ਮਜੀਠੀਆ ਵੱਲੋਂ ਦਾਇਰ ਮਾਣਹਾਨੀ ਮਾਮਲੇ ਵਿੱਚ ਸੰਜੈ ਸਿੰਘ ਨੇ ਪੇਸ਼ੀ ਭੁਗਤੀ

ਮਜੀਠੀਆ ਵੱਲੋਂ ਦਾਇਰ ਮਾਣਹਾਨੀ ਮਾਮਲੇ ਵਿੱਚ ਸੰਜੈ ਸਿੰਘ ਨੇ ਪੇਸ਼ੀ ਭੁਗਤੀ

ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਮਾਣਹਾਨੀ ਮਾਮਲੇ ਵਿੱਚ ਅੱਜ ‘ਆਪ’ ਦੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਇੱਥੇ ਸਥਾਨਕ ਅਦਾਲਤ ਵਿੱਚ ਪੇਸ਼ੀ ਭੁਗਤੀ। ਅਦਾਲਤ ਵੱਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ 16 ਦਸੰਬਰ ਨੂੰ ਨਿਰਧਾਰਤ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ‘ਆਪ’ ਆਗੂ ਸੰਜੈ ਸਿੰਘ ਕਥਿਤ ਸ਼ਰਾਬ ਘੁਟਾਲੇ ਦੇ ਦੋਸ਼ਾਂ ’ਚ ਇਸ ਵੇਲੇ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹਨ ਜਿਨ੍ਹਾਂ ਨੂੰ ਅੱਜ ਤਿਹਾੜ ਜੇਲ੍ਹ ਤੋਂ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਅੰਮ੍ਰਿਤਸਰ ਲਿਆਂਦਾ ਗਿਆ ਸੀ। ਇਸ ਦੌਰਾਨ ਉਨ੍ਹਾਂ ਦੀ ਪਤਨੀ ਵੱਖਰੇ ਤੌਰ ’ਤੇ ਅੰਮ੍ਰਿਤਸਰ ਪੁੱਜੀ ਸੀ ਜਿਨ੍ਹਾਂ ਨੇ ਕੁਝ ਸਮੇਂ ਲਈ ਅਦਾਲਤੀ ਕੰਪਲੈਕਸ ’ਚ ਸੰਜੈ ਸਿੰਘ ਨਾਲ ਮੁਲਾਕਾਤ ਕੀਤੀ। ਪੁਲੀਸ ਨੇ ਮੀਡੀਆ ਨੂੰ ਉਨ੍ਹਾਂ ਦੇ ਨੇੜੇ ਨਹੀਂ ਜਾਣ ਦਿੱਤਾ।

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੀ ਅੱਜ ਅਦਾਲਤ ਵਿੱਚ ਪੁੱਜੇ ਹੋਏ ਸਨ। ਇਸ ਦੌਰਾਨ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਸ ਖ਼ਿਲਾਫ਼ ਨਸ਼ਿਆਂ ਸਬੰਧੀ ਦੋਸ਼ ਲਾਉਣ ਵਾਲਾ ਅੱਜ ਖੁਦ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਜੇਲ੍ਹ ’ਚ ਬੰਦ ਹੈ। ਉਸ ਨੂੰ ਪੁਲੀਸ ਦੇ ਸੁਰੱਖਿਆ ਘੇਰੇ ਹੇਠ ਅੱਜ ਅਦਾਲਤ ਵਿੱਚ ਪੇਸ਼ੀ ਵਾਸਤੇ ਲਿਆਂਦਾ ਗਿਆ। ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਤੇ ਨਿਸ਼ਾਨਾ ਸੇਧਦਿਆਂ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਬਦਤਰ ਹੋ ਚੁੱਕੀ ਹੈ। ਬੀਤੇ ਦਿਨ ਅੰਮ੍ਰਿਤਸਰ ਵਿੱਚ ਕਈ ਅਹਿਮ ਸ਼ਖਸੀਅਤਾਂ ਹਾਜ਼ਰ ਸਨ ਜਿਨ੍ਹਾਂ ਨੂੰ ਵੀਵੀਆਈਪੀ ਸੁਰੱਖਿਆ ਮਿਲੀ ਹੋਈ ਹੈ ਪਰ ਇਸ ਦੇ ਬਾਵਜੂਦ ਅੰਮ੍ਰਿਤਸਰ ਵਿੱਚ ਇੱਕ ਪੁਲੀਸ ਮੁਲਾਜ਼ਮ ਦਾ ਕਤਲ ਹੋ ਗਿਆ। ‘ਆਪ’ ਦੇ ਇੱਕ ਆਗੂ ਸਬੰਧੀ ਵਿਵਾਦਤ ਵੀਡੀਓ ਬਾਰੇ ਉਨ੍ਹਾਂ ਕਿਹਾ ਉਹ ਇਹ ਵੀਡੀਓ ਮੁੱਖ ਮੰਤਰੀ ਨੂੰ ਸੌਂਪਣਾ ਚਾਹੁੰਦੇ ਸਨ ਪਰ ਹੁਣ ਮੁੱਖ ਮੰਤਰੀ ਵੀ ਸ਼ੱਕ ਦੇ ਘੇਰੇ ਵਿੱਚ ਹੈ। ਇਸ ਲਈ ਇਹ ਵੀਡੀਓ ਹੁਣ ਉਸ ਨੂੰ ਨਹੀਂ ਸੌਂਪਣਗੇ। ਹੁਣ ਉਹ ਇਹ ਵੀਡੀਓ ਸਿਰਫ ਅਰਵਿੰਦ ਕੇਜਰੀਵਾਲ ਨੂੰ ਹੀ ਸੌਂਪ ਸਕਦੇ ਹਨ।