ ਤਰ੍ਹਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਇਸ ਮਾਮਲੇ ਵਿੱਚ ਖੁਦਕੁਸ਼ੀ ਲਈ ਮਜਬੂਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਹਮਾਇਤ ਕੀਤੀ ਹੈ। ਸ੍ਰੀ ਅਕਾਲ ਤਖਤ ਦੇ ਜਥੇਦਾਰ ਨੇ ਕਿਹਾ ਕਿ ਸਰਕਾਰ ਲਈ ਇਸ ਤੋਂ ਵੱਧ ਸ਼ਰਮਨਾਕ ਕੁਝ ਨਹੀਂ ਹੋ ਸਕਦਾ ਕਿ ਉਸ ਦੇ ਨਾਗਰਿਕਾਂ ਨੂੰ ਆਪਣੇ ਹੱਕ ਨਾ ਮਿਲਣ ਤੋਂ ਦੁਖੀ ਹੋ ਕੇ ਆਤਮ-ਹੱਤਿਆ ਕਰਨ ਲਈ ਮਜਬੂਰ ਹੋਣਾ ਪੈ ਜਾਵੇ। ਉਨ੍ਹਾਂ ਕਿਹਾ ਕਿ ਬਲਵਿੰਦਰ ਕੌਰ ਨੂੰ ਇਨਸਾਫ਼ ਨਾ ਮਿਲਣ ਅਤੇ ਸਰਕਾਰ ਦੇ ਰਵੱਈਏ ਤੋਂ ਦੁਖੀ ਹੋ ਕੇ ਆਤਮ-ਹੱਤਿਆ ਕਰਨਾ ਬੇਹੱਦ ਦੁਖਦਾਈ ਹੈ। ਗੁਰੂ ਸਾਹਿਬਾਨ ਨੇ ਆਪਣੇ ਹੱਕਾਂ ਲਈ ਜ਼ੁਲਮ ਦੇ ਖ਼ਿਲਾਫ਼ ਲੜਨਾ ਸਿਖਾਇਆ ਹੈ ਅਤੇ ਬੇਇਨਸਾਫ਼ੀ ਖ਼ਿਲਾਫ਼ ਸਾਰੇ ਸਮਾਜ ਨੂੰ ਇੱਕ-ਦੂਜੇ ਦਾ ਸਾਥ ਦੇਣਾ ਚਾਹੀਦਾ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਅੱਜ ਵੱਡੀ ਗਿਣਤੀ ਨੌਜਵਾਨ ਪਰਵਾਸ ਕਰਕੇ ਵਿਦੇਸ਼ ਜਾ ਰਹੇ ਹਨ ਅਤੇ ਅਜਿਹੀਆ ਘਟਨਾਵਾਂ ਨੌਜਵਾਨਾਂ ਨੂੰ ਹੋਰ ਵੀ ਨਿਰਉਤਸ਼ਾਹਿਤ ਕਰਦੀਆਂ ਹਨ ਅਤੇ ਉਨ੍ਹਾਂ ਨੂੰ ਪਰਵਾਸ ਲਈ ਮਜਬੂਰ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਖੁਦਕੁਸ਼ੀ ਲਈ ਮਜਬੂਰ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ।