ਜਥੇਦਾਰ ਕਾਉਂਕੇ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਵਿਖੇ ਅਰਦਾਸ ਸਮਾਗਮ

ਜਥੇਦਾਰ ਕਾਉਂਕੇ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਵਿਖੇ ਅਰਦਾਸ ਸਮਾਗਮ

ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਕਾਉਂਕੇ ਨੂੰ ਕੌਮੀ ਸ਼ਹੀਦ ਐਲਾਨਣ ਦੀ ਮੰਗ; ਪਰਿਵਾਰਕ ਮੈਂਬਰਾਂ ਦਾ ਕੀਤਾ ਸਨਮਾਨ
ਅੰਮ੍ਰਿਤਸਰ- ਪੁਲੀਸ ਤਸ਼ੱਦਦ ਨਾਲ 1992-93 ਵਿੱਚ ਮਾਰੇ ਗਏ ਉਸ ਵੇਲੇ ਦੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨਮਿੱਤ ਅਖੰਡ ਪਾਠ ਦੇ ਭੋਗ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਵਿਖੇ ਪਾਏ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਉਹ ਭਾਈ ਕਾਉਂਕੇ ਨੂੰ ਕੌਮੀ ਸ਼ਹੀਦ ਐਲਾਨਣ। ਅਰਦਾਸ ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਜਥੇਦਾਰ ਕਾਉਂਕੇ ਦੀ ਪਤਨੀ ਬੀਬੀ ਗੁਰਮੇਲ ਕੌਰ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ।

ਅਖੰਡ ਪਾਠ ਦੇ ਭੋਗ ਮਗਰੋਂ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਲਗਪਗ 31 ਸਾਲ ਪਹਿਲਾਂ ਭਾਈ ਕਾਉਂਕੇ ਦੀ ਸ਼ਹਾਦਤ ਤਤਕਾਲੀ ਸਰਕਾਰ ਦੇ ਅਣਮਨੁੱਖੀ ਕਾਰੇ ਦੀ ਸਿਖ਼ਰ ਹੈ। ਇਸ ਦੌਰ ਵਿੱਚ ਹਜ਼ਾਰਾਂ ਬੇਦੋਸ਼ੇ ਸਿੱਖ ਨੌਜਵਾਨਾਂ ਨੂੰ ਮਿੱਥ ਕੇ ਕਤਲ ਕੀਤਾ ਗਿਆ ਜੋ ਕਿ ਲੋਕਤੰਤਰ ਦੇ ਨਾਂ ’ਤੇ ਕਾਲਾ ਧੱਬਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਜਥੇਦਾਰ ਕਾਉਂਕੇ ਦੇ ਕਤਲ ਮਾਮਲੇ ’ਚ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਲਈ ਕਿਹਾ ਗਿਆ ਹੈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਉਹ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨੂੰ ਕੌਮੀ ਸ਼ਹੀਦ ਦਾ ਸਨਮਾਨ ਦੇਣ ਲਈ ਵਿਚਾਰ ਕਰਨ। ਉਹ ਪੰਥਪ੍ਰਸਤ ਅਤੇ ਸਿੱਖੀ ਨੂੰ ਸਮਰਪਿਤ ਗੁਰਸਿੱਖ ਸਨ, ਜਿਨ੍ਹਾਂ ਦੀ ਕੁਰਬਾਨੀ ਨੂੰ ਕੌਮ ਹਮੇਸ਼ਾ ਸਤਿਕਾਰ ਦਿੰਦੀ ਰਹੇਗੀ। ਉਨ੍ਹਾਂ ਕਿਹਾ ਕਿ ਜਥੇਦਾਰ ਕਾਉਂਕੇ ਵਾਂਗ ਉਸ ਵੇਲੇ 25,000 ਤੋਂ ਵੱਧ ਸਿੱਖ ਨੌਜਵਾਨਾਂ ਨੂੰ ਪੁਲੀਸ ਵੱਲੋਂ ਮਾਰ ਦਿੱਤਾ ਗਿਆ, ਜਿਸ ਬਾਰੇ ਮਨੁੱਖੀ ਅਧਿਕਾਰਾਂ ਦੇ ਕਾਰਕੁਨ ਜਸਵੰਤ ਸਿੰਘ ਖਾਲੜਾ ਨੇ ਖੁਲਾਸਾ ਕਰ ਕੇ ਸਰਕਾਰ ਦਾ ਅਸਲੀ ਚਿਹਰਾ ਲੋਕਾਂ ਸਾਹਮਣੇ ਨੰਗਾ ਕੀਤਾ ਸੀ। ਉਨ੍ਹਾਂ ਕਿਹਾ ਕਿ ਸਿੱਖ ਨੌਜਵਾਨਾਂ ਦੇ ਹਰੇਕ ਕਾਤਲ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਜਥੇਦਾਰ ਕਾਉਂਕੇ ਦੀ ਤਸਵੀਰ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਹੀ ਕੇਂਦਰੀ ਸਿੱਖ ਅਜਾਇਬਘਰ ਵਿੱਚ ਸਥਾਪਤ ਕੀਤੀ ਹੋਈ ਹੈ।

ਇਸ ਮੌਕੇ ਭਾਈ ਕਾਉਂਕੇ ਦੀ ਪਤਨੀ ਬੀਬੀ ਗੁਰਮੇਲ ਕੌਰ, ਪਰਿਵਾਰਕ ਮੈਂਬਰਾਂ ਬੀਬੀ ਪਵਨਜੀਤ ਕੌਰ, ਅਜੀਤ ਸਿੰਘ ਤੇ ਸਾਬਕਾ ਸਰਪੰਚ ਮਨਜਿੰਦਰ ਸਿੰਘ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ। ਅਰਦਾਸ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਕਮੇਟੀ ਮੈਂਬਰ ਖੁਸ਼ਿਵੰਦਰ ਸਿੰਘ ਭਾਟੀਆ, ਬੀਬੀ ਹਰਦੀਪ ਕੌਰ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਗੁਰਚਰਨ ਸਿੰਘ ਗਰੇਵਾਲ, ਅਮਰਜੀਤ ਸਿੰਘ ਚਾਵਲਾ, ਅਲਵਿੰਦਰਪਾਲ ਸਿੰਘ ਪੱਖੋਕੇ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ, ਸੁਰਜੀਤ ਸਿੰਘ ਭਿੱਟੇਵੱਡ, ਸ਼੍ਰੋਮਣੀ ਕਮੇਟੀ ਮੈਂਬਰ, ਭਾਈ ਜਸਬੀਰ ਸਿੰਘ ਰੋਡੇ, ਦਲ ਖ਼ਾਲਸਾ ਦੇ ਕੰਵਰਪਾਲ ਸਿੰਘ, ਨਰੈਣ ਸਿੰਘ ਚੌੜਾ, ਭਾਈ ਮੋਹਕਮ ਸਿੰਘ, ਭਾਈ ਮਨਜੀਤ ਸਿੰਘ ਭੋਮਾ, ਉਪਕਾਰ ਸਿੰਘ ਸੰਧੂ, ਭਾਈ ਬਲਵੰਤ ਸਿੰਘ ਗੋਪਾਲਾ ਤੇ ਸਤਨਾਮ ਸਿੰਘ ਮਨਾਵਾਂ ਵੀ ਮੌਜੂਦ ਸਨ।