ਨਿੱਝਰ ਹੱਤਿਆ ਮਾਮਲਾ: ਭਾਰਤੀ ਹਾਈ ਕਮਿਸ਼ਨਰ ਨੇ ਦੇਸ਼ ’ਤੇ ਲੱਗੇ ਦੋਸ਼ਾਂ ਬਾਰੇ ਸਬੂਤ ਮੰਗੇ

ਨਿੱਝਰ ਹੱਤਿਆ ਮਾਮਲਾ: ਭਾਰਤੀ ਹਾਈ ਕਮਿਸ਼ਨਰ ਨੇ ਦੇਸ਼ ’ਤੇ ਲੱਗੇ ਦੋਸ਼ਾਂ ਬਾਰੇ ਸਬੂਤ ਮੰਗੇ

ਓਟਵਾ- ਭਾਰਤ ਦੇ ਕੈਨੇਡਾ ਵਿੱਚ ਹਾਈ ਕਮਿਸ਼ਨਰ ਸੰਜੈ ਕੁਮਾਰ ਵਰਮਾ ਨੇ ਸਿੱਖ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਮਾਮਲੇ ਬਾਰੇ ਕੈਨੇਡਾ ਵੱਲੋਂ ਕੀਤੀ ਜਾਂਚ ਪ੍ਰਕਿਰਿਆ ਵਿੱਚ ਭਾਰਤ ’ਤੇ ਲਾਏ ਗਏ ਦੋਸ਼ਾਂ ਬਾਰੇ ਸਬੂਤ ਮੰਗੇ ਹਨ। ਉਨ੍ਹਾਂ ਨੇ ਗਲੋਬ ਐਂਡ ਮੇਲ ਅਖਬਾਰ ਨੂੰ ਦਿੱਤੀ ਇੰਟਰਵਿਊ ਵਿੱਚ ਕਿਹਾ ਕਿ ਕੈਨੇਡਾ ਸਰਕਾਰ ਭਾਰਤ ’ਤੇ ਲਾਏ ਗਏ ਦੋਸ਼ਾਂ ਬਾਰੇ ਸਬੂਤ ਪੇਸ਼ ਕਰੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਕੋਈ ਵਿਸ਼ੇਸ਼ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਤਾਂ ਕਿ ਭਾਰਤ ਹੱਤਿਆ ਦੀ ਜਾਂਚ ਵਿੱਚ ਸਹਿਯੋਗ ਦੇ ਸਕੇ। ਸੰਜੈ ਵਰਮਾ ਨੇ ਕਿਸੇ ਅਧਿਕਾਰੀ ਦਾ ਨਾਮ ਨਾ ਲਏ ਬਿਨਾਂ ਕਿਹਾ ਕਿ ਕਿਸੇ ਉਚ ਪੱਧਰੀ ਅਧਿਕਾਰੀ ਵੱਲੋਂ ਪਹਿਲਾਂ ਹੀ ਨਿਰਦੇਸ਼ ਆ ਗਏ ਸਨ ਕਿ ਨਿੱਝਰ ਦੀ ਹੱਤਿਆ ਪਿੱਛੇ ਭਾਰਤ ਜਾਂ ਕਿਸੇ ਭਾਰਤੀ ਏਜੰਟ ਦਾ ਹੱਥ ਹੋਣ ਦੀ ਗੱਲ ਕਹੀ ਜਾਵੇ। ਜ਼ਿਕਰਯੋਗ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਹਾਲ ਹੀ ਵਿੱਚ ਬਿਆਨ ਦਿੱਤਾ ਸੀ ਕਿ ਨਿੱਝਰ ਦੀ ਹੱਤਿਆ ਵਿੱਚ ਭਾਰਤੀ ਏਜੰਟਾਂ ਦੀ ਸ਼ਮੂਲੀਅਤ ਹੋ ਸਕਦੀ ਹੈ ਜਿਸ ਮਗਰੋਂ ਦੋਹਾਂ ਦੇਸ਼ਾਂ ਦੇ ਸਬੰਧਾਂ ਵਿੱਚ ਖਟਾਸ ਆ ਗਈ ਸੀ।