ਪੰਜਾਬ ’ਚ ਹੋਰ ਕੱਚੇ ਕਾਮਿਆਂ ਦੀਆਂ ਸੇਵਾਵਾਂ ਰੈਗੂਲਰ ਕਰਾਂਗੇ: ਭਗਵੰਤ ਮਾਨ

ਪੰਜਾਬ ’ਚ ਹੋਰ ਕੱਚੇ ਕਾਮਿਆਂ ਦੀਆਂ ਸੇਵਾਵਾਂ ਰੈਗੂਲਰ ਕਰਾਂਗੇ: ਭਗਵੰਤ ਮਾਨ

ਨਵ-ਨਿਯੁਕਤ 583 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ; ‘ਖੁੱਲ੍ਹੀ ਬਹਿਸ’ ਵਿਚੋਂ ਭੱਜਣ ਵਾਲੇ ਆਗੂਆਂ ਨੂੰ ਬੇਪਰਦ ਕਰਨ ਦਾ ਐਲਾਨ
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 583 ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀ ਦੇ ਨਿਯੁਕਤੀ ਪੱਤਰ ਸੌਂਪ ਕੇ ਦੀਵਾਲੀ ਦਾ ਤੋਹਫ਼ਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਨੌਜਵਾਨ ਹੁਣ ‘ਟੀਮ ਪੰਜਾਬ’ ਦਾ ਹਿੱਸਾ ਹਨ ਅਤੇ ਸੂਬੇ ਦੀ ਭਲਾਈ ਲਈ ਕੰਮ ਕਰਨਾ ਹਰੇਕ ਨੌਜਵਾਨ ਦੀ ਜ਼ਿੰਮੇਵਾਰੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਲਾਪ੍ਰਵਾਹੀ ਕਾਰਨ ਪਹਿਲਾਂ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ‘ਦੂਰ ਦੀ ਗੱਲ’ ਸਨ ਜਦਕਿ ਉਨ੍ਹਾਂ ਦੀ ਸਰਕਾਰ ਨੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਨੌਕਰੀ ਦੇਣੀ ਯਕੀਨੀ ਬਣਾਈ ਹੈ। ਉਨ੍ਹਾਂ ਆਖਿਆ ਕਿ ਆਉਣ ਵਾਲੇ ਦਿਨਾਂ ਵਿਚ ਹੋਰ ਕੱਚੇ ਕਾਮਿਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣਗੀਆਂ ਜਿਸ ਦੀ ਪ੍ਰਕਿਰਿਆ ਪਹਿਲਾਂ ਹੀ ਜਾਰੀ ਹੈ। ਉਨ੍ਹਾਂ ਵਿਰੋਧੀ ਧਿਰਾਂ ਦੇ ਆਗੂਆਂ ਨੂੰ ਘੇਰਦਿਆਂ ਕਿਹਾ ਕਿ ਉਹ ਉਨ੍ਹਾਂ ਸਿਆਸੀ ਲੋਕਾਂ ਨੂੰ ਭੱਜਣ ਨਹੀਂ ਦੇਣਗੇ ਪਹਿਲੀ ਨਵੰਬਰ ਦੀ ‘ਖੁੱਲ੍ਹੀ ਬਹਿਸ’ ’ਚ ਸ਼ਾਮਲ ਨਹੀਂ ਹੋਏ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਹਰੇਕ ਆਗੂ ਨੂੰ ਮੰਚ ’ਤੇ ਆਪਣਾ ਨਜ਼ਰੀਆ ਪੇਸ਼ ਕਰਨ ਦਾ ਮੌਕਾ ਦਿੱਤਾ ਸੀ ਪਰ ਵਿਰੋਧੀ ਧਿਰਾਂ ਦੇ ਆਗੂਆਂ ਨੇ ਭੱਜਣ ਨੂੰ ਤਰਜੀਹ ਦਿੱੱਤੀ। ਉਨ੍ਹਾਂ ਆਖਿਆ ਕਿ ਇਨ੍ਹਾਂ ਆਗੂਆਂ ਨੂੰ ਸੂਬੇ ਦੇ ਲੋਕਾਂ ਸਾਹਮਣੇ ਬੇਨਕਾਬ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਦਲਬਦਲੂ ਆਗੂਆਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਹ ਮੌਕਾਪ੍ਰਸਤ ਆਗੂ ਕਦੇ ਵੀ ਲੋਕਾਂ ਦੇ ਨਾਲ ਨਹੀਂ ਰਹੇ ਅਤੇ ਇਨ੍ਹਾਂ ਨੇ ਹਮੇਸ਼ਾ ਆਪਣੇ ਸੌੜੇ ਹਿੱਤਾਂ ਲਈ ਮੁਗਲਾਂ ਜਾਂ ਅੰਗਰੇਜ਼ਾਂ ਜਾਂ ਕਾਂਗਰਸ ਅਤੇ ਹੁਣ ਭਾਜਪਾ ਦਾ ਸਾਥ ਦਿੱਤਾ ਹੈ। ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਆਪਣੇ ਗੁਨਾਹਾਂ ਦਾ ਹਿਸਾਬ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਕਥਤਿ ‘ਗੱਦਾਰੀ’ ਕਰਨ ਬਦਲੇ ਰਿਆਇਤਾਂ ਲਈਆਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਸੂਬੇ ਵਿੱਚ 57,796 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ ਜਿਸ ਨਾਲ 2.98 ਲੱਖ ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਸੂਬਾ ਸਰਕਾਰ ਵੱਲੋਂ ਖਿਡਾਰੀਆਂ ਨੂੰ ਖੇਡਾਂ ਦੀ ਤਿਆਰੀ ਲਈ ਫੰਡ ਦਿੱਤੇ ਗਏ ਹਨ।