ਸ਼ਹੀਦੀ ਪੰਦਰਵਾੜਾ: ਸ਼੍ਰੋਮਣੀ ਕਮੇਟੀ ਵੱਲੋਂ ਮਿੱਠੇ ਪਕਵਾਨ ਨਾ ਬਣਾਉਣ ਦੀ ਅਪੀਲ

ਸ਼ਹੀਦੀ ਪੰਦਰਵਾੜਾ: ਸ਼੍ਰੋਮਣੀ ਕਮੇਟੀ ਵੱਲੋਂ ਮਿੱਠੇ ਪਕਵਾਨ ਨਾ ਬਣਾਉਣ ਦੀ ਅਪੀਲ

ਫ਼ਤਹਿਗੜ੍ਹ ਸਾਹਿਬ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਚ ਗੱਠੜੀ ਘਰ ਅਤੇ ਜੋੜਾ ਘਰ ਦਾ ਉਦਘਾਟਨ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ਹੀਦੀ ਪੰਦਰਵਾੜੇ ਨੂੰ ਮੁੱਖ ਰੱਖਦਿਆਂ ਸਮੂਹ ਗੁਰਦੁਆਰਿਆਂ ਦੀਆਂ ਕਮੇਟੀਆਂ ਨੂੰ ਪਹਿਲੀ ਜਨਵਰੀ ਤੱਕ ਕਿਸੇ ਵੀ ਕਿਸਮ ਦਾ ਮਿੱਠਾ ਪਕਵਾਨ ਨਾ ਬਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਲੰਗਰ ਵਿੱਚ ਸਿਰਫ ਦਾਲ ਅਤੇ ਸਬਜ਼ੀ ਹੀ ਬਣਾਈ ਜਾਵੇ। ਇਸੇ ਤਰ੍ਹਾਂ ਉਨ੍ਹਾਂ ਨਗਰ ਕੀਰਤਨ ਸਮੇਂ 5 ਪਿਆਰਿਆਂ ਤੋਂ ਇਲਾਵਾ ਕਿਸੇ ਨੂੰ ਵੀ ਸਿਰੋਪਾ ਨਾ ਦੇਣ ਦੀ ਅਪੀਲ ਵੀ ਕੀਤੀ।

ਉਨ੍ਹਾਂ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਵਿਚ 26 ਦਸੰਬਰ ਤੋਂ ਸ਼ੁਰੂ ਹੋ ਰਹੀ ਸਭਾ ਲਈ ਅੱਜ ਤੋਂ ਹੀ ਵੱਡੀ ਗਿਣਤੀ ਸੰਗਤ ਪਹੁੰਚਣੀ ਸ਼ੁਰੂ ਹੋ ਗਈ ਹੈ। ਇਸ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਤਾ ਗੁਜਰੀ ਕਾਲਜ, ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਅਤੇ ਬਾਬਾ ਬੰਦਾ ਸਿੰਘ ਬਹਾਦਰ ਕਾਲਜ ਵਿਚ ਸੰਗਤ ਲਈ ਵੱਖ-ਵੱਖ ਤਰ੍ਹਾਂ ਦੇ ਪ੍ਰਬੰਧ ਕੀਤੇ ਹਨ। ਸੰਗਤ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੰਗਤ ਲਈ 15 ਪਾਰਕਿੰਗ ਸਥਾਨ ਬਣਾਏ ਗਏ ਹਨ। ਇਸ ਤੋਂ ਇਲਾਵਾ ਸਿਹਤ ਸੇਵਾਵਾਂ ਆਦਿ ਦੀ ਵੀ ਸਹੂਲਤ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼ਹੀਦੀ ਪੰਦਰਵਾੜੇ ਨੂੰ ਮੁੱਖ ਰੱਖਦਿਆਂ ਗੱਠੜੀ ਘਰ ਅਤੇ ਜੋੜਾ ਘਰ ਸਮੇਤ ਹੋਰ ਕਾਊਂਟਰ ਚਾਲੂ ਕੀਤੇ ਗਏ ਹਨ। ਇਨ੍ਹਾਂ ਨੂੰ ਬਾਬਾ ਬਚਨ ਸਿੰਘ ਕਾਰ ਸੇਵਾ ਵਾਲਿਆਂ ਨੇ ਤਿਆਰ ਕਰਵਾਇਆ ਹੈ। ਬਾਅਦ ਵਿਚ ਉਨ੍ਹਾਂ ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਪੰਜਾਬ ਦੇ ਅਹੁਦੇਦਾਰਾਂ ਨਾਲ ਇਤਿਹਾਸਕ ਜਹਾਜ਼ੀ ਹਵੇਲੀ ਤਿਆਰ ਕਰਨ ਸਬੰਧੀ ਮੀਟਿੰਗ ਕੀਤੀ। ਇਸ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਐੱਚ.ਸੀ ਅਰੋੜਾ ਅਤੇ ਸਨਦੀਪ ਸਿੰਘ ਵਾਲੀਆ ਨੇ ਵੀ ਸ਼ਮੂਲੀਅਤ ਕੀਤੀ। ਇਸੇ ਤਰ੍ਹਾਂ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਅਕਾਲੀ ਆਗੂਆਂ ਨਾਲ ਵੀ ਸ਼ਹੀਦੀ ਸਭਾ ਦੇ ਪ੍ਰਬੰਧਾਂ ਸਬੰਧੀ ਮੀਟਿੰਗ ਕੀਤੀ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਜਗਦੀਪ ਸਿੰਘ ਚੀਮਾ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਅਕਾਲੀ ਦਲ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਸ਼ਹਿਰੀ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਮਕਾਰੋਂਪੁਰ, ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ, ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ, ਮੈਨੇਜਰ ਗੁਰਦੀਪ ਸਿੰਘ ਕੰਗ, ਐਡਵੋਕਟ ਅਮਰਦੀਪ ਸਿੰਘ ਧਾਰਨੀ, ਬਸੀ ਪਠਾਣਾਂ ਹਲਕੇ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਅਤੇ ਰਣਬੀਰ ਸਿੰਘ ਪੂਨੀਆਂ ਮੌਜੂਦ ਸਨ।