ਤਿਲੰਗਾਨਾ ’ਚ ਬੀਆਰਐੱਸ ਸਰਕਾਰ ਦੀ ਮਿਆਦ ਪੁੱਗੀ: ਪ੍ਰਿਯੰਕਾ

ਤਿਲੰਗਾਨਾ ’ਚ ਬੀਆਰਐੱਸ ਸਰਕਾਰ ਦੀ ਮਿਆਦ ਪੁੱਗੀ: ਪ੍ਰਿਯੰਕਾ

ਕੇਸੀਆਰ ਸਰਕਾਰ ਹਰ ਫਰੰਟ ’ਤੇ ਫੇਲ੍ਹ ਕਰਾਰ
ਹੈਦਰਾਬਾਦ- ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਇੱਥੇ ਕਿਹਾ ਕਿ ਭਾਰਤ ਰਾਸ਼ਟਰ ਸਮਿਤੀ (ਬੀਆਰਐੱਸ) ਸਰਕਾਰ ਦੇ ਸ਼ਾਸਨ ਦੀ ਮਿਆਦ ਪੁੱਗ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਦੇ ਨੌਜਵਾਨਾਂ, ਮਹਿਲਾਵਾਂ ਅਤੇ ਕਿਸਾਨਾਂ ਨਾਲ ਅਨਿਆਂ ਹੋ ਰਿਹਾ ਹੈ। ਪ੍ਰਿਯੰਕਾ ਨੇ ਅੱਜ ਪਾਲਕੁਰਥੀ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਦੋਸ਼ ਲਾਇਆ ਕਿ ਤਿਲੰਗਾਨਾ ਵਿੱਚ ਮਹਿਲਾਵਾਂ ਨੂੰ ਹਿੰਸਕ ਅਪਰਾਧਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਸੂਬਾ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕੋਈ ਕਦਮ ਨਹੀਂ ਚੁੱਕਿਆ ਹੈ। ਉਨ੍ਹਾਂ ਸੂਬਾ ਸਰਕਾਰ ’ਤੇ ਲੋਕਾਂ ਦੀਆਂ ਉਮੀਦਾਂ ਉੱਤੇ ਖਰੇ ਨਾ ਉੱਤਰਨ ਦਾ ਦੋਸ਼ ਵੀ ਲਾਇਆ। ਕਾਂਗਰਸ ਨੇਤਾ ਨੇ ਕਿਹਾ, ‘‘ਪਿਛਲੇ 10 ਸਾਲਾਂ ਤੋਂ ਰਾਜ ਕਰ ਰਹੀ ਕੇਸੀਆਰ ਸਰਕਾਰ ਦੇ ਸ਼ਾਸਨ ਦਾ ਅੰਤ ਹੁਣ ਨੇੜੇ ਹੈ।’’ ਉਨ੍ਹਾਂ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਦੀ ਸਰਕਾਰ ’ਤੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਵਿੱਚ ਫੇਲ੍ਹ ਰਹਿਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਬੇਰੁਜ਼ਗਾਰੀ ਮਾਮਲੇ ਵਿੱਚ ਤਿਲੰਗਾਨਾ ਦੇਸ਼ ਵਿੱਚ ਪਹਿਲੇ ਨੰਬਰ ’ਤੇ ਹੈ। ਪ੍ਰਿਯੰਕਾ ਨੇ ਕਿਹਾ ਕਿ ਜੇਕਰ ਕਾਂਗਰਸ ਸੱਤਾ ਵਿੱਚ ਆਈ ਤਾਂ ਨੌਜਵਾਨਾਂ ਨੂੰ ਦੋ ਲੱਖ ਨੌਕਰੀਆਂ ਦਿੱਤੀਆਂ ਜਾਣਗੀਆਂ ਅਤੇ ਕਿਸਾਨਾਂ ਨੂੰ ਹਰ ਸਾਲ 15,000 ਰੁਪਏ ਦਾ ਮਾਣ-ਭੱਤਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਬਣਨ ’ਤੇ ਕਿਸਾਨਾਂ ਦਾ ਦੋ ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ। ਉਨ੍ਹਾਂ ਪਾਰਟੀ ਵੱਲੋਂ ਐਲਾਨੀਆਂ ਗਈਆਂ ਛੇ ਗਾਰੰਟੀਆਂ ਦੁਹਰਾਉਂਦਿਆਂ ਕਿਹਾ ਕਿ ਜੇਕਰ ਕਾਂਗਰਸ ਸੱਤਾ ਵਿੱਚ ਆਈ ਤਾਂ ਮਹਿਲਾਵਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਤੋਂ ਇਲਾਵਾ 500 ਰੁਪਏ ਵਿੱਚ ਐੱਲਪੀਜੀ ਸਿਲੰਡਰ ਮਿਲੇਗਾ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਸਰਕਾਰੀ ਬੱਸਾਂ ਵਿੱਚ ਮਹਿਲਾਵਾਂ ਲਈ ਮੁਫ਼ਤ ਸਫ਼ਰ ਦੀ ਸਹੂੁਲਤ ਦਿੱਤੀ ਜਾਵੇਗੀ।