ਕਿਸਾਨਾਂ ਨੇ ਕੇਂਦਰ ਤੇ ਪੂੰਜੀਪਤੀ ਘਰਾਣਿਆਂ ਦੇ ਪੁਤਲੇ ਫੂਕ ਕੇ ਦਸਹਿਰਾ ਮਨਾਇਆ

ਕਿਸਾਨਾਂ ਨੇ ਕੇਂਦਰ ਤੇ ਪੂੰਜੀਪਤੀ ਘਰਾਣਿਆਂ ਦੇ ਪੁਤਲੇ ਫੂਕ ਕੇ ਦਸਹਿਰਾ ਮਨਾਇਆ

ਚੰਡੀਗੜ੍ਹ- ਪੰਜਾਬ ਵਿੱਚ ਅੱਜ ਦੂਜੇ ਦਿਨ ਵੀ ਉਤਰੀ ਭਾਰਤ ਦੀਆਂ 18 ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਅਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਅਗਵਾਈ ਹੇਠ ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਮੋਗਾ, ਫਾਜ਼ਿਲਕਾ, ਫਿਰੋਜ਼ਪੁਰ, ਬਠਿੰਡਾ, ਮਾਨਸਾ, ਮੁਕਤਸਰ ਅਤੇ ਲੁਧਿਆਣਾ ਦੇ ਪਿੰਡਾਂ ਵਿੱਚ 735 ਥਾਵਾਂ ’ਤੇ ਮੋਦੀ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕ ਕੇ ਕਿਸਾਨਾਂ ਤੇ ਮਜ਼ਦੂਰਾਂ ਨੇ ਦਸਹਿਰਾ ਮਨਾਇਆ। ਇਨ੍ਹਾਂ ਥਾਵਾਂ ’ਤੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਦੀਆਂ 18 ਜਥੇਬੰਦੀਆਂ ਵੱਲੋਂ 21 ਅਗਸਤ ਤੋਂ ਹੜ੍ਹ ਪੀੜਤ ਰਾਜਾਂ ਲਈ 50 ਹਜ਼ਾਰ ਕਰੋੜ ਦੇ ਰਾਹਤ ਪੈਕੇਜ ਦੀ ਮੰਗ ਕਰਦਿਆਂ ਸੰਘਰਸ਼ ਸ਼ੁਰੂ ਕੀਤਾ ਗਿਆ ਸੀ। ਐਮਐਸਪੀ ਗਾਰੰਟੀ ਕਾਨੂੰਨ ਦੀ ਮੰਗ ਨਾਲ ਸ਼ੁਰੂ ਹੋਇਆ ਇਹ ਸੰਘਰਸ਼ ਜਾਰੀ ਹੈ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਸਾਰੀਆਂ ਫਸਲਾਂ ਦਾ ਭਾਅ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਕ ਤੈਅ ਕਰੇ, ਮਨਰੇਗਾ ਮਜ਼ਦੂਰ ਨੂੰ ਹਰ ਸਾਲ 200 ਦਿਨ ਰੁਜ਼ਗਾਰ ਮਿਲੇ, ਕਿਸਾਨਾਂ ਅਤੇ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਹੋਵੇ, ਦਿੱਲੀ ਮੋਰਚੇ ਦੌਰਾਨ ਪਾਏ ਸਾਰੇ ਪੁਲੀਸ ਕੇਸ ਰੱਦ ਹੋਣ। ਉਨ੍ਹਾਂ ਕਿਹਾ ਕਿ ਲਖੀਮਪੁਰ ਖੀਰੀ ਕਤਲਕਾਂਡ ਦੇ ਦੋਸ਼ੀਆਂ ਅਜੈ ਮਿਸ਼ਰਾ ਟੈਨੀ ਅਤੇ ਅਸ਼ੀਸ਼ ਟੈਨੀ ਨੂੰ ਜੇਲ੍ਹ ਵਿਚ ਸੁੱਟਿਆ ਜਾਵੇ, ਕਿਸਾਨ ਅੰਦੋਲਨਾਂ ਦੌਰਾਨ ਸ਼ਹੀਦ ਹੋਏ ਕਿਸਾਨ ਮਜ਼ਦੂਰਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ਾ ਅਤੇ ਪਰਿਵਾਰ ਵਿੱਚ ਇੱਕ ਸਰਕਾਰੀ ਨੌਕਰੀ ਦਿੱਤੀ ਜਾਵੇ, ਭਾਰਤਮਾਲਾ ਯੋਜਨਾ ਵਿੱਚ ਕਿਸਾਨਾਂ ਨੂੰ ਜ਼ਮੀਨਾਂ ਦਾ ਰੇਟ ਮਾਰਕੀਟ ਰੇਟ ਨਾਲੋਂ ਛੇ ਗੁਣਾਂ ਵੱਧ ਦਿੱਤਾ ਜਾਵੇ, ਹਰ ਕਿਸਮ ਦੇ ਅਬਾਦਕਾਰਾਂ ਨੂੰ ਮਾਲਕੀ ਹੱਕ ਦਿੱਤੇ ਜਾਣ।