ਈਡੀ ਕੇਸ: ਖਹਿਰਾ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ

ਈਡੀ ਕੇਸ: ਖਹਿਰਾ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ

ਐਸਏਐਸ ਨਗਰ (ਮੁਹਾਲੀ)- ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਭੁਲੱਥ ਹਲਕੇ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਮੁਹਾਲੀ ਅਦਾਲਤ ਵਿੱਚ ਪੇਸ਼ੀ ਭੁਗਤੀ। ਸੁਖਪਾਲ ਖਹਿਰਾ ਈਡੀ ਵੱਲੋਂ ਦਰਜ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ ਤੇ ਮਾਮਲੇ ਦੀ ਸੁਣਵਾਈ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਅਵਤਾਰ ਸਿੰਘ ਦੀ ਅਦਾਲਤ ਵਿੱਚ ਚੱਲ ਰਹੀ ਹੈ। ਅਦਾਲਤ ਨੇ ਕੇਸ ਦੀ ਅਗਲੀ ਸੁਣਵਾਈ ਲਈ 8 ਦਸੰਬਰ ਨੂੰ ਨਿਰਧਾਰਤ ਕੀਤੀ ਹੈ। ਜਾਣਕਾਰੀ ਅਨੁਸਾਰ ਲਗਪਗ ਦੋ ਮਹੀਨੇ ਪਹਿਲਾਂ ਜਲਾਲਾਬਾਦ ਪੁਲੀਸ ਵੱਲੋਂ ਅੱਠ ਸਾਲ ਪੁਰਾਣੇ ਐੱਨਡੀਪੀਐੱਸ ਦੇ ਪਰਚੇ ਵਿੱਚ ਖਹਿਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜੋ ਇਸ ਸਮੇਂ ਕੇਂਦਰੀ ਜੇਲ੍ਹ ਨਾਭਾ ਵਿੱਚ ਬੰਦ ਹਨ। ਇਸੇ ਕੇਸ ਦੇ ਸਬੰਧ ਵਿੱਚ ਬਿੱਲਾ ਨਾਂ ਦਾ ਇੱਕ ਨਸ਼ਾ ਤਸਕਰ ਅੰਮ੍ਰਿਤਸਰ ਦੀ ਜੇਲ੍ਹ ਵਿੱਚ ਬੰਦ ਹੈ। ਪੁਲੀਸ ਦਾ ਕਹਿਣਾ ਹੈ ਕਿ ਸਾਲ 2015 ਵਿੱਚ ਦੋ ਵਿਅਕਤੀਆਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਦੇ ਅੱਠ ਸਾਲਾਂ ਮਗਰੋਂ ਹੁਣ ਪੁਲੀਸ ਨੇ ਜ਼ਿਮਨੀ ਵਿੱਚ ਖਹਿਰਾ ਦਾ ਨਾਂ ਜੋੜ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਧਰ, ਐੱਨਡੀਪੀਐੱਸ ਐਕਟ ਤਹਿਤ ਸੁਖਪਾਲ ਖਹਿਰਾ ਖ਼ਿਲਾਫ਼ ਦਰਜ ਮਾਮਲੇ ’ਚ ਕਾਂਗਰਸੀ ਵਿਧਾਇਕ ਨੇ ਸੂਬਾ ਸਰਕਾਰ ਤੇ ਪੁਲੀਸ ਦੀ ਧੱਕੇਸ਼ਾਹੀ ਖ਼ਿਲਾਫ਼ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਬੂਹਾ ਖੜਕਾਇਆ ਹੈ। ਅਦਾਲਤ ਨੇ ਖਹਿਰਾ ਦੀਆਂ ਦੋ ਜ਼ਮਾਨਤ ਅਰਜ਼ੀਆਂ ’ਤੇ ਸੁਣਵਾਈ ਕਰਦਿਆਂ ਆਪਣਾ ਫਿਲਹਾਲ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਖਹਿਰਾ ਵੱਲੋਂ ਦਾਇਰ ਦੋਵੇਂ ਅਰਜ਼ੀਆਂ ’ਚੋਂ ਇੱਕ ਵਿੱਚ ਐੱਨਡੀਪੀਐੱਸ ਮਾਮਲੇ ’ਚ ਪੱਕੀ ਜ਼ਮਾਨਤ ਦੇਣ ਦੀ ਅਪੀਲ ਕੀਤੀ ਗਈ ਸੀ, ਜਦਕਿ ਦੂਜੀ ਵਿੱਚ ਖਹਿਰਾ ਨੇ ਪੰਜਾਬ ਸਰਕਾਰ ’ਤੇ ਉਨ੍ਹਾਂ ਨੂੰ ਕਿਸੇ ਹੋਰ ਝੂਠੇ ਕੇਸ ’ਚ ਫਸਾਉਣ ਦਾ ਖ਼ਦਸ਼ਾ ਪ੍ਰਗਟਾਇਆ ਹੈ।