ਪੰਜਾਬ ਨੂੰ ਮੈਡੀਕਲ ਟੂਰਿਜ਼ਮ ਵਜੋਂ ਵਿਕਸਤ ਕਰਾਂਗੇ: ਭਗਵੰਤ ਮਾਨ

ਪੰਜਾਬ ਨੂੰ ਮੈਡੀਕਲ ਟੂਰਿਜ਼ਮ ਵਜੋਂ ਵਿਕਸਤ ਕਰਾਂਗੇ: ਭਗਵੰਤ ਮਾਨ

ਗੁਰਪੁਰਬ ਮੌਕੇ 42 ਸੇਵਾਵਾਂ ਘਰ-ਘਰ ਪਹੁੰਚਾਉਣ ਦਾ ਐਲਾਨ
ਅੰਮ੍ਰਿਤਸਰ – ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਮੈਡੀਕਲ ਟੂਰਿਜ਼ਮ ਦੇ ਗੜ੍ਹ ਵਜੋਂ ਵਿਕਸਤ ਕਰਨ ਦਾ ਐਲਾਨ ਕੀਤਾ ਹੈ। ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਸ਼ਤਾਬਦੀ ਜਸ਼ਨਾਂ ਵਿੱਚ ਸ਼ਾਮਲ ਹੋਣ ਲਈ ਇਥੇ ਪੁੱਜੇ ਭਗਵੰਤ ਮਾਨ ਨੇ ਅੱਜ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਤੋਂ ਲੋਕਾਂ ਨੂੰ ਲਗਪਗ 42 ਨਾਗਰਿਕ ਸੇਵਾਵਾਂ ਘਰਾਂ ਵਿੱਚ ਹੀ ਮਿਲਣ ਤੇ 26 ਜਨਵਰੀ ਤੋਂ ਸੂਬੇ ਦੇ ਸਾਰੇ ਹਸਪਤਾਲਾਂ ਵਿੱਚ ਐਕਸ-ਰੇਅ ਦੀ ਸਹੂਲਤ ਦੇਣ ਦਾ ਐਲਾਨ ਵੀ ਕੀਤਾ। ਮੁੱਖ ਮੰਤਰੀ ਨੇ ਪਿਛਲੀਆਂ ਸਰਕਾਰਾਂ ’ਤੇ ਨਿਸ਼ਾਨਾ ਸੇਧਦਿਆਂ ਦੋਸ਼ ਲਾਇਆ ਕਿ ਇਨ੍ਹਾਂ ਆਗੂਆਂ ਨੇ ਪੰਜਾਬ ਦੇ ਖਜ਼ਾਨੇ ਨੂੰ ਵੱਡੀ ਸੰਨ੍ਹ ਲਾਉਂਦਿਆਂ ਵੱਡੇ-ਵੱਡੇ ਮਹਿਲ ਉਸਾਰੇ ਹਨ ਜਿਨ੍ਹਾਂ ਦੇ ਦਰਵਾਜ਼ੇ ਆਮ ਲੋਕਾਂ ਲਈ ਹਮੇਸ਼ਾ ਬੰਦ ਰਹੇ ਹਨ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਲੋਕਾਂ ਦੀ ਪਹੁੰਚ ਤੋਂ ਦੂਰ ਹੋਏ ਇਨ੍ਹਾਂ ਆਗੂਆਂ ਨੂੰ ਅਖੀਰ ਲੋਕਾਂ ਨੇ ਨਕਾਰ ਦਿੱਤਾ ਹੈ। ਭਗਵੰਤ ਮਾਨ ਨੇ ਇਸ ਮੌਕੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਕੋਲ ਸਿਹਤ ਖੇਤਰ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਬਾਅਦ ਦੁਪਹਿਰ ਸਮਾਗਮ ਵਿੱਚ ਪੁੱਜੇ ਮੁੱਖ ਮੰਤਰੀ ਨੇ ਸਰਕਾਰੀ ਮੈਡੀਕਲ ਕਾਲਜ ਵਿੱਚ ਓਪੀਡੀ ਬਲਾਕ ਤੇ ਸਟੇਟ ਕੈਂਸਰ ਇੰਸਟੀਚਿਊਟ ਵਿੱਚ ਓਟੀ ਕੰਪਲੈਕਸ, ਰੇਡੀਏਸ਼ਨ ਥੈਰੇਪੀ ਬਲਾਕ, ਸੀਨੀਅਰ ਰੈਜ਼ੀਡੈਂਟ ਹੋਸਟਲ ਬਲਾਕ, ਨਰਸਿੰਗ ਹੋਸਟਲ ਬਲਾਕ, ਲੜਕਿਆਂ ਦਾ ਹੋਸਟਲ ਤੇ ਈ-ਹਸਪਤਾਲ ਪ੍ਰਾਜੈਕਟ ਵਿੱਚ ਆਡੀਟੋਰੀਅਮ ਲੋਕ ਅਰਪਣ ਕੀਤਾ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਤੋਂ ਇੱਕ ਨਿਵੇਕਲੀ ਸ਼ੁਰੂਆਤ ਕਰ ਰਹੀ ਹੈ, ਜਿਸ ਤਹਿਤ 40 ਤੋਂ 42 ਸੇਵਾਵਾਂ ਲੋਕਾਂ ਨੂੰ ਘਰਾਂ ਵਿੱਚ ਹੀ ਮੁਹੱਈਆ ਕਰਵਾਈਆਂ ਜਾਣਗੀਆਂ। ਪੰਜਾਬ ਵਿੱਚ ਮੈਡੀਕਲ ਸਿੱਖਿਆ ਨੂੰ ਵੱਡਾ ਹੁਲਾਰਾ ਦੇਣ ਬਾਰੇ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਆਉਣ ਵਾਲੇ ਪੰਜ ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜਾਂ ਦੀ ਉਸਾਰੀ ਕਰਵਾਉਣ ਦਾ ਫ਼ੈਸਲਾ ਕੀਤਾ ਹੈ, ਜਿਸ ਨਾਲ ਪੰਜਾਬ ਵਿੱਚ ਮੈਡੀਕਲ ਕਾਲਜਾਂ ਦੀ ਕੁੱਲ ਗਿਣਤੀ ਵਧ ਕੇ 25 ਹੋ ਜਾਵੇਗੀ ਤੇ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਇਕ ਮੈਡੀਕਲ ਕਾਲਜ ਦੀਆਂ ਸੇਵਾਵਾਂ ਯਕੀਨੀ ਬਣਨਗੀਆਂ। ਉਨ੍ਹਾਂ ਕਿਹਾ ਕਿ ਅਜਿਹੇ ਇੱਕ ਮੈਡੀਕਲ ਕਾਲਜ ਦਾ ਹੁਸ਼ਿਆਰਪੁਰ ਵਿੱਚ ਸ਼ਨਿੱਚਰਵਾਰ ਨੂੰ ਨੀਂਹ ਪੱਥਰ ਰੱਖਿਆ ਜਾਵੇਗਾ। ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵੀ ਸੰਬੋਧਨ ਕੀਤਾ।